ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਐੱਸਆਈਆਰ : ਡੀਸੀ
ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਜਿਲ੍ਹੇ ’ਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ : ਡੀਸੀ
Publish Date: Fri, 29 May 2026 04:11 PM (IST)
Updated Date: Fri, 29 May 2026 04:13 PM (IST)

ਸੁਖਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਸ੍ਰੀ ਮੁਕਤਸਰ ਸਾਹਿਬ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ( ਐਸਆਈਆਰ) ਨੂੰ ਪੂਰੀ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵਲੋਂ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਪੰਜਾਬ ਰਾਜ ’ਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸਆਈਆਰ) ਅਧੀਨ ਜਿਲ੍ਹੇ ਵਿੱਚ 25 ਜੂਨ,2026 ਤੋਂ 24 ਜੁਲਾਈ, 2026 ਤੱਕ ਬੀਐਲਓਜ਼ ਘਰੋਂ-ਘਰੀਂ ਜਾ ਕੇ ਵੋਟਰਜ਼ ਦੇ ਇਨੁਮੀਰੇਸ਼ਨ ਫਾਰਮ ਭਰਵਾਉਣਗੇ ਅਤੇ ਭਰੇ ਹੋਏ ਫਾਰਮਾਂ ਨੂੰ ਵੋਟਰਾਂ ਪਾਸੋਂ ਵਾਪਿਸ ਇੱਕਤਰ ਕਰਨ ਉਪਰੰਤ ਬੂਥ ਲੈਵਲ ਅਫਸਰ ਇਨ੍ਹਾਂ ਨੂੰ ਭਾਰਤ ਚੋਣ ਕਮਿਸ਼ਨ ਦੀ ਐਪਲੀਕੇਸ਼ਨ ’ਚ ਅਪਲੋਡ ਕਰਨਗੇ। ਇਸ ਕਾਰਜ ਲਈ 753 ਬੀਐਲਓਜ, 81 ਸੁਪਰਵਾਈਜ਼ਰ, 4 ਈਆਰਓਜ਼ ਅਤੇ 8 ਏਈਆਰਓਜ਼ ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹਰੇਕ ਬੀਐਲਓ ਨੂੰ ਔਸਤ 300 ਘਰ ਅਤੇ 1200 ਵੋਟਰ ਹੀ ਐਸਆਈਆਰ ਲਈ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁੱਖ ਚੋਣ ਅਫਸਰ ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹੇ ’ਚ ਐਸਆਈਆਰ ਕਰਵਾਉਣ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਐਸਆਈਆਰ ਸਬੰਧੀ ਬੀਐਲਓਜ਼ ਨੂੰ ਟਰੇਨਿੰਗ ਦੇਣ ਦਾ ਕੰਮ 16 ਜੂਨ 2026 ਤੋਂ 20 ਜੂਨ 2026 ਤੱਕ ਕੀਤਾ ਜਾਵੇਗਾ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਦੋਹਰੀ ਵੋਟ ਰੱਖਣਾ ਭਾਰਤੀ ਸੰਵਿਧਾਨ ਅਨੁਸਾਰ ਅਪਰਾਧ ਹੈ ਜਿਸ ਲਈ ਇੱਕ ਸਾਲ ਤੱਕ ਦੀ ਕੈਦ ਦੀ ਸਜ਼ਾ ਹੈ। ਉਹਨਾਂ ਦੱਸਿਆ ਕਿ ਦਫ਼ਤਰ ਜਿਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਕੀਤੀ ਗਈ ਪ੍ਰੀ ਐਸ.ਆਈ.ਆਰ.ਮੈਪਿੰਗ ਦੇ ਤਹਿਤ ਜ਼ਿਲ੍ਹੇ ਦੇ 693302 ਵੋਟਰਾਂ ਵਿੱਚੋਂ 640274 ਵੋਟਰਾਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ ਜੋ ਕਿ ਕੁੱਲ ਵੋਟਰਾਂ ਦਾ 92.35 ਫੀਸਦ ਬਣਦੀ ਹੈ। ਇਸ ਦੇ ਨਾਲ ਹੀ ਐਸ.ਆਈ.ਆਰ. ਬਾਰੇ ਹੋਰ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਕਰਨ ਦਾ ਕੰਮ ਮਿਤੀ 24-07-2026 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦਾ ਖਰੜਾ ਮਿਤੀ 31-07-2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਮਿਤੀ 31-07-2026 ਤੋਂ ਮਿਤੀ 30-08-2026 ਤੱਕ ਪੇਸ਼ ਕੀਤੇ ਜਾ ਸਕਦੇ ਹਨ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਮਿਤੀ 31-07-2026 ਤੋਂ ਮਿਤੀ 28-09-2026 ਤੱਕ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਮਿਤੀ 01-10-2026 ਨੂੰ ਕੀਤੀ ਜਾਵੇਗੀ। ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਕਰਵਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ’ਚ ਬੀਐਲਓਜ਼ ਨੂੰ ਪੂਰਾ ਸਹਿਯੋਗ ਕਰਨ। ਉਨ੍ਹਾਂ ਜ਼ਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹੇ ਦੇ ਹਰੇਕ ਬੂਥ ਤੇ ਆਪਣੇ ਬੂਥ ਲੈਵਲ ਏਜੰਟ ਜ਼ਰੂਰ ਨਿਯੁਕਤ ਕਰਨ ਤਾਂ ਜੋ ਇਹ ਕਾਰਜ ਨਿਰਵਿਘਨ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਸਪੈਸ਼ਲ ਇੰਨਟੈਸਿਵ ਰਿਵੀਜ਼ਨ ਦੇ ਹਰੇਕ ਪੜਾਅ ’ਤੇ ਰਾਜਨੀਤਿਕ ਪਾਰਟੀਆਂ ਨੂੰ ਸ਼ਾਮਲ ਕੀਤਾ ਜਾਵੇਗਾ।