ਸ਼ਰਾਰਤੀ ਅਨਸਰਾਂ ਤੇ ਗੈਂਗਸਟਰ ਨੈਟਵਰਕਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ : ਐੱਸਐੱਸਪੀ ਰਾਣਾ
ਗੈਂਗਸਟਰਾਂ ਤੇ ਵਾਰ” ਮੁਹਿੰਮ ਤਹਿਤ ਜ਼ਿਲ੍ਹਾ ਸੁਧਾਰ ਘਰ ’ਚ ਵਿਸ਼ੇਸ਼ ਅਚਾਨਕ ਤਲਾਸ਼ੀ ਮੁਹਿੰਮ
Publish Date: Fri, 23 Jan 2026 08:01 PM (IST)
Updated Date: Fri, 23 Jan 2026 08:03 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਤੇ ਡੀਜੀਪੀ ਪੰਜਾਬ ਵੱਲੋਂ ਗੈਂਗਸਟਰਾਂ, ਸ਼ਰਾਰਤੀ ਅਨਸਰਾਂ ਅਤੇ ਗੈਰਕਾਨੂੰਨੀ ਅਪਰਾਧਿਕ ਨੈਟਵਰਕਾਂ ਖ਼ਿਲਾਫ਼ ਚਲਾਈ ਜਾ ਰਹੀ ਸੂਬਾ ਪੱਧਰੀ ਮੁਹਿੰਮ “ਗੈਂਗਸਟਰਾਂ ਤੇ ਵਾਰ” ਦੇ ਤਹਿਤ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਅਭਿਮੰਨਿਊ ਰਾਣਾ ਦੀ ਨਿਗਰਾਨੀ ਹੇਠ ਜਿਲਾ ਪੁਲਿਸ ਵੱਲੋਂ ਅੱਜ ਜ਼ਿਲ੍ਹਾ ਸੁਧਾਰ ਘਰ (ਜੇਲ੍ਹ) ’ਚ ਇੱਕ ਵਿਸ਼ੇਸ਼ ਅਤੇ ਅਚਾਨਕ ਤਲਾਸ਼ੀ ਮੁਹਿੰਮ ਚਲਾਈ ਗਈ। ਇਹ ਸਰਚ ਅਭਿਆਨ ਲੋਕਾਂ ਦੀ ਸੁਰੱਖਿਆ, ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨ ਅਤੇ ਜੇਲ੍ਹ ਪ੍ਰਬੰਧਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਕੀਤਾ ਗਿਆ। ਜੇਲ੍ਹ ਪ੍ਰਬੰਧਕਾਂ ਤੇ ਪੁਲਿਸ ਦਾ ਸਾਂਝਾ ਅਭਿਆਨ ਇਹ ਵਿਸ਼ੇਸ਼ ਤਲਾਸ਼ੀ ਮੁਹਿੰਮ ਜੇਲ੍ਹ ਸੁਪਰਡੈਂਟ ਨਵਦੀਪ ਸਿੰਘ ਬਹਿਨੀਵਾਲ, ਗਗਨੇਸ਼ ਕੁਮਾਰ (ਐਸਪੀ), ਰਾਹੁਲ ਗ੍ਰੋਵਰ (ਡਿਪਟੀ ਸੁਪਰਡੈਂਟ) ਦੇ ਸਹਿਯੋਗ ਨਾਲ ਅਤੇ ਬਚਨ ਸਿੰਘ ਡੀਐਸਪੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਚਲਾਈ ਗਈ। ਇਸ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਤੋਂ ਤਕਰੀਬਨ 120 ਤੋਂ ਵੱਧ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਮੌਕੇ ‘ਤੇ ਤਾਇਨਾਤ ਰਹੇ। ਅਧਿਕਾਰੀਆਂ ਨੇ ਦੱਸਿਆ ਕਿ ਜੇਲ੍ਹਾਂ ਦੀ ਅੰਦਰੂਨੀ ਸੁਰੱਖਿਆ ‘ਤੇ ਲਗਾਤਾਰ ਨਜ਼ਰ ਰੱਖਣਾ ਬਹੁਤ ਜ਼ਰੂਰੀ ਹੈ ਕਿਉਂਕਿ ਕਈ ਵਾਰ ਅਪਰਾਧਿਕ ਤੱਤ ਜੇਲ੍ਹ ਅੰਦਰੋਂ ਹੀ ਗੈਰਕਾਨੂੰਨੀ ਸਰਗਰਮੀਆਂ ਨੂੰ ਚਲਾਉਣ ਦੀ ਕੋਸ਼ਿਸ਼ ਕਰਦੇ ਹਨ। ਇਸ ਲਈ ਜੇਲ੍ਹ ਅੰਦਰ ਅਨੁਸ਼ਾਸਨ, ਕਾਨੂੰਨੀ ਪਾਬੰਦੀਆਂ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਅਜਿਹੀਆਂ ਅਚਾਨਕ ਤਲਾਸ਼ੀ ਮੁਹਿੰਮਾਂ ਸਮੇਂ-ਸਮੇਂ ‘ਤੇ ਕੀਤੀਆਂ ਜਾਂਦੀਆਂ ਹਨ। ਜੇਲ੍ਹ ਅੰਦਰ ਗੈਰਕਾਨੂੰਨੀ ਨੈਟਵਰਕਾਂ ਖ਼ਿਲਾਫ਼ ਕਾਰਵਾਈ ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਜੇਲ੍ਹ ਅੰਦਰ ਬੰਦ ਗੈਂਗਸਟਰਾਂ, ਨਸ਼ਾ ਤਸਕਰਾਂ ਜਾਂ ਹੋਰ ਅਪਰਾਧਿਕ ਤੱਤਾਂ ਨੂੰ ਕਿਸੇ ਵੀ ਤਰੀਕੇ ਨਾਲ ਬਾਹਰੀ ਸੰਪਰਕ ਬਣਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸ੍ਰੀ ਮੁਕਤਸਰ ਸਾਹਿਬ ਪੁਲਿਸ ਦਾ ਉਦੇਸ਼ ਕੇਵਲ ਤਲਾਸ਼ੀ ਮੁਹਿੰਮ ਤੱਕ ਸੀਮਿਤ ਨਹੀਂ, ਸਗੋਂ ਜੇਲ੍ਹ ਅੰਦਰੋਂ ਚਲ ਰਹੇ ਜਾਂ ਸੰਭਾਵੀ ਗੈਰਕਾਨੂੰਨੀ ਨੈਟਵਰਕਾਂ ਨੂੰ ਪੂਰੀ ਤਰ੍ਹਾਂ ਤੋੜਨਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹਰ ਅਜਿਹੀ ਕਾਰਵਾਈ ਤੋਂ ਬਾਅਦ ਵਿਸਥਾਰਪੂਰਕ ਰਿਪੋਰਟ ਤਿਆਰ ਕੀਤੀ ਜਾਂਦੀ ਹੈ ਅਤੇ ਉਸ ਦੇ ਆਧਾਰ ‘ਤੇ ਲੋੜੀਂਦੇ ਕਾਨੂੰਨੀ ਕਦਮ ਚੁੱਕੇ ਜਾਂਦੇ ਹਨ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਸਰਗਰਮੀ ਨੂੰ ਰੋਕਿਆ ਜਾ ਸਕੇ। ਅੱਗੇ ਵੀ ਜਾਰੀ ਰਹਿਣਗੀਆਂ ਅਜਿਹੀਆਂ ਮੁਹਿੰਮਾਂ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਸਪੱਸ਼ਟ ਕੀਤਾ ਕਿ ਜਨਤਕ ਸੁਰੱਖਿਆ, ਅਮਨ-ਕਾਨੂੰਨ ਅਤੇ ਨਸ਼ਿਆਂ ਖ਼ਿਲਾਫ਼ ਚਲ ਰਹੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਅਗਾਮੀ ਸਮੇਂ ਵਿੱਚ ਵੀ ਇਸ ਤਰ੍ਹਾਂ ਦੀਆਂ ਅਚਾਨਕ ਸਰਚ ਅਤੇ ਚੈਕਿੰਗ ਕਾਰਵਾਈਆਂ ਨਿਰੰਤਰ ਜਾਰੀ ਰਹਿਣਗੀਆਂ। ਜੇਲ੍ਹ ਅੰਦਰੋਂ ਨਸ਼ਾ ਤਸਕਰੀ ਜਾਂ ਗੈਰਕਾਨੂੰਨੀ ਗਤੀਵਿਧੀਆਂ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ। ਅੰਤ ਵਿੱਚ ਪੁਲਿਸ ਵੱਲੋਂ ਦੁਹਰਾਇਆ ਗਿਆ ਕਿ ਸ੍ਰੀ ਮੁਕਤਸਰ ਸਾਹਿਬ ਪੁਲਿਸ ਜਨਤਾ ਦੀ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਕਾਇਮ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਹਰ ਤੱਤ ਖ਼ਿਲਾਫ਼ ਸਖ਼ਤ ਅਤੇ ਨਿਰੰਤਰ ਕਾਰਵਾਈ ਜਾਰੀ ਰਹੇਗੀ। ਸਰਚ ਅਭਿਆਨ ਦੌਰਾਨ ਕੀਤੀਆਂ ਗਈਆਂ ਮੁੱਖ ਕਾਰਵਾਈਆਂ -ਜੇਲ੍ਹ ਦੀਆਂ ਸਾਰੀਆਂ ਬੈਰਕਾਂ, ਵਾਰਡਾਂ ਅਤੇ ਸਹਾਇਕ ਇਲਾਕਿਆਂ ਦੀ ਵਿਸਥਾਰਪੂਰਕ ਅਤੇ ਗਹਿਰਾਈ ਨਾਲ ਜਾਂਚ ਕੀਤੀ ਗਈ। -ਕੈਦੀਆਂ ਅਤੇ ਹਵਾਲਾਤੀਆਂ ਦੀ ਨਿੱਜੀ ਤਲਾਸ਼ੀ ਲੈ ਕੇ ਉਨ੍ਹਾਂ ਦੇ ਸਮਾਨ ਦੀ ਪੂਰੀ ਤਰ੍ਹਾਂ ਚੈਕਿੰਗ ਕੀਤੀ ਗਈ। -ਜੇਲ੍ਹ ਦੇ ਅੰਦਰੂਨੀ ਅਤੇ ਬਾਹਰੀ ਆਵਾਜਾਈ ਰਸਤੇ, ਕੰਧਾਂ ਦੇ ਕੋਨੇ, ਬਾਥਰੂਮ, ਸਟੋਰ ਅਤੇ ਹੋਰ ਸੰਦੇਹਪੂਰਨ ਥਾਵਾਂ ਦੀ ਖਾਸ ਤੌਰ ‘ਤੇ ਜਾਂਚ ਕੀਤੀ ਗਈ। -ਕੁਝ ਸ਼ੱਕੀ ਵਿਅਕਤੀਆਂ ਨਾਲ ਪੁੱਛਗਿੱਛ ਕਰਕੇ ਸੰਭਾਵੀ ਗੈਰਕਾਨੂੰਨੀ ਗਤੀਵਿਧੀਆਂ ਸਬੰਧੀ ਜਾਣਕਾਰੀ ਇਕੱਤਰ ਕੀਤੀ ਗਈ।