ਨਸ਼ਿਆਂ ਖਿਲਾਫ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਕਾਰਵਾਈ

ਪੰਜਾਬੀ ਜਾਗਰਣ ਰਿਪੋਰਟਰ, ਸ੍ਰੀ ਮੁਕਤਸਰ ਸਾਹਿਬ : ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਡੀਜੀਪੀ ਪੰਜਾਬ ਗੋਰਵ ਯਾਦਵ ਅਤੇ ਫਰੀਦਕੋਟ ਰੇਂਜ ਦੀ ਡੀਆਈਜੀ ਨਿਲਾਂਬਰੀ ਜਗਦਲੇ ਵਿਜੇ, ਆਈਪੀਐਸ ਦੀਆਂ ਹਦਾਇਤਾਂ ਅਨੁਸਾਰ, ਐਸਐਸਪੀ ਸ੍ਰੀ ਮੁਕਤਸਰ ਸਾਹਿਬ ਅਭਿਮੰਨਿਊ ਰਾਣਾ, ਆਈਪੀਐਸ ਦੀ ਅਗਵਾਈ ਹੇਠ ਇਕੋ ਸਮੇਂ ਜ਼ਿਲ੍ਹੇ ਦੀਆਂ ਚਾਰੇ ਸਬ ਡਿਵੀਜ਼ਨਾਂ (ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ) ’ਚ ਸਰਚ ਓਪਰੇਸ਼ਨ (ਕਾਸੋ) ਕੀਤਾ ਗਿਆ। ਇਸ ਦੌਰਾਨ ਬਚਨ ਸਿੰਘ ਡੀਐਸਪੀ (ਸ੍ਰੀ ਮੁਕਤਸਰ ਸਾਹਿਬ), ਹਰਜੀਤ ਸਿੰਘ ਡੀਐਸਪੀ (CAW & C), ਰਛਪਾਲ ਸਿੰਘ ਡੀਐਸਪੀ (ਡੀ), ਜਤਿੰਦਰ ਸਿੰਘ ਡੀਐਸਪੀ (ਗਿੱਦੜਬਾਹਾ), ਹਰਬੰਸ ਸਿੰਘ ਡੀਐਸਪੀ (ਲੰਬੀ), ਸਮੇਤ ਮੁੱਖ ਅਫਸਰਾਂਨ ਥਾਣਾ ਸਮੇਤ 520 ਦੇ ਕਰੀਬ ਪੁਲਿਸ ਅਧਿਕਾਰੀ/ਕਰਮਚਾਰੀ ਤਾਇਨਾਤ ਕੀਤੇ ਗਏ ਸਨ। ਸਰਚ ਮੁਹਿੰਮ ਦੌਰਾਨ ਪੁਲਿਸ ਵੱਲੋਂ ਏਰੀਏ ਨੂੰ ਸੀਲ ਕੀਤਾ ਗਿਆ ਅਤੇ ਨਾਕਾਬੰਦੀ ਕਰਕੇ ਨਸ਼ਾ ਤਕਸਰਾਂ, ਵਾਹਨਾਂ ਅਤੇ ਸ਼ੱਕੀ ਨੰਬਰ ਪਲੇਟਾਂ ਵਾਲੀਆਂ ਗੱਡੀਆਂ ਦੀ ਜਾਂਚ ਲਈ ਵਾਹਨ ਐਪ ਦੀ ਮਦਦ ਲਈ ਗਈ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਪੈਸ ਐਪ ਦੀ ਵਰਤੋਂ ਕੀਤੀ ਗਈ। ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਖਾਸ ਤੌਰ ਤੇ ਆਵਾਜਾਈ ਵਾਲੀਆਂ ਜਗ੍ਹਾਵਾਂ ਜਿਵੇਂ ਬੱਸ ਅੱਡਿਆਂ ਅਤੇ ਰੇਲਵੇ ਸਟੇਸ਼ਨਾਂ 'ਤੇ ਵਿਸ਼ੇਸ਼ ਤੌਰ ਤੇ ਟੀਮਾਂ ਤਾਇਨਾਤ ਕਰਕੇ ਬੱਸਾਂ ਤੇ ਰੇਲਵੇ ਸਟੇਸ਼ਨਾਂ ਦੀ ਚੈਕਿੰਗ ਕੀਤੀ ਗਈ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਸ਼ਹਿਰਾਂ ਅਤੇ ਮਹੱਲਿਆਂ ਵਿੱਚ, ਜਿੱਥੇ ਨਸ਼ਾ ਤਸਕਰਾਂ ਖ਼ਿਲਾਫ ਪਹਿਲਾਂ ਵੀ ਮੁਕੱਦਮੇ ਦਰਜ ਹਨ, ਉਨ੍ਹਾਂ ਦੇ ਰਿਸ਼ਤੇਦਾਰਾਂ, ਸਾਥੀਆਂ ਅਤੇ ਸੰਭਾਵਿਤ ਟਿਕਾਣਿਆਂ ‘ਤੇ ਵਿਸ਼ੇਸ਼ ਸਰਚ ਮੁਹਿੰਮ ਚਲਾਈ ਗਈ। ਇਸ ਦੌਰਾਨ ਸਭ ਤੋਂ ਪਹਿਲਾਂ ਸੰਬੰਧਿਤ ਇਲਾਕਿਆਂ ਨੂੰ ਪੂਰੀ ਤਰ੍ਹਾਂ ਸੀਲ ਕਰਕੇ ਨਾਕਾਬੰਦੀ ਕੀਤੀ ਗਈ, ਜਿਸ ਤੋਂ ਬਾਅਦ ਵੱਖ-ਵੱਖ ਪੁਲਿਸ ਟੀਮਾਂ ਬਣਾਕੇ ਸੁਚੱਜੇ ਢੰਗ ਨਾਲ ਤਲਾਸ਼ੀ ਅਭਿਆਨ ਅਮਲ ਵਿੱਚ ਲਿਆਂਦਾ ਗਿਆ। ਇਹ ਕਾਰਵਾਈ ਖ਼ਾਸ ਤੌਰ ‘ਤੇ ਉਨ੍ਹਾਂ ਵਿਅਕਤੀਆਂ ਦੇ ਟਿਕਾਣਿਆਂ ‘ਤੇ ਕੇਂਦਰਿਤ ਰਹੀ ਜੋ ਪਹਿਲਾਂ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਸ਼ਾਮਲ ਰਹੇ ਹਨ ਜਾਂ ਜਿਨ੍ਹਾਂ ਬਾਰੇ ਪੁਲਿਸ ਨੂੰ ਜਾਣਕਾਰੀ ਸੀ , ਉਹਨਾਂ ਦੀ ਚੈਕਿੰਗ ਕੀਤੀ ਗਈ।
ਐਸਐਸਪੀ ਨੇ ਸਪਸ਼ਟ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਧਰਤੀ 'ਤੇ ਨਸ਼ਿਆਂ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਲਗਾਤਾਰ ਸਖ਼ਤ ਤਰੀਕੇ ਨਾਲ ਸਰਚ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਇਹ ਕਾਰਵਾਈ ਭਵਿੱਖ ਵਿੱਚ ਹੋਰ ਵੀ ਤੇਜ਼ ਕੀਤੀ ਜਾਵੇਗੀ। ਉਨ੍ਹਾਂ ਜਾਣਕਾਰੀ ਦਿੱਤੀ ਕਿ ਨਸ਼ਿਆਂ ਤੋਂ ਕਮਾਈ ਹੋਈ ਗੈਰਕਾਨੂੰਨੀ ਜਾਇਦਾਦ ਨੂੰ ਵੀ ਕਾਨੂੰਨ ਅਨੁਸਾਰ ਫਰੀਜ਼ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਜੰਗ ਸਿਰਫ਼ ਪੁਲਿਸ ਜਾਂ ਕਿਸੇ ਇਕ ਸੰਸਥਾ ਦੀ ਨਹੀਂ, ਸਗੋਂ ਪੂਰੇ ਸਮਾਜ ਦੀ ਜ਼ਿੰਮੇਵਾਰੀ ਹੈ। ਜਿੱਥੇ ਪੁਲਿਸ ਆਪਣਾ ਫਰਜ਼ ਨਿਭਾ ਰਹੀ ਹੈ, ਓਥੇ ਆਮ ਲੋਕਾਂ ਨੂੰ ਵੀ ਅੱਗੇ ਆ ਕੇ ਪੁਲਿਸ ਦਾ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਨਸ਼ਾ ਤਸਕਰਾਂ ਖਿਲਾਫ ਆਧੁਨਿਕ ਤਰੀਕਿਆਂ ਨਾਲ ਨਿਗਰਾਨੀ ਰੱਖੀ ਜਾ ਰਹੀ ਹੈ। ਇਸਦੇ ਨਾਲ ਹੀ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਕੋਲ ਨਸ਼ਿਆਂ ਸਬੰਧੀ ਕੋਈ ਵੀ ਜਾਣਕਾਰੀ ਹੋਵੇ ਤਾਂ ਉਸਨੂੰ ਬਿਨਾ ਡਰ ਦੇ ਹੇਠ ਲਿਖੇ ਨੰਬਰਾਂ ਤੇ ਪੁਲਿਸ ਨਾਲ ਸਾਂਝਾ ਕਰਨ ਤੁਹਾਡੀ ਪਛਾਣ ਗੁਪਤ ਰੱਖੀ ਜਾਵੇਗੀ।