ਨਗਰ ਕੌਂਸਲ ਚੋਣਾਂ ਲਈ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਤਿਆਰੀਆਂ ਮੁਕੰਮਲ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਨਗਰ ਕੌਂਸਲ ਚੋਣਾਂ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਭੈ-ਮੁਕਤ ਮਾਹੌਲ ’ਚ ਕਰਵਾਉਣ ਲਈ ਜ਼ਿਲ੍ਹਾ ਪੁਲਿਸ ਸ੍ਰੀ ਮੁਕਤਸਰ ਸਾਹਿਬ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਹ ਜਾਣਕਾਰੀ ਦਿੰਦਿਆਂ ਐੱਸਐੱਸਪੀ ਸ੍ਰੀ ਮੁਕਤਸਰ ਸਾਹਿਬ ਅਭਿਮੰਨਿਊ ਰਾਣਾ ਨੇ ਦੱਸਿਆ ਕਿ ਪੂਰੇ ਜ਼ਿਲ੍ਹੇ ’ਚ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਅਤੇ ਹਰ ਸੰਵੇਦਨਸ਼ੀਲ ਖੇਤਰ ’ਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਗਏ ਹਨ। ਐੱਸਐੱਸਪੀ ਰਾਣਾ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਸਮੇਤ ਚਾਰੇ ਸਬ-ਡਿਵੀਜ਼ਨਾਂ ’ਚ ਵਿਸ਼ੇਸ਼ ਸਰਚ ਆਪਰੇਸ਼ਨ ਚਲਾਏ ਜਾ ਰਹੇ ਹਨ। ਜ਼ਿਲ੍ਹੇ ਭਰ ’ਚ ਤੋਂ ਵੱਧ ਨਾਕੇ ਲਗਾ ਕੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਲਗਾਤਾਰ ਅਤੇ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸਤੋਂ ਇਲਾਵਾ ਸਿਟੀ ਸੀਲਿੰਗ ਦੇ 31 ਨਾਕੇ ਲਗਾਏ ਗਏ, ਇੰਟਰ-ਡਿਸਟ੍ਰਿਕਟ ਅਤੇ ਇੰਟਰ-ਸਟੇਟ ਨਾਕਾਬੰਦੀ ਵੀ ਕੀਤੀ ਗਈ ਹੈ ਤਾਂ ਜੋ ਹਰ ਤਰ੍ਹਾਂ ਦੀ ਗੈਰਕਾਨੂੰਨੀ ਗਤੀਵਿਧੀ ’ਤੇ ਨਿਗਰਾਨੀ ਰੱਖੀ ਜਾ ਸਕੇ। ਉਨ੍ਹਾਂ ਦੱਸਿਆ ਕਿ ਕਰੀਬ 1500 ਦੇ ਲਗਭਗ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਚੋਣ ਡਿਊਟੀ ਲਈ ਤਾਇਨਾਤ ਕੀਤੇ ਗਏ ਹਨ। ਪੋਲਿੰਗ ਪਾਰਟੀਆਂ, ਪੈਟਰੋਲਿੰਗ ਪਾਰਟੀਆਂ, ਐੱਸਐੱਚਓਜ਼, ਗਜ਼ਟਿਡ ਅਧਿਕਾਰੀਆਂ ਅਤੇ ਰਿਜ਼ਰਵ ਫੋਰਸ ਨੂੰ ਪੂਰੀ ਤਰ੍ਹਾਂ ਬ੍ਰੀਫ ਕਰ ਦਿੱਤਾ ਗਿਆ ਹੈ। ਪੀਸੀਆਰ ਮੋਟਰਸਾਈਕਲ ਟੀਮਾਂ ਅਤੇ ਨਾਈਟ ਪੈਟਰੋਲਿੰਗ ਪਾਰਟੀਆਂ ਵੱਲੋਂ ਦਿਨ-ਰਾਤ ਗਸ਼ਤ ਕੀਤੀ ਜਾ ਰਹੀ ਹੈ। ਐੱਸਐੱਸਪੀ ਨੇ ਕਿਹਾ ਕਿ ਪੁਲਿਸ ਦਾ ਮੁੱਖ ਉਦੇਸ਼ ਜ਼ਿਲ੍ਹੇ ’ਚ ਅਮਨ-ਕਾਨੂੰਨ, ਭਾਈਚਾਰਾ ਅਤੇ ਲੋਕਾਂ ’ਚ ਸੁਰੱਖਿਆ ਦੀ ਭਾਵਨਾ ਬਣਾਈ ਰੱਖਣਾ ਹੈ। ਗੈਂਗਸਟਰਾਂ, ਨਸ਼ਾ ਤਸਕਰਾਂ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕਿਸੇ ਵੀ ਗੈਰਕਾਨੂੰਨੀ ਗਤੀਵਿਧੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬਿਨਾਂ ਕਿਸੇ ਡਰ ਜਾਂ ਭੈ ਦੇ ਆਪਣੇ ਵੋਟ ਦਾ ਅਧਿਕਾਰ ਵਰਤਣ ਅਤੇ ਵੱਧ ਤੋਂ ਵੱਧ ਗਿਣਤੀ ’ਚ ਵੋਟ ਪਾਉਣ। ਪੁਲਿਸ ਵੱਲੋਂ ਪੂਰੇ ਜ਼ਿਲ੍ਹੇ ’ਚ ਦਿਨ-ਰਾਤ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਗਏ ਹਨ ਅਤੇ ਚੋਣਾਂ ਨੂੰ ਪੂਰੀ ਤਰ੍ਹਾਂ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਕਰਵਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਵਿਅਕਤੀ ਨੂੰ ਆਪਣੇ ਇਲਾਕੇ ’ਚ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਗਤੀਵਿਧੀ, ਨਸ਼ਾ ਤਸਕਰੀ ਜਾਂ ਅਪਰਾਧਕ ਸਰਗਰਮੀ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲਿਸ ਨਾਲ ਸਾਂਝੀ ਕਰਨ। ਲੋਕ 80549-42100 ਨੰਬਰ ‘ਤੇ ਫੋਨ ਜਾਂ ਵਟਸਐਪ ਰਾਹੀਂ ਜਾਣਕਾਰੀ ਦੇ ਸਕਦੇ ਹਨ ਅਤੇ ਜਾਣਕਾਰੀ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।