ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵਿਸ਼ੇਸ਼ ਸਰਚ ਆਪਰੇਸ਼ਨ, ਨਾਕਾਬੰਦੀ ਤੇ ਸਖ਼ਤ ਚੈਕਿੰਗ
ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਵਿਸ਼ੇਸ਼ ਸਰਚ ਆਪਰੇਸ਼ਨ, ਨਾਕਾਬੰਦੀ ਤੇ ਸਖ਼ਤ ਚੈਕਿੰਗ
Publish Date: Mon, 09 Feb 2026 03:19 PM (IST)
Updated Date: Mon, 09 Feb 2026 03:23 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੈਂਗਸਟਰਾਂ ਅਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਚਲਾਏ ਜਾ ਰਹੇ ‘ਆਪਰੇਸ਼ਨ ਪ੍ਰਹਾਰ-2.0’ ਤਹਿਤ ਐਸਕੇ ਰਾਮਪਾਲ, ਡੀਆਈਜੀ ਏਐਨਟੀਐਫ ਐਂਡ ਕਮਾਂਡੋ ਦੀ ਨਿਗਰਾਨੀ ਅਤੇ ਅਭਿਮਨਿਊ ਰਾਣਾ ਐਸਐਸਪੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਕਾਨੂੰਨ-ਵਿਵਸਥਾ ਮਜ਼ਬੂਤ ਕਰਨ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਜ਼ਿਲ੍ਹੇ ਦੇ ਚਾਰੇ ਸਬ-ਡਿਵੀਜ਼ਨਾਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਵਿਖੇ ਮਨਮੀਤ ਸਿੰਘ ਢਿੱਲੋਂ ਐਸਪੀ(ਡੀ), ਹਰਕਮਲ ਕੌਰ ਐਸਪੀ (ਐਚ) ਅਤੇ ਸਮੂਹ ਸਬ ਡਿਵੀਜ਼ਨ ਦੇ ਡੀਐਸਪੀ ਦੀ ਨਿਗਰਾਨੀ ਹੇਠ ਪੁਲਿਸ ਦੀਆਂ ਵੱਖ-ਵੱਖ 64 ਟੀਮਾਂ ਤਿਆਰ ਕਰਕੇ ਕਰੀਬ 550 ਪੁਲਿਸ ਅਧਿਕਾਰੀਆਂ/ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ। ਆਪਰੇਸ਼ਨ ਪ੍ਰਹਾਰ ਤਹਿਤ ਇਨ੍ਹਾਂ ਟੀਮਾਂ ਵੱਲੋਂ ਗੈਂਗਸਟਰਾਂ, ਸਹਿਯੋਗੀਆਂ, ਘੋਸ਼ਿਤ ਅਪਰਾਧੀਆਂ ਅਤੇ ਸ਼ਰਾਰਤੀ ਅਨਸਰਾਂ ਦੇ ਟਿਕਾਣਿਆਂ ’ਤੇ ਰੇਡਾਂ ਕਰਕੇ, ਅਜਿਹੇ ਅਪਰਾਧੀਆਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸਤੋਂ ਇਲਾਵਾ ਨਾਕਾਬੰਦੀ, ਪੈਦਲ ਗਸ਼ਤਾਂ ਕਰਕੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਜਿਨ੍ਹਾਂ ਵਿਅਕਤੀਆਂ ਦੇ ਖ਼ਿਲਾਫ਼ ਹੀਨਿਅਸ ਕਰਾਈਮ ਦੇ ਮੁਕੱਦਮੇ ਦਰਜ ਹਨ ਅਤੇ ਜੋ ਵਿਅਕਤੀ ਵਾਰ-2 ਜੁਰਮ ਕਰਨ ਦੇ ਆਦੀ ਹਨ, ਦੀ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ। ਚੈਕਿੰਗ ਦੌਰਾਨ ਕੋਈ ਗੈਰ-ਕਾਨੂੰਨੀ ਗਤੀਵਿਧੀ ਸਾਹਮਣੇ ਆਉਣ ’ਤੇ ਜਾਂ ਕੋਈ ਇਤਰਾਜਯੋਗ ਵਸਤੂ ਮਿਲਣ ਤੇ ਸਬੰਧਤ ਦੇ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ ਅਤੇ ਭਵਿੱਖ ਵਿੱਚ ਵੀ ਇਸ ਮੁਹਿੰਮ ਤਹਿਤ ਕਾਰਵਾਈ ਜਾਰੀ ਰਹੇਗੀ। ਇਸ ਦੇ ਨਾਲ-ਨਾਲ ਭੀੜ-ਭਾੜ ਵਾਲੇ ਬਾਜ਼ਾਰਾਂ, ਜਨਤਕ ਥਾਵਾਂ ਅਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਫੁੱਟ ਪੈਟਰੋਲਿੰਗ ਵਧਾਈ ਗਈ ਹੈ ਤਾਂ ਜੋ ਲੋਕਾਂ ’ਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਹੋਵੇ। ਪੁਲਿਸ ਟੀਮਾਂ ਵੱਲੋਂ ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ ਅਤੇ ਹੋਰ ਮਹੱਤਵਪੂਰਨ ਥਾਵਾਂ ‘ਤੇ ਅਚਾਨਕ ਚੈਕਿੰਗ ਕੀਤੀ ਜਾ ਰਹੀ ਹੈ। ਸ਼ੱਕੀ ਵਿਅਕਤੀਆਂ ਦੀ ਪੁੱਛਗਿੱਛ, ਸਮਾਨ ਦੀ ਜਾਂਚ ਅਤੇ ਆਉਣ-ਜਾਣ ਵਾਲੇ ਵਾਹਨਾਂ ਦੀ ਗਹਿਰਾਈ ਨਾਲ ਤਲਾਸ਼ੀ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਅਪਰਾਧਿਕ ਤੱਤ ਨੂੰ ਕਾਨੂੰਨ ਤੋਂ ਬਚਣ ਦਾ ਮੌਕਾ ਨਾ ਮਿਲੇ। ਪੁਲਿਸ ਵੱਲੋਂ ਪੈਸ ਐਪ ਰਾਹੀਂ ਵਿਅਕਤੀਆਂ ਦੀ ਪਹਿਚਾਣ ਦੀ ਪੁਸ਼ਟੀ ਕੀਤੀ ਜਾ ਰਹੀ ਹੈ ਅਤੇ ਵਹੀਕਲ ਐਪ ਦੇ ਜ਼ਰੀਏ ਵਾਹਨਾਂ ਦੀ ਜਾਂਚ ਕਰਕੇ ਉਨ੍ਹਾਂ ਦੇ ਮਾਲਕਾਂ ਦਾ ਅਪਰਾਧਿਕ ਰਿਕਾਰਡ ਵੀ ਚੈੱਕ ਕੀਤਾ ਜਾ ਰਿਹਾ ਹੈ, ਤਾਂ ਜੋ ਕਿਸੇ ਵੀ ਅਪਰਾਧੀ ਤੱਤ ਨੂੰ ਬਚਣ ਦਾ ਮੌਕਾ ਨਾ ਮਿਲੇ। ਇਸ ਮੁਹਿੰਮ ਤਹਿਤ ਮਿਤੀ 09/02/2026 ਨੂੰ ਹੁਣ ਤੱਕ ਕੁੱਲ 34 ਵਿਅਕਤੀਆਂ ਨੂੰ ਕਾਬੂ ਕੀਤਾ ਜਾ ਚੁੱਕਾ ਹੈ, ਜਿੰਨਾਂ ’ਚ ਕੁਝ ਲੰਮੇ ਸਮੇਂ ਤੋਂ ਚੱਲੇ ਆ ਰਹੇ ਭਗੌੜੇ ਵੀ ਸ਼ਾਮਿਲ ਹਨ। ਜਿਲ੍ਹਾ ਦੇ ਵੱਖ-2 ਮੁਕੱਦਮਿਆਂ ’ਚ ਲੋੜੀਂਦੇ ਅਪਰਾਧੀਆਂ ਦੀ ਗ੍ਰਿਫ਼ਤਾਰੀ ਲਈ ਵੀ ਟੀਮਾਂ ਵੱਲੋਂ ਵਿਸ਼ੇਸ਼ ਤੌਰ ’ਤੇ ਰੇਡਾਂ ਅਤੇ ਸਰਚ ਆਪਰੇਸ਼ਨ ਕੀਤੇ ਜਾ ਰਹੇ ਹਨ। ਆਪਰੇਸ਼ਨ ਪ੍ਰਹਾਰ-2.0 ਅਧੀਨ ਅਪਰਾਧਿਕ ਤੱਤਾਂ ਖ਼ਿਲਾਫ਼ ਸਖ਼ਤ ਕਾਰਵਾਈ ਅੱਗੇ ਵੀ ਜਾਰੀ ਰਹੇਗੀ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਹਾਲਾਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਪੁਲਿਸ ਅਧਿਕਾਰੀਆਂ ਦਾ ਸੰਦੇਸ਼ ਡੀਆਈਜੀ ਨੇ ਦੱਸਿਆ ਕਿ ਇਹ ਮੁਹਿੰਮ ਗੈਂਗਸਟਰਾਂ ਅਤੇ ਅਪਰਾਧਿਕ ਤੱਤਾਂ ਖ਼ਿਲਾਫ਼ ਸਖ਼ਤ ਕਾਰਵਾਈ ਲਈ ਲਗਾਤਾਰ ਜਾਰੀ ਰਹੇਗੀ ਅਤੇ ਕਿਸੇ ਨੂੰ ਵੀ ਕਾਨੂੰਨ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਇਹ ਵੀ ਸਪਸ਼ਟ ਕੀਤਾ ਗਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ। ਕਿਸੇ ਵੀ ਨਿਰਦੋਸ਼ ਵਿਅਕਤੀ ਨੂੰ ਤੰਗ-ਪਰੇਸ਼ਾਨ ਨਹੀਂ ਕੀਤਾ ਜਾਵੇਗਾ ਅਤੇ ਹਰ ਕਾਰਵਾਈ ਕਾਨੂੰਨੀ ਪ੍ਰਕਿਰਿਆ ਅਨੁਸਾਰ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪੁਲਿਸ ਵੱਲੋਂ ਮੀਡੀਆ ਸਾਥੀਆਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀ ਗਲਤ ਖ਼ਬਰ ਜਾਂ ਅਫ਼ਵਾਹ ਤੋਂ ਦੂਰ ਰਹਿਣ ਅਤੇ ਹਰ ਜਾਣਕਾਰੀ ਨੂੰ ਪੁਸ਼ਟੀ ਕਰਨ ਤੋਂ ਬਾਅਦ ਹੀ ਪ੍ਰਸਾਰਿਤ ਕੀਤਾ ਜਾਵੇ। ਬਿਨਾ ਤਸਦੀਕ ਕੀਤੀਆਂ ਖ਼ਬਰਾਂ ਸਾਂਝੀਆਂ ਕਰਨ ਤੋਂ ਪਰਹੇਜ਼ ਕੀਤਾ ਜਾਵੇ ਤਾਂ ਜੋ ਸਮਾਜ ’ਚ ਗਲਤ ਫ਼ਹਿਮੀ ਨਾ ਫੈਲੇ। ਲੋਕਾਂ ਲਈ ਅਪੀਲ ਜ਼ਿਲ੍ਹਾ ਪੁਲਿਸ ਸ੍ਰੀ ਮੁਕਤਸਰ ਸਾਹਿਬ ਵੱਲੋਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕਾਨੂੰਨ-ਵਿਵਸਥਾ ਕਾਇਮ ਰੱਖਣ ’ਚ ਪੁਲਿਸ ਦਾ ਸਹਿਯੋਗ ਕਰਨ, ਸ਼ੱਕੀ ਗਤੀਵਿਧੀਆਂ ਬਾਰੇ ਤੁਰੰਤ ਜਾਣਕਾਰੀ ਦੇਣ ਅਤੇ ਅਫ਼ਵਾਹਾਂ ਤੋਂ ਦੂਰ ਰਹਿਣ। ਜੇ ਕਿਸੇ ਵਿਅਕਤੀ ਕੋਲ ਕਿਸੇ ਵੀ ਅਪਰਾਧਿਕ ਗਤੀਵਿਧੀ ਬਾਰੇ ਜਾਣਕਾਰੀ ਹੋਵੇ ਤਾਂ ਉਹ ਪੁਲਿਸ ਹੈਲਪਲਾਈਨ ਨੰਬਰ 80549-42100 ’ਤੇ ਸੰਪਰਕ ਕਰ ਸਕਦਾ ਹੈ। ਜਾਣਕਾਰੀ ਦੇਣ ਵਾਲੇ ਵਿਅਕਤੀ ਦਾ ਨਾਮ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ।