ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ “ਸ਼ਿਕਾਇਤ ਨਿਵਾਰਨ ਕੈਂਪ” ’ਚ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ੍ਰੀ ਮੁਕਤਸਰ ਸਾਹਿਬ : ਡੀਜੀਪੀ ਪੰਜਾਬ ਗੋਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ, ਲੋਕ-ਹਿਤ ਨੂੰ ਪ੍ਰਦਾਨਤਾ ਦਿੰਦਿਆਂ ਅਭਿਮੰਨਿਊ ਰਾਣਾ ਆਈਪੀਐਸ ਸੀਨੀਅਰ ਕਪਤਾਨ ਪੁਲਿਸ ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਜ਼ਿਲ੍ਹੇ ਦੇ ਸਭ ਸਬ-ਡਿਵੀਜ਼ਨਾਂ ’ਚ ਇਕੋ ਸਮੇਂ ਅਤੇ ਨਾਲ ਹੀ ਜ਼ਿਲ੍ਹਾ ਪੁਲਿਸ ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ੇਸ਼ “ਸ਼ਿਕਾਇਤ ਨਿਵਾਰਨ ਕੈਂਪ” ਲਗਾਏ ਗਏ। ਇਹ ਸਾਰੇ ਸ਼ਿਕਾਇਤ ਨਿਵਾਰਨ ਕੈਂਪ ਸਵੇਰੇ 9 ਵਜੇ ਤੋਂ ਸ਼ਾਮ ਤੱਕ ਲਗਾਤਾਰ ਚਲਾਏ ਗਏ, ਜਿੱਥੇ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਅਤੇ ਪੁਲਿਸ ਦਫ਼ਤਰਾਂ ਨਾਲ ਸੰਬੰਧਿਤ ਲੋਕਾਂ ਦੀਆਂ ਚੱਲ ਰਹੀਆਂ ਸ਼ਿਕਾਇਤਾਂ, ਮਸਲੇ ਅਤੇ ਨਿੱਜੀ ਪਰੇਸ਼ਾਨੀਆਂ ਨੂੰ ਗੰਭੀਰਤਾ ਅਤੇ ਸੰਵੇਦਨਸ਼ੀਲਤਾ ਨਾਲ ਸੁਣਿਆ ਗਿਆ। ਸ਼ਿਕਾਇਤਕਰਤਾਵਾਂ ਨੂੰ ਸੰਬੰਧਿਤ ਦਫ਼ਤਰਾਂ ਅਤੇ ਕੈਂਪ ਸਥਾਨਾਂ ’ਤੇ ਬੁਲਾ ਕੇ ਉਨ੍ਹਾਂ ਨਾਲ ਸਿੱਧੀ ਗੱਲਬਾਤ ਕੀਤੀ ਗਈ ਤਾਂ ਜੋ ਹਰ ਮਾਮਲੇ ਦੀ ਪੂਰੀ ਤਰ੍ਹਾਂ ਜਾਂਚ ਕਰਕੇ ਇਨਸਾਫ਼ਯੋਗ ਹੱਲ ਯਕੀਨੀ ਬਣਾਇਆ ਜਾ ਸਕੇ। ਕੈਂਪ ਦੌਰਾਨ ਵੱਡੀ ਗਿਣਤੀ ’ਚ ਲੋਕਾਂ ਵੱਲੋਂ ਆਪਣੀਆਂ ਦਰਖ਼ਾਸਤਾਂ ਪੇਸ਼ ਕੀਤੀਆਂ ਗਈਆਂ। ਬਹੁਤ ਸਾਰੀਆਂ ਸ਼ਿਕਾਇਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ, ਜਦਕਿ ਹੋਰ ਦਰਖ਼ਾਸਤਾਂ ਸਬੰਧੀ ਕਾਨੂੰਨੀ ਪ੍ਰਕਿਰਿਆ ਅਨੁਸਾਰ ਬਿਆਨ ਦਰਜ ਕਰਕੇ ਸੰਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ। ਇਸ ਸ਼ਿਕਾਇਤ ਨਿਵਾਰਨ ਕੈਂਪ ਦੀ ਸਮੂਹ ਕਾਰਵਾਈ ਹਰਕਮਲ ਕੌਰ ਐਸਪੀ (ਹੈੱਡਕੁਆਰਟਰ), ਤਜਿੰਦਰਪਾਲ ਸਿੰਘ ਡੀਐਸਪੀ ਹੈੱਡ (ਕੁਆਰਟਰ), ਬਚਨ ਸਿੰਘ ਡੀਐਸਪੀ (ਸ੍ਰੀ ਮੁਕਤਸਰ ਸਾਹਿਬ), ਹਰਜੀਤ ਸਿੰਘ ਡੀਐਸਪੀ (ਸੀਏਡਬਲਯੂ ਐਂਡ ਸੀ), ਸ੍ਰੀ ਅੰਗਰੇਜ ਸਿੰਘ ਡੀਐਸਪੀ (ਮਲੋਟ), ਅਰੁਨ ਮੁੰਡਨ ਡੀਐਸਪੀ (ਗਿੱਦੜਬਾਹਾ) ਅਤੇ ਹਰਬੰਸ ਸਿੰਘ ਡੀਐਸਪੀ (ਲੰਬੀ) ਦੀ ਦੇਖ-ਰੇਖ ਅਤੇ ਸੁਚਾਰੂ ਢੰਗ ਨਾਲ ਸੰਪੰਨ ਕੀਤੀ ਗਈ। ਇਸ ਮੌਕੇ ਅਭਿਮੰਨਿਊ ਰਾਣਾ, ਆਈਪੀਐਸ ਸੀਨੀਅਰ ਕਪਤਾਨ ਪੁਲਿਸ ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ, ਪਾਰਦਰਸ਼ੀ ਨਾਲ ਹੱਲ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਨਾਗਰਿਕ ਨੂੰ ਆਪਣੀ ਸ਼ਿਕਾਇਤ ਲਈ ਲੰਮੇ ਸਮੇਂ ਤੱਕ ਨਹੀਂ ਇੰਤਜ਼ਾਰ ਕਰਨ ਨਹੀਂ ਦਿੱਤਾ ਜਾਵੇਗਾ ਅਤੇ ਹਰ ਯੋਗ ਮਾਮਲੇ ਦਾ ਨਿਪਟਾਰਾ ਮੌਕੇ ’ਤੇ ਜਾਂ ਨਿਰਧਾਰਿਤ ਸਮੇਂ ਅੰਦਰ ਕੀਤਾ ਜਾਵੇਗਾ। ਐਸਐਸਪੀ ਨੇ ਇਹ ਵੀ ਕਿਹਾ ਕਿ ਜ਼ਿਲ੍ਹੇ ਦੇ ਕਿਸੇ ਵੀ ਵਿਅਕਤੀ ਨੂੰ ਜੇਕਰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ, ਸਮੱਸਿਆ ਜਾਂ ਸ਼ਿਕਾਇਤ ਹੈ, ਤਾਂ ਉਹ ਬਿਨਾਂ ਕਿਸੇ ਡਰ ਜਾਂ ਹਿਚਕਿਚਾਹਟ ਦੇ ਆਪਣੇ ਨੇੜਲੇ ਥਾਣੇ ’ਚ ਜਾ ਕੇ ਆਪਣੀ ਦਰਖ਼ਾਸਤ ਦੇ ਸਕਦਾ ਹੈ। ਪੁਲਿਸ ਦਾ ਮੁੱਖ ਉਦੇਸ਼ ਲੋਕਾਂ ਨੂੰ ਤੁਰੰਤ ਇਨਸਾਫ਼ ਅਤੇ ਰਾਹਤ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਨੇ ਖ਼ਾਸ ਤੌਰ ’ਤੇ ਔਰਤਾਂ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਔਰਤਾਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਸੁਣਨ ਅਤੇ ਉਨ੍ਹਾਂ ਨੂੰ ਸੁਰੱਖਿਅਤ ਮਹਿਸੂਸ ਕਰਵਾਉਣ ਲਈ ਜ਼ਿਲ੍ਹੇ ਦੇ ਹਰ ਥਾਣੇ ’ਚ ਮਹਿਲਾ ਪੁਲਿਸ ਕਰਮਚਾਰੀ ਤਾਇਨਾਤ ਹਨ। ਔਰਤਾਂ ਬੇਝਿਝਕ ਹੋ ਕੇ ਆਪਣੀ ਕੋਈ ਵੀ ਸਮੱਸਿਆ ਜਾਂ ਗੱਲ ਮਹਿਲਾ ਪੁਲਿਸ ਕਰਮਚਾਰੀਆਂ ਨਾਲ ਸਾਂਝੀ ਕਰ ਸਕਦੀਆਂ ਹਨ। ਅੰਤ ’ਚ ਉਨ੍ਹਾਂ ਨੇ ਦੋਹਰਾਇਆ ਕਿ ਪੁਲਿਸ ਪ੍ਰਸ਼ਾਸਨ ਇਹ ਯਕੀਨੀ ਬਣਾਏਗਾ ਕਿ ਹਰ ਦਰਖ਼ਾਸਤ ’ਤੇ ਨਿਆਂਸੰਗਤ, ਪਾਰਦਰਸ਼ੀ ਅਤੇ ਕਾਨੂੰਨ ਅਨੁਸਾਰ ਕਾਰਵਾਈ ਹੋਵੇ ਅਤੇ ਹਰ ਵਿਅਕਤੀ ਨੂੰ ਬਿਨਾਂ ਕਿਸੇ ਭੇਦਭਾਵ ਦੇ ਪੂਰਾ ਇਨਸਾਫ਼ ਮਿਲੇ।