ਫਰੀਦਕੋਟ ’ਚ ਮੈਡੀਕਲ ਸਟੋਰ ਰਹੇ ਬੰਦ
*ਫਰੀਦਕੋਟ ਵਿੱਚ ਮੈਡੀਕਲ ਸਟੋਰ ਰਹੇ ਬੰਦ
Publish Date: Wed, 20 May 2026 04:15 PM (IST)
Updated Date: Thu, 21 May 2026 04:01 AM (IST)

ਵਿਕਾਸ ਕੁਮਾਰ ਗਰਗ ਪੰਜਾਬੀ ਜਾਗਰਣ ਫਰੀਦਕੋਟ : ਆਨਲਾਈਨ ਫਾਰਮੇਸੀ ਦੀਆਂ ਚੁਣੌਤੀਆਂ ਅਤੇ ਸਰਕਾਰ ਦੀਆਂ ਮਾਰੂ ਨੀਤੀਆਂ ਦੇ ਵਿਰੋਧ ’ਚ ‘ਕੈਮਿਸਟ ਐਸੋਸੀਏਸ਼ਨ’ ਵੱਲੋਂ 20 ਮਈ ਨੂੰ ਹੜਤਾਲ ਕੀਤੀ ਗਈ। ਅਤੇ ਆਪਣੀਆਂ ਦੁਕਾਨਾਂ ਬੰਦ ਰੱਖੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਮਿਸਟ ਐਸੋਸੀਏਸ਼ਨ ਫਰੀਦਕੋਟ ਦੇ ਜਿਲਾ ਪ੍ਰਧਾਨ ਨਰਿੰਦਰ ਮਿੱਤਲ ਨੇ ਦੱਸਿਆ ਕਿ ਇਸ ਦਿਨ ਫਰੀਦਕੋਟ ਦੇ ਸਾਰੇ ਕੈਮਿਸਟਾਂ ਨੇ ਆਪਣੀਆਂ ਦੁਕਾਨਾਂ ਮੁਕੰਮਲ ਤੌਰ ’ਤੇ ਬੰਦ ਰੱਖ ਕੇ ਸਰਕਾਰਾਂ ਪ੍ਰਤੀ ਗੁੱਸਾ ਜਾਹਿਰ ਕੀਤਾ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੈਮਿਸਟ ਭਾਈਚਾਰਾ ਪਿਛਲੇ ਲੰਬੇ ਸਮੇਂ ਤੋਂ ਆਪਣੇ ਆਪ ਨੂੰ ਅਣਗੌਲਿਆ ਮਹਿਸੂਸ ਕਰ ਰਿਹਾ ਹੈ ਜਦਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਰਵਾਇਤੀ ਕੈਮਿਸਟਾਂ ਦਾ ਕਾਰੋਬਾਰ ਤਬਾਹੀ ਦੇ ਕੰਢੇ ’ਤੇ ਪਹੁੰਚ ਗਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਇਹ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ। ਜ਼ਿਲ੍ਾ ਪ੍ਰਧਾਨ ਨਰਿੰਦਰ ਮਿੱਤਲ ਨੇ ਕਿਹਾ ਕਿ ਗੈਰ-ਕਾਨੂੰਨੀ ਆਨਲਾਈਨ ਦਵਾਈਆਂ ਦੀ ਵਿਕਰੀ ’ਤੇ ਤੁਰੰਤ ਰੋਕ ਲਾਈ ਜਾਵੇ ਕਿਉਂਕਿ ਇਸ ਨਾਲ ਨਾ ਸਿਰਫ਼ ਵਪਾਰ ਪ੍ਰਭਾਵਿਤ ਹੋ ਰਿਹਾ ਹੈ, ਸਗੋਂ ਨਕਲੀ ਦਵਾਈਆਂ ਦਾ ਖਤਰਾ ਵੀ ਵੱਧ ਰਿਹਾ ਹੈ। ਇਸ ਤੋਂ ਇਲਾਵਾ ਕੈਮਿਸਟਾਂ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਕਰਨਾ ਬੰਦ ਕੀਤਾ ਜਾਵੇ ਅਤੇ ਡਰੱਗ ਵਿਭਾਗ ਦੀ ਕਾਰਜਪ੍ਰਣਾਲੀ ’ਚ ਪਾਰਦਰਸ਼ਤਾ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਲਾਇਸੈਂਸ ਰਿਨਿਊਅਲ ਦੌਰਾਨ ਆ ਰਹੀਆਂ ਤਕਨੀਕੀ ਦਿੱਕਤਾਂ ਅਤੇ ਬੇਲੋੜੀ ਦੇਰੀ ਨੂੰ ਖਤਮ ਕੀਤਾ ਜਾਵੇ।