“ਲੋਕਤੰਤਰ ਦੀ ਤਾਕਤ ਮੁਕਾਬਲੇ ਵਿੱਚ ਹੁੰਦੀ ਹੈ, ਇਕ ਪੱਖੀ ਫੈਸਲਿਆਂ ਵਿੱਚ ਨਹੀਂ।

ਪੰਜਾਬ ਵਿੱਚ ਲੋਕਤੰਤਰ ਨੂੰ ਕੁਚਲਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਦਰਗੇਸ਼ ਸ਼ਰਮਾ
ਵਿਕਾਸ ਕੁਮਾਰ ਗਰਗ, ਪੰਜਾਬੀ ਜਾਗਰਣ
ਫਰੀਦਕੋਟ: ਪੰਜਾਬ ਵਿੱਚ ਹੋ ਰਹੀਆਂ ਨਗਰ ਕੌਂਸਲ ਚੋਣਾਂ ਦੌਰਾਨ ਵਿਰੋਧੀ ਧਿਰ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕਰਨ ਦੇ ਮਾਮਲੇ ਨੇ ਸਿਆਸੀ ਮਾਹੌਲ ਨੂੰ ਗਰਮਾ ਦਿੱਤਾ ਹੈ। ਭਾਜਪਾ ਪੰਜਾਬ ਨੇ ਇਸ ਮਾਮਲੇ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਸਰਕਾਰ ‘ਤੇ ਲੋਕਤੰਤਰ ਨੂੰ ਕਮਜ਼ੋਰ ਕਰਨ ਦੇ ਦੋਸ਼ ਲਗਾਏ ਹਨ।
ਭਾਜਪਾ ਪੰਜਾਬ ਦੇ ਆਗੂ ਦਰਗੇਸ਼ ਸ਼ਰਮਾ ਨੇ ਕਿਹਾ ਕਿ ਪੰਜਾਬ ਦੇ ਕਈ ਨਗਰ ਕੌਂਸਲ ਖੇਤਰਾਂ ਵਿੱਚ ਭਾਜਪਾ ਅਤੇ ਹੋਰ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਬਿਨਾਂ ਵਾਜਬ ਕਾਰਣਾਂ ਦੇ ਰੱਦ ਕੀਤੇ ਗਏ ਹਨ, ਜੋ ਕਿ ਲੋਕਤੰਤਰਕ ਪ੍ਰਕਿਰਿਆ ‘ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੂੰ ਆਪਣੇ ਕੰਮਕਾਜ ਅਤੇ ਲੋਕਪ੍ਰੀਤਤਾ ’ਤੇ ਭਰੋਸਾ ਹੈ ਤਾਂ ਫਿਰ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਚੋਣ ਮੈਦਾਨ ਤੋਂ ਬਾਹਰ ਕਰਨ ਦੀ ਲੋੜ ਕਿਉਂ ਪੈ ਰਹੀ ਹੈ।
ਦਰਗੇਸ਼ ਸ਼ਰਮਾ ਨੇ ਦੋਸ਼ ਲਗਾਇਆ ਕਿ ਸਰਕਾਰ ਪ੍ਰਸ਼ਾਸਨਿਕ ਦਬਾਅ ਅਤੇ ਸਰਕਾਰੀ ਮਸ਼ੀਨਰੀ ਦਾ ਦੁਰਪਯੋਗ ਕਰਕੇ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਲੋਕਾਂ ਦੀ ਆਵਾਜ਼ ਹੁੰਦੀਆਂ ਹਨ ਅਤੇ ਜੇ ਲੋਕਾਂ ਨੂੰ ਆਪਣਾ ਪ੍ਰਤਿਨਿਧੀ ਚੁਣਨ ਦਾ ਮੌਕਾ ਹੀ ਨਾ ਦਿੱਤਾ ਜਾਵੇ ਤਾਂ ਇਹ ਲੋਕਤੰਤਰ ਦੀ ਰੂਹ ਦੇ ਖਿਲਾਫ਼ ਹੈ।
ਉਨ੍ਹਾਂ ਕਿਹਾ ਲੋਕਤੰਤਰ ਦੀ ਅਸਲੀ ਤਾਕਤ ਖੁੱਲ੍ਹੇ ਅਤੇ ਨਿਰਪੱਖ ਮੁਕਾਬਲੇ ਵਿੱਚ ਹੁੰਦੀ ਹੈ। ਜੇ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਕਾਗਜ਼ਾਂ ਦੇ ਆਧਾਰ ‘ਤੇ ਹੀ ਰੋਕਿਆ ਜਾਵੇ ਤਾਂ ਇਹ ਲੋਕਤੰਤਰ ਨੂੰ ਕੁਚਲਣ ਦੀ ਕੋਸ਼ਿਸ਼ ਹੈ, ਜਿਸਨੂੰ ਭਾਜਪਾ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ।”
ਭਾਜਪਾ ਆਗੂ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਕਿ ਜਿਨ੍ਹਾਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ ਹਨ, ਉਨ੍ਹਾਂ ਦੇ ਮਾਮਲਿਆਂ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਜੇਕਰ ਕਿਸੇ ਵੀ ਤਰ੍ਹਾਂ ਦੀ ਬੇਨਿਯਮਤਾ ਸਾਹਮਣੇ ਆਉਂਦੀ ਹੈ ਤਾਂ ਸੰਬੰਧਿਤ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਉਨ੍ਹਾਂ ਇਹ ਵੀ ਕਿਹਾ ਕਿ ਭਾਜਪਾ ਪੰਜਾਬ ਇਸ ਮਾਮਲੇ ਨੂੰ ਸਿਰਫ਼ ਇੱਕ ਪਾਰਟੀ ਦਾ ਮੁੱਦਾ ਨਹੀਂ, ਸਗੋਂ ਪੰਜਾਬ ਦੇ ਲੋਕਾਂ ਦੇ ਲੋਕਤੰਤਰਕ ਅਧਿਕਾਰਾਂ ਨਾਲ ਜੁੜਿਆ ਮਸਲਾ ਮੰਨਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਇਹ ਮਾਮਲਾ ਪੰਜਾਬ ਦੀ ਸਿਆਸਤ ’ਚ ਵੱਡਾ ਚਰਚਾ ਵਿਸ਼ਾ ਬਣ ਸਕਦਾ ਹੈ।
ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਜੇ ਚੋਣ ਪ੍ਰਕਿਰਿਆ ਦੀ ਨਿਰਪੱਖਤਾ ’ਤੇ ਸਵਾਲ ਉੱਠਦੇ ਰਹੇ ਤਾਂ ਇਹ ਮਾਮਲਾ ਰਾਜ ਦੀ ਰਾਜਨੀਤੀ ਵਿੱਚ ਵੱਡਾ ਵਿਵਾਦ ਖੜ੍ਹਾ ਕਰ ਸਕਦਾ ਹੈ। ਲੋਕਾਂ ਵਿੱਚ ਵੀ ਇਸ ਗੱਲ ਨੂੰ ਲੈ ਕੇ ਚਰਚਾ ਹੈ ਕਿ ਚੋਣਾਂ ਦੌਰਾਨ ਹਰ ਪਾਰਟੀ ਨੂੰ ਬਰਾਬਰ ਮੌਕਾ ਮਿਲਣਾ ਚਾਹੀਦਾ ਹੈ ਤਾਂ ਜੋ ਲੋਕ ਆਪਣੀ ਮਰਜ਼ੀ ਨਾਲ ਆਪਣੇ ਨੁਮਾਇੰਦੇ ਦੀ ਚੋਣ ਕਰ ਸਕਣ।