ਸਰਕਾਰੀ ਕਰਮਚਾਰੀਆਂ ਨੂੰ ਡਰਾ-ਧਮਕਾ ਕੇ ਗ਼ੈਰਕਾਨੂੰਨੀ ਹੁਕਮ ਮੰਨਣ ਲਈ ਮਜਬੂਰ ਕਰ ਰਹੀ ਆਪ ਸਰਕਾਰ : ਸੁਖਬੀਰ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਸਰਕਾਰੀ ਕਰਮਚਾਰੀਆਂ ਦੇ ਖਿਲਾਫ ਹੋ ਗਈ ਹੈ ਅਤੇ ਉਨ੍ਹਾਂ ਨੂੰ ਸ਼ਰੀਰਕ ਅਤੇ ਮਾਨਸਿਕ ਤੌਰ ’ਤੇ ਤੰਗ-ਪਰੇਸ਼ਾਨ ਕਰਕੇ ਆਪਣੇ ਗੈਰਕਾਨੂੰਨੀ ਹੁਕਮਾਂ ਦੀ ਪਾਲਣਾ ਕਰਨ ਲਈ ਮਜਬੂਰ ਕਰ ਰਹੀ ਹੈ, ਇਥੋਂ ਤੱਕ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ।
Publish Date: Sun, 22 Mar 2026 09:07 PM (IST)
Updated Date: Sun, 22 Mar 2026 09:10 PM (IST)
ਮਨਪ੍ਰੀਤ ਸਿੰਘ ਮੱਲੇਆਣਾ, ਪੰਜਾਬੀ ਜਾਗਰਣ, ਮੋਗਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੁਣ ਸਰਕਾਰੀ ਕਰਮਚਾਰੀਆਂ ਦੇ ਖਿਲਾਫ ਹੋ ਗਈ ਹੈ ਅਤੇ ਉਨ੍ਹਾਂ ਨੂੰ ਸ਼ਰੀਰਕ ਅਤੇ ਮਾਨਸਿਕ ਤੌਰ ’ਤੇ ਤੰਗ-ਪਰੇਸ਼ਾਨ ਕਰਕੇ ਆਪਣੇ ਗੈਰਕਾਨੂੰਨੀ ਹੁਕਮਾਂ ਦੀ ਪਾਲਣਾ ਕਰਨ ਲਈ ਮਜਬੂਰ ਕਰ ਰਹੀ ਹੈ, ਇਥੋਂ ਤੱਕ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਹਨ।
ਸੁਖਬੀਰ ਸਿੰਘ ਬਾਦਲ ਨੇ ਐਤਵਾਰ ਨੂੰ ਮੋਗਾ ਵਿਖੇ ਪੰਜਾਬ ਬਚਾਓ ਮੁਹਿੰਮ ਤਹਿਤ ਸੰਜੀਤ ਸਿੰਘ ਸਨੀ ਗਿੱਲ ਦੇ ਨਾਲ ਇਕ ਵੱਡੀ ਰੈਲੀ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਾਘਾਪੁਰਾਣਾ ਦੇ ਐੱਸਡੀਐੱਮ ਬਬਨਦੀਪ ਸਿੰਘ ਨਾਲ ਹੋ ਰਹੇ ਮਾਨਸਿਕ ਪਰੇਸ਼ਾਨ ਅਤੇ ਤਸ਼ੱਦਦ ਦੇ ਨਵੇਂ ਮਾਮਲੇ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਕਾਨੂੰਨ ’ਤੇ ਵਿਸ਼ਵਾਸ ਨਹੀਂ ਕਰਦੀ ਅਤੇ ਜਾਲਸਾਜ਼ੀ ਨਾਲ ਚੋਣਾਂ ਜਿੱਤਣ ਲਈ ਕੁਝ ਵੀ ਕਰ ਸਕਦੀ ਹੈ।
ਬਾਦਲ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਦੀ ਗੱਲ ਹੈ ਕਿ ਬਾਘਾਪੁਰਾਣਾ ਦੇ ਐੱਸਡੀਐੱਮ ਨੇ ਮੁੱਖ ਸਕੱਤਰ ਨੂੰ ਆਪਣੇ ਨਾਲ ਹੋ ਰਹੇ ਸੋਸ਼ਣ ਬਾਰੇ ਵਿਸਥਾਰ ਨਾਲ ਦੱਸਿਆ ਅਤੇ ਇਹ ਵੀ ਕਿ ਮੋਗਾ ਦੇ ਡੀਸੀ ਉਨ੍ਹਾਂ ’ਤੇ ਬਲਾਕ ਕਮੇਟੀ ਦੇ ਚੇਅਰਮੈਨ ਅਤੇ ਵਾਈਸ ਚੇਅਰਪਰਸਨ ਦੇ ਅਹੁਦਿਆਂ ’ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜ਼ਬਰਦਸਤੀ ਚੁਣਨ ਲਈ ਦਬਾਅ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਸਕੱਤਰ ਨੂੰ ਸਰਕਾਰੀ ਜਾਣਕਾਰੀ ਦੇਣ ਦੇ ਬਾਵਜੂਦ ਐੱਸਡੀਐੱਮ ਨੂੰ ਇਨਸਾਫ ਨਹੀਂ ਮਿਲ ਰਿਹਾ ਅਤੇ ਬਾਘਾਪੁਰਾਣਾ ਦੇ ਵਿਧਾਇਕ ਲਗਾਤਾਰ ਉਨ੍ਹਾਂ ’ਤੇ ਆਪ ਨੇਤਾਵਾਂ ਨੂੰ ਉਚੇ ਅਹੁਦਿਆਂ ’ਤੇ ਚੁਣਨ ਲਈ ਦਬਾਅ ਬਣਾ ਰਹੇ ਹਨ, ਜਦਕਿ ਪਾਰਟੀ ਘੱਟਮਤ ਵਿਚ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਵੇਅਰਹਾਉਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਦੀ ਆਤਮਹੱਤਿਆ ਤੋਂ ਤੁਰੰਤ ਬਾਅਦ ਵਾਪਰੀ ਹੈ, ਜਿਨ੍ਹਾਂ ਨੂੰ ਉਸ ਸਮੇਂ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਵੱਲੋਂ ਸ਼ਰੀਰਕ ਅਤੇ ਮਾਨਸਿਕ ਤੌਰ ’ਤੇ ਤੰਗ ਕੀਤਾ ਗਿਆ ਸੀ।