ਸਵਾਮੀ ਬ੍ਰਹਮ ਮੁਨੀ ਜੀ ਜਲਾਲ ਵਾਲੇ ਭਾਰਤ ਵਿਭੂਸ਼ਣ ਐਵਾਰਡ ਨਾਲ ਸਨਮਾਨਿਤ

ਭੋਲਾ ਸ਼ਰਮਾ, ਪੰਜਾਬੀ ਜਾਗਰਣ, ਜੈਤੋ : ਪੂਰੇ ਫ਼ਰੀਦਕੋਟ-ਬਠਿੰਡਾ ਜ਼ਿਲ੍ਹੇ ਲਈ ਬੇਹੱਦ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਵਿਵੇਕ ਮਿਸ਼ਨ ਚੈਰੀਟੇਬਲ ਟਰੱਸਟ (ਰਜਿ:) ਦੇ ਚੀਫ਼ ਪੈਟਰਨ ਸਵਾਮੀ ਬ੍ਰਹਮ ਮੁਨੀ ਜੀ ਜਲਾਲ ਵਾਲਿਆਂ ਨੂੰ ਦੇਸ਼ ਦੇ ਪ੍ਰਤੀਸ਼ਠਿਤ ਭਾਰਤ ਵਿਭੂਸ਼ਣ ਸਨਮਾਨ-2026 ਨਾਲ ਨਿਵਾਜਿਆ ਗਿਆ। ਇਹ ਸਨਮਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਅਗਵਾਈ ਹੇਠ ਚੰੜੀਗੜ੍ਹ ਵਿਖੇ ਇੰਸਟੀਚਿਊਟ ਫ਼ਾਰ ਸੋਸ਼ਲ ਰਿਫ਼ਾਰਮ ਐਂਡ ਹਾਇਰ ਐਜੂਕੇਸ਼ਨ ਚੈਰੀਟੇਬਲ ਟਰੱਸਟ ਵੱਲੋਂ ਕਰਵਾਏ ਗਏ ਰਾਸ਼ਟਰੀ ਸਮਾਗਮ ਦੌਰਾਨ ਪ੍ਰਦਾਨ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਸ਼ਖ਼ਸੀਅਤਾਂ ਨੂੰ ਦਿੱਤਾ ਜਾਂਦਾ ਹੈ ਜੋ ਆਪਣੇ ਖੇਤਰ ਵਿਚ ਉੱਤਮਤਾ ਦੇ ਨਵੇਂ ਮਾਪਦੰਡ ਸਥਾਪਿਤ ਕਰਦੇ ਹੋਏ ਰਾਸ਼ਟਰ ਨਿਰਮਾਣ ਵਿਚ ਅਹਿਮ ਯੋਗਦਾਨ ਪਾਉਂਦੀਆਂ ਹਨ। ਸਵਾਮੀ ਬ੍ਰਹਮ ਮੁਨੀ ਜੀ ਜਲਾਲ ਵਾਲਿਆਂ ਨੂੰ ਇਹ ਮਾਣ ਉਨ੍ਹਾਂ ਵੱਲੋਂ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਨਿਸ਼ਕਾਮ ਸਮਾਜ ਸੇਵਾ, ਮਨੁੱਖਤਾ ਦੀ ਭਲਾਈ ਅਤੇ ਆਧਿਆਤਮਿਕ ਜਾਗਰੂਕਤਾ ਲਈ ਮਿਲਿਆ ਹੈ। ਉਨ੍ਹਾਂ ਦੀ ਸੇਵਾ ਸਿਰਫ਼ ਸਥਾਨਕ ਪੱਧਰ ਤੱਕ ਸੀਮਤ ਨਹੀਂ ਰਹੀ, ਸਗੋਂ ਵੱਖ-ਵੱਖ ਖੇਤਰਾਂ ਵਿਚ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਕੇ ਉਨ੍ਹਾਂ ਨੇ ਵਿਸ਼ਾਲ ਪੱਧਰ ’ਤੇ ਆਪਣੀ ਪਹਿਚਾਣ ਬਣਾਈ ਹੈ। ਸਮਾਗਮ ਦੌਰਾਨ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਆਈਆਂ ਮਾਣਯੋਗ ਹਸਤੀਆਂ ਦੀ ਹਾਜ਼ਰੀ ਵਿਚ ਸਵਾਮੀ ਬ੍ਰਹਮ ਮੁਨੀ ਜੀ ਦੀਆਂ ਸੇਵਾਵਾਂ ਦੀ ਭਰਪੂਰ ਪ੍ਰਸੰਸਾ ਕੀਤੀ ਗਈ। ਇਸ ਮੌਕੇ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ (ਰਜਿ:) ਚੈਨਾ ਰੋਡ ਜੈਤੋ ਦੇ ਪ੍ਰਧਾਨ, ਮਾਤਾ ਅਮਰ ਕੌਰ ਅੱਖਾਂ ਦਾ ਹਸਪਤਾਲ ਚੈਨਾ ਰੋਡ ਜੈਤੋ ਦੇ ਸੰਚਾਲਕ, ਨਿਊ ਗੰਗਸਰ ਸਪੋਰਟਸ ਕਲੱਬ ਜੈਤੋ ਦੇ ਸਰਪ੍ਰਸਤ ਅਤੇ ਮਾਨਵ ਕਲਿਆਣ ਸੇਵਾ ਸੰਮਤੀ ਜੈਤੋ ਦੇ ਸਰਪ੍ਰਸਤ ਸੰਤ ਰਿਸ਼ੀ ਰਾਮ ਜੀ ਜਲਾਲ ਵਾਲਿਆਂ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਸਨਮਾਨ ਸਿਰਫ਼ ਸਵਾਮੀ ਬ੍ਰਹਮ ਮੁਨੀ ਜੀ ਲਈ ਹੀ ਨਹੀਂ, ਸਗੋਂ ਪੂਰੇ ਫ਼ਰੀਦਕੋਟ-ਬਠਿੰਡਾ ਜ਼ਿਲ੍ਹੇ ਅਤੇ ਸੰਸਥਾ ਲਈ ਮਾਣ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੇਵਾ ਦੇ ਰਸਤੇ ’ਤੇ ਚੱਲ ਰਹੇ ਹੋਰ ਸੇਵਾਦਾਰਾਂ ਨੂੰ ਵੀ ਨਵੀਂ ਪ੍ਰੇਰਣਾ ਮਿਲੇਗੀ ਅਤੇ ਸੰਸਥਾ ਦੇ ਉਦੇਸ਼ਾਂ ਨੂੰ ਹੋਰ ਮਜ਼ਬੂਤੀ ਮਿਲੇਗੀ। ਇਸ ਮੌਕੇ ਵਿਵੇਕ ਮਿਸ਼ਨ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਸੰਤ ਗੰਗਾ ਰਾਮ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਇੰਸਟੀਚਿਊਟ ਫਾਰ ਸੋਸ਼ਲ ਰਿਫਾਰਮ ਐਂਡ ਹਾਇਰ ਐਜੂਕੇਸ਼ਨ ਚੈਰੀਟੇਬਲ ਟਰੱਸਟ ਦਾ ਤਹਿਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਇਹ ਦਿਨ ਸੰਸਥਾ ਦੇ ਇਤਿਹਾਸ ਵਿਚ ਇਕ ਚੰਗੇ ਅਧਿਆਇ ਵਜੋਂ ਦਰਜ ਹੋਵੇਗਾ। ਉਨ੍ਹਾਂ ਕਿਹਾ ਕਿ ਸਨਮਾਨ ਮਿਲਣ ਨਾਲ ਸੰਸਥਾ ਦੀ ਜ਼ਿੰਮੇਵਾਰੀ ਹੋਰ ਵੱਧ ਗਈ ਹੈ ਅਤੇ ਉਹ ਭਵਿੱਖ ਵਿਚ ਵੀ ਸਮਾਜ ਦੀ ਭਲਾਈ ਲਈ ਇਸੇ ਤਰ੍ਹਾਂ ਨਿਰੰਤਰ ਯਤਨ ਕਰਦੀ ਰਹੇਗੀ। ਇਸ ਉਪਲਬਧੀ ਨਾਲ ਵਿਵੇਕ ਮਿਸ਼ਨ ਚੈਰੀਟੇਬਲ ਟਰੱਸਟ ਦਾ ਨਾਮ ਰਾਸ਼ਟਰੀ ਪੱਧਰ ’ਤੇ ਚਮਕਿਆ ਹੈ ਅਤੇ ਇਹ ਸਨਮਾਨ ਨੌਜਵਾਨ ਪੀੜ੍ਹੀ ਲਈ ਵੀ ਪ੍ਰੇਰਣਾ ਦਾ ਸਰੋਤ ਬਣਿਆ ਹੈ ਕਿ ਨਿਸ਼ਕਾਮ ਸੇਵਾ ਅਤੇ ਇਮਾਨਦਾਰੀ ਨਾਲ ਕੀਤਾ ਕੰਮ ਹਮੇਸ਼ਾ ਮਾਣ ਦਿਵਾਉਂਦਾ ਹੈ।