ਧਮਕੀ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦਿਆਂ ਬੰਬ ਨਿਰੋਧਕ ਟੀਮਾਂ ਨੂੰ ਮੌਕੇ ’ਤੇ ਭੇਜ ਦਿੱਤਾ। ਟੀਮਾਂ ਵੱਲੋਂ ਸਕੂਲ ਅਤੇ ਆਲੇ-ਦੁਆਲੇ ਦੇ ਇਲਾਕੇ ਦੀ ਬਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ ਤਾਂ ਜੋ ਕਿਸੇ ਵੀ ਸੰਭਾਵਿਤ ਖਤਰੇ ਨੂੰ ਟਾਲਿਆ ਜਾ ਸਕੇ।

ਵਕੀਲ ਮਹਿਰੋਂ, ਮੋਗਾ । ਮੋਗਾ ਜ਼ਿਲ੍ਹੇ ਦੇ ਤਿੰਨ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਮਿਲੀ ਜਾਣਕਾਰੀ ਅਨੁਸਾਰ ਮੋਗਾ ਦੇ ਸਰਕਾਰੀ ਸਕੂਲ ਗੋਥੇਆਲਾ, ਸਰਕਾਰੀ ਸਕੂਲ ਉਗੋਕੇ ਤੇ ਸਰਕਾਰੀ ਸਕੂਲ ਝੰਡਿਆਣਾ ਨੂੰ ਇਕ ਧਮਕੀ ਭਰੀ ਈਮੇਲ ਪ੍ਰਾਪਤ ਹੋਈ, ਜਿਸ ਵਿੱਚ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਗੱਲ ਕਹੀ ਗਈ ਸੀ।
ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਸਕੂਲ ਪ੍ਰਸ਼ਾਸਨ ਅਤੇ ਅਧਿਆਪਕ ਵਰਗ ਵਿੱਚ ਚਿੰਤਾ ਦਾ ਮਾਹੌਲ ਪੈਦਾ ਹੋ ਗਿਆ। ਗੋਥੇਆਲਾ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਰਾਜੇਸ਼ ਕੁਮਾਰ ਗਰਗ ਨੇ ਤੁਰੰਤ ਇਸ ਮਾਮਲੇ ਬਾਰੇ ਆਪਣੇ ਉੱਚ ਅਧਿਕਾਰੀਆਂ ਅਤੇ ਪੁਲਿਸ ਪ੍ਰਸ਼ਾਸਨ ਨੂੰ ਸੂਚਿਤ ਕੀਤਾ। ਉਨ੍ਹਾਂ ਦੱਸਿਆ ਕਿ ਉਸ ਸਮੇਂ ਸਕੂਲ ਵਿੱਚ ਵਿਦਿਆਰਥੀਆਂ ਦੇ ਪੇਪਰ ਚੱਲ ਰਹੇ ਸਨ, ਪਰ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪ੍ਰੀਖਿਆਵਾਂ ਨੂੰ ਤੁਰੰਤ ਰੱਦ ਕਰ ਦਿੱਤਾ ਗਿਆ ਅਤੇ ਵਿਦਿਆਰਥੀਆਂ ਨੂੰ ਸੁਰੱਖਿਅਤ ਤਰੀਕੇ ਨਾਲ ਘਰ ਭੇਜ ਦਿੱਤਾ ਗਿਆ।
ਧਮਕੀ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦਿਆਂ ਬੰਬ ਨਿਰੋਧਕ ਟੀਮਾਂ ਨੂੰ ਮੌਕੇ ’ਤੇ ਭੇਜ ਦਿੱਤਾ। ਟੀਮਾਂ ਵੱਲੋਂ ਸਕੂਲ ਅਤੇ ਆਲੇ-ਦੁਆਲੇ ਦੇ ਇਲਾਕੇ ਦੀ ਬਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ ਤਾਂ ਜੋ ਕਿਸੇ ਵੀ ਸੰਭਾਵਿਤ ਖਤਰੇ ਨੂੰ ਟਾਲਿਆ ਜਾ ਸਕੇ।
ਇਸ ਸਬੰਧੀ ਅਧਿਆਪਕ ਤੇਜਵੰਤ ਸਿੰਘ ਸੰਧੂ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਸਕੂਲ ਪਹੁੰਚੇ ਅਤੇ ਸਕੂਲ ਦੇ ਕੰਪਿਊਟਰ ਦੀ ਰੂਟੀਨ ਚੈਕਿੰਗ ਕੀਤੀ। ਇਸ ਦੌਰਾਨ ਸਕੂਲ ਦੀ ਅਧਿਕਾਰਕ ਈਮੇਲ ’ਤੇ ਤਿੰਨ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਜਾਣਕਾਰੀ ਸਾਹਮਣੇ ਆਈ। ਸਥਿਤੀ ਨੂੰ ਗੰਭੀਰਤਾ ਨਾਲ ਲੈਂਦਿਆਂ ਸਕੂਲ ਪ੍ਰਸ਼ਾਸਨ ਨੇ ਕੋਈ ਹਫੜਾ-ਦਫੜੀ ਨਾ ਮਚੇ ਇਸ ਲਈ ਬੱਚਿਆਂ ਨੂੰ ਬਿਨਾਂ ਘਬਰਾਹਟ ਪੈਦਾ ਕੀਤੇ ਸ਼ਾਂਤੀਪੂਰਨ ਢੰਗ ਨਾਲ ਘਰ ਭੇਜ ਦਿੱਤਾ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਧਮਕੀ ਭਰੀ ਈਮੇਲ ਦੇ ਸਰੋਤ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸਾਇਬਰ ਟੀਮ ਦੀ ਵੀ ਮਦਦ ਲਈ ਜਾ ਰਹੀ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਅਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਗਈ ਹੈ।
ਦੂਜੇ ਪਾਸੇ ਇਸ ਘਟਨਾ ਤੋਂ ਬਾਅਦ ਮਾਪਿਆਂ ਅਤੇ ਇਲਾਕਾ ਵਾਸੀਆਂ ਵਿੱਚ ਚਿੰਤਾ ਦਾ ਮਾਹੌਲ ਬਣ ਗਿਆ ਹੈ ਅਤੇ ਉਹ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਫਿਕਰਮੰਦ ਨਜ਼ਰ ਆ ਰਹੇ ਹਨ। ਪੁਲਿਸ ਅਤੇ ਸਕੂਲ ਪ੍ਰਸ਼ਾਸਨ ਵੱਲੋਂ ਭਰੋਸਾ ਦਿਵਾਇਆ ਗਿਆ ਹੈ ਕਿ ਵਿਦਿਆਰਥੀਆਂ ਦੀ ਸੁਰੱਖਿਆ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।