ਨਾਮਜ਼ਦਗੀਆਂ ਨੂੰ ਲੈ ਕੇ ਅਕਾਲੀ ਦਲ ਵੱਲੋਂ ਰੋਸ ਜ਼ਾਹਰ
ਪੰਜਾਬ ’ਚ ਨਗਰ ਕੌਂਸਲਾਂ ਅਤੇ ਨਗਰ
Publish Date: Wed, 13 May 2026 04:52 PM (IST)
Updated Date: Thu, 14 May 2026 04:01 AM (IST)

ਗੁਰਦੇਵ ਮਨੇਸ, ਪੰਜਾਬੀ ਜਾਗਰਣ ਕੋਟ ਈਸੇ ਖਾਂ: ਪੰਜਾਬ ’ਚ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਐਲਾਨ ਨਾਲ ਹੀ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਤਹਿਤ ਮੋਗਾ ਜ਼ਿਲ੍ਹੇ ਦੇ ਹਲਕਾ ਧਰਮਕੋਟ ਅਧੀਨ ਪੈਂਦੇ ਕੋਟ ਈਸੇ ਖਾਂ ’ਚ ਨਾਮਜ਼ਦਗੀਆਂ ਦੇ ਪਹਿਲੇ ਦਿਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੇ ਉਮੀਦਵਾਰਾਂ ਨੂੰ ਨੋ ਡਿਊ ਸਰਟੀਫ਼ਿਕੇਟ ਜਾਰੀ ਕਰਨ ਵਿਚ ਜਾਣ-ਬੁੱਝ ਕੇ ਦੇਰੀ ਕੀਤੀ ਜਾ ਰਹੀ ਹੈ, ਜਿਸ ਕਾਰਨ ਉਮੀਦਵਾਰਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ। ਆਗੂਆਂ ਨੇ ਕਿਹਾ ਕਿ ਨਗਰ ਪੰਚਾਇਤ ਦੇ ਈਓ ਦਿਨ ਭਰ ਦਫ਼ਤਰ ਵਿਚ ਮੌਜੂਦ ਨਹੀਂ ਰਹੇ ਅਤੇ ਉਨ੍ਹਾਂ ਦੇ ਕਮਰੇ ਦੀ ਕੁਰਸੀ ਖ਼ਾਲੀ ਰਹਿਣ ਕਾਰਨ ਲੋਕਾਂ ਨੂੰ ਹੋਰ ਵੀ ਮੁਸ਼ਕਲਾਂ ਆਈਆਂ। ਇਸ ਮੌਕੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਅਤੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਨਗਰ ਪੰਚਾਇਤ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਚੋਣ ਪ੍ਰਕਿਰਿਆ ਦੌਰਾਨ ਧੱਕੇਸ਼ਾਹੀ ਜਾਂ ਪੱਖਪਾਤ ਕੀਤਾ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਇਸ ਦਾ ਡਟ ਕੇ ਵਿਰੋਧ ਕਰੇਗਾ। ਬਰਜਿੰਦਰ ਸਿੰਘ ਮੱਖਣ ਬਰਾੜ ਨੇ ਕਿਹਾ ਕਿ ਇਸ ਮਾਮਲੇ ਦੀ ਸ਼ਿਕਾਇਤ ਪੰਜਾਬ ਚੋਣ ਕਮਿਸ਼ਨ ਕੋਲ ਕੀਤੀ ਜਾਵੇਗੀ। ਉਨ੍ਹਾਂ ਦੋਸ਼ ਲਗਾਇਆ ਕਿ ਸੱਤਾਧਾਰੀ ਪਾਰਟੀ ਦੇ ਦਬਾਅ ਹੇਠ ਅਫਸਰਸ਼ਾਹੀ ਵੱਲੋਂ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਤੰਗ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਨਗਰ ਪੰਚਾਇਤ ਦੇ ਈਓ ਅਮਰਇੰਦਰ ਸਿੰਘ ਨੇ ਸਾਰੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਉਹ ਇਕ ਅਹਿਮ ਮੀਟਿੰਗ ਵਿਚ ਸ਼ਾਮਲ ਹੋਣ ਕਾਰਨ ਦਫ਼ਤਰ ਤੋਂ ਬਾਹਰ ਸਨ। ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਵੱਲੋਂ ਕਿਸੇ ਵੀ ਪਾਰਟੀ ਦੇ ਉਮੀਦਵਾਰ ਨਾਲ ਕੋਈ ਭੇਦਭਾਵ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਦੱਸਿਆ ਕਿ ਅੱਜ ਵੀ 8 ਤੋਂ 10 ਨੋ ਡਿਊ ਸਰਟੀਫ਼ਿਕੇਟ ਜਾਰੀ ਕੀਤੇ ਗਏ ਹਨ ਅਤੇ ਜਿਹੜੀਆਂ ਵੀ ਫ਼ਾਈਲਾਂ ਨਿਯਮਾਂ ਅਨੁਸਾਰ ਠੀਕ ਪਾਈਆਂ ਜਾਣਗੀਆਂ, ਉਨ੍ਹਾਂ ਨੂੰ ਤੁਰੰਤ ਸਰਟੀਫ਼ਿਕੇਟ ਜਾਰੀ ਕਰ ਦਿੱਤੇ ਜਾਣਗੇ।