ਪੰਜਾਬ ਸਰਕਾਰ ਦਾ ਫੂਕਿਆ ਪੁਤਲਾ
ਪੰਜਾਬ ਏਟਕ ਅਤੇ ਪੰਜਾਬ ਸੁਬਾਰਡੀਨੇਟ
Publish Date: Tue, 05 May 2026 05:39 PM (IST)
Updated Date: Wed, 06 May 2026 04:08 AM (IST)

ਵਕੀਲ ਮਹਿਰੋਂ, ਨਿੱਜੀ ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਮੋਗਾ: ਪੰਜਾਬ ਏਟਕ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਫੈਸਲੇ ਮੁਤਾਬਕ ਮੋਗਾ ਦੇ ਬੱਸ ਅੱਡੇ ਵਿਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਜਗਦੀਸ਼ ਸਿੰਘ ਚਾਹਲ ਸੂਬਾਈ ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਬਿਲਕੁਲ ਹੀ ਅਣਗੌਲਿਆਂ ਕੀਤਾ ਹੈ। ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ, ਪੁਰਣੀ ਪੈਨਸ਼ਨ ਬਹਾਲ ਨਹੀਂ ਕੀਤੀ ਜਾ ਰਹੀ। ਇਕ ਪਾਸੇ ਤਾਂ ਉੱਚ ਅਫ਼ਸਰਾਂ ਨੂੰ ਪੰਜਾਬ ਸਰਕਾਰ ਨਾਲ ਦੀ ਨਾਲ ਹੀ ਡੀਏ ਦੇ ਰਹੀ ਹੈ ਅਤੇ ਹੋਰ ਸਹੂਲਤਾਂ ਨਾਲ ਮਾਲਾਮਾਲ ਕਰ ਰਹੀ ਹੈ ਪਰੰਤੂ ਦੂਜੇ ਪਾਸੇ ਛੋਟੇ ਦਰਜਾ ਤਿੰਨ ਅਤੇ ਚਾਰ ਦੇ ਮੁਲਾਜ਼ਮਾਂ ਨੂੰ ਆਪਣੇ ਆਪ ਤਾਂ ਡੀਏ ਕੀ ਦੇਣਾ ਸੀ, ਸਗੋਂ ਮਾਣਯੋਗ ਅਦਾਲਤ ਦੇ ਹੁਕਮ ਮੰਨਣ ਤੋਂ ਵੀ ਇਨਕਾਰੀ ਹੈ। ਹੁਣ ਡੀਏ ਦੀ ਅਦਾਇਗੀ ਨੂੰ ਟਾਲਣ ਲਈ ਪੰਜਾਬ ਸਰਕਾਰ ਨੇ ਡਬਲ ਬੈਂਚ ਕੋਲ ਐੱਲਪੀਏ ਪਾ ਦਿੱਤੀ ਹੈ ਤਾਂ ਕਿ ਕਿਸੇ ਤਰ੍ਹਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਡੀਏ ਨਾ ਦੇਣਾ ਪਵੇ। ਉਨ੍ਹਾਂ ਕਿਹਾ ਕਿ ਮੁਲਾਜ਼ਮ ਅਤੇ ਪੈਨਸ਼ਨਰ ਵੀ ਇਹ ਪੱਕਾ ਮਨ ਬਣਾ ਚੁੱਕੇ ਹਨ ਕਿ ਆਉਣ ਵਾਲੀਆਂ ਚੋਣਾਂ ਵਿਚ ਇਸ ਸਰਕਾਰ ਨੂੰ ਸਬਕ ਸਿਖਾਇਆ ਜਾਵੇਗਾ। ਉਨ੍ਹਾਂ ਕਿਹਾ ਇਸ ਸਰਕਾਰ ਨੇ ਕੰਮ ਤਾਂ ਕੀਤੇ ਨਹੀਂ ਪਰ ਇਸ਼ਤਿਹਾਰਾਂ ’ਤੇ ਬੇਲੋੜਾ ਖ਼ਰਚ ਬੇਹੱਦ ਕੀਤਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਵਿਚ ਖ਼ਾਲੀ ਆਸਾਮੀਆਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ। ਇਸ ਤਰ੍ਹਾਂ ਮਹਿਕਮਿਆਂ ਨੂੰ ਬਿਮਾਰ ਕਰਕੇ ਨਿੱਜੀਕਰਨ ਵੱਲ ਧੱਕਿਆ ਜਾ ਰਿਹਾ ਹੈ। ਇਸ ਮੌਕੇ ਗੁਰਜੰਟ ਸਿੰਘ ਕੋਕਰੀ ਨੇ ਵੀ ਪੰਜਾਬ ਸਰਕਾਰ ਦੀਆਂ ਨੀਤੀਆਂ ਦੀ ਅਲੋਚਨਾ ਕਰਦੇ ਹੋਏ ਕਿਹਾ ਕਿ ਇਹ ਸਰਕਾਰ ਕੋਲ ਸਿਰਫ਼ ਝੂਠ ਮਾਰਨ ਤੋਂ ਬਿਨਾਂ ਕੋਈ ਕੰਮ ਨਹੀਂ ਹੈ। ਇਹ ਕੰਮ ਘੱਟ ਪਰ ਇਸ਼ਤਿਹਾਰਬਾਜ਼ੀ ਵੱਧ ਕਰਦੀ ਹੈ। ਕੁਰੱਪਸ਼ਨ ਦੇ ਮਾਮਲੇ ਵਿਚ ਵੀ ਇਹ ਸਰਕਾਰ ਸਾਰੀਆਂ ਹੱਦਾਂ ਪਾਰ ਕਰ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅਜਮੇਰ ਸਿੰਘ ਅਖਾੜਾ, ਭੂਪਿੰਦਰ ਸਿੰਘ ਸੇਖੋਂ, ਬੂਟਾ ਸਿੰਘ ਭੱਟੀ, ਜਗਪਾਲ ਸਿੰਘ, ਗੁਰਮੇਲ ਸਿੰਘ ਨਾਹਰ, ਗੁਰਨਾਮ ਸਿੰਘ, ਰਾਜਬੀਰ ਸਿੰਘ, ਸਤਪਾਲ ਭਿੰਡਰ ਆਦਿ ਵੀ ਹਾਜ਼ਰ ਸਨ।