ਐੱਸਆਈਆਰ ਸਬੰਧੀ ਜ਼ਿਲ੍ਹੇ ’ਚ ਤਿਆਰੀ ਮੁਕੰਮਲ : ਡੀਸੀ
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ
Publish Date: Sat, 16 May 2026 03:20 PM (IST)
Updated Date: Sun, 17 May 2026 04:00 AM (IST)

ਸਟਾਫ ਰਿਪੋਰਟਰ ਪੰਜਾਬੀ ਜਾਗਰਣ ਮੋਗਾ : ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ, ਜਿਸ ਦਾ ਉਦੇਸ਼ ‘ਹਰੇਕ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਨੂੰ ਸੂਚੀ ਵਿਚੋਂ ਬਾਹਰ ਕਰਨਾ’ ਹੈ। ਇਸ ਸਬੰਧੀ ਡੀਸੀ ਸਾਗਰ ਸੇਤੀਆ ਨੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਅਧੀਨ ਜਿਲ੍ਹਾ ਮੋਗਾ ਵਿਚ 25 ਜੂਨ ਤੋਂ 24 ਜੁਲਾਈ ਤੱਕ ਬੀਐੱਲਓਜ਼ ਘਰੋਂ-ਘਰੀਂ ਜਾ ਕੇ ਵੋਟਰਜ਼ ਦੇ ਫਾਰਮ ਭਰਵਾਉਣਗੇ। ਇਸ ਕਾਰਜ ਲਈ 804 ਬੀਐੱਲਓਜ਼, 80 ਸੁਪਰਵਾਈਜ਼ਰ, 4 ਈਆਰਓਜ਼ ਅਤੇ 8 ਏਈਆਰਓਜ਼ ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ। ਹਰੇਕ ਬੀਐੱਲਓ ਨੂੰ ਔਸਤ 300 ਘਰ ਅਤੇ 1200 ਵੋਟਰ ਹੀ ਐੱਸਆਈਆਰ ਲਈ ਦਿੱਤੇ ਗਏ ਹਨ। ਐੱਸਆਈਆਰ ਸਬੰਧੀ ਬੀਐੱਲਓਜ਼ ਨੂੰ ਟ੍ਰੇਨਿੰਗ ਦੇਣ ਅਤੇ ਹੋਰ ਤਿਆਰੀਆਂ ਸਬੰਧੀਕੰਮ 15 ਜੂਨ ਤੋਂ 24 ਜੂਨ ਤੱਕ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਬੀਐੱਲਓਜ਼ ਘਰੋਂ-ਘਰੀਂ ਜਾ ਕੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਫਾਰਮ ਭਰਵਾਉਣਗੇ ਅਤੇ ਫਾਰਮ ਨੂੰ ਮੁੜ ਪ੍ਰਾਪਤ ਕਰਨ ਲਈ ਵੋਟਰਾਂ ਦੇ ਘਰ ਜਾ ਕੇ ਤਿੰਨ ਵਾਰ ਉਨ੍ਹਾਂ ਨਾਲ ਸੰਪਰਕ ਕਰਨਗੇ। ਡੀਸੀ ਸੇਤੀਆ ਨੇ ਦੱਸਿਆ ਕਿ ਜਿਲ੍ਹਾ ਮੋਗਾ ਵੱਲੋਂ ਕੀਤੀ ਗਈ ਪ੍ਰੀ ਐੱਸਆਈਆਰ ਮੈਪਿੰਗ ਦੇ ਤਹਿਤ ਜਿਲ੍ਹੇ ਦੇ 7 ਲੱਖ 55 ਹਜਾਰ 529 ਵੋਟਰਾਂ ਵਿਚੋਂ 6ਲੱਖ 57 ਹਜ਼ਾਰ 781 ਵੋਟਰਾਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ ਜੋ ਕਿ ਕੁੱਲ ਵੋਟਰਾਂ ਦਾ 87.06 ਫੀਸਦ ਬਣਦੀ ਹੈ। ਜਿਲ੍ਹਾ ਮੋਗਾ ਦੇ ਦਿਹਾਤੀ ਇਲਾਕਿਆਂ ਵਿਚ 91.09ਫ਼ੀਸਦੀ ਮੈਪਿੰਗ ਹੋ ਚੁੱਕੀ ਹੈ ਜਦਕਿ ਸ਼ਹਿਰੀ ਖੇਤਰਾਂ ਵਿਚ 76.86ਫ਼ੀਸਦੀ ਮੈਪਿੰਗ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦਾ ਕਾਰਜ 24 ਜੁਲਾਈ ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦਾ ਖਰੜਾ 31 ਜੁਲਾਈਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 31 ਜੁਲਾਈ ਤੋਂ 30 ਅਗਸਤ ਤੱਕ ਪੇਸ਼ ਕੀਤੇ ਜਾ ਸਕਦੇ ਹਨ। ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 31 ਜੁਲਾਈ ਤੋਂ 28 ਸਤੰਬਰ ਤੱਕ ਜਾਵੇਗਾ। ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 01 ਅਕਤੂਬਰ ਨੂੰ ਕੀਤੀ ਜਾਵੇਗੀ। ਜਿਲ੍ਹਾ ਮੋਗਾ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਕਰਵਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਵਿਚ ਬੀਐੱਲਓਜ਼ ਨੂੰ ਪੂਰਾ ਸਹਿਯੋਗ ਕਰਨ। ਡੀਸੀ ਨੇ ਜਿਲ੍ਹਾ ਮੋਗਾ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੂਥ ਲੈਵਲ ਏਜੰਟ ਜ਼ਰੂਰ ਨਿਯੁਕਤ ਕਰਨ ਤਾਂ ਜੋ ਇਹ ਕਾਰਜ ਨਿਰਵਿਘਨ ਢੰਗ ਨਾਲ ਨੇਪਰੇ ਚੜ੍ਹ ਸਕੇ। ਸਪੈਸ਼ਲ ਇੰਨਟੈਸਿਵ ਰਿਵੀਜ਼ਨ ਦੇ ਹਰੇਕ ਪੜਾਅ ‘ਤੇ ਰਾਜਨੀਤਿਕ ਪਾਰਟੀਆਂ ਨੂੰ ਸ਼ਾਮਲ ਕੀਤਾ ਜਾਵੇਗਾ।