ਸਿੱਖੀ ਸਿਧਾਂਤਾਂ ਨਾਲ ਛੇੜਛਾੜ ਬਰਦਾਸ਼ਤ ਨਹੀਂ : ਹਰੀਏਵਾਲਾ
ਸਿੱਖੀ ਸਿਧਾਂਤਾਂ ਅਤੇ ਸ੍ਰੀ ਅਕਾਲ ਤਖ਼ਤ
Publish Date: Mon, 11 May 2026 04:56 PM (IST)
Updated Date: Tue, 12 May 2026 04:03 AM (IST)

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਸਿੱਖੀ ਸਿਧਾਂਤਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸੱਤਾ ਨੂੰ ਚੁਣੌਤੀ ਦੇਣ ਵਾਲਾ ਕੋਈ ਵੀ ਕਾਨੂੰਨ ਸਿੱਖ ਕੌਮ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਖ਼ਾਲਸਾ ਪੰਥ ਨੇ ਵੱਡੀਆਂ ਕੁਰਬਾਨੀਆਂ ਦੇ ਕੇ ਸਿੱਖੀ ਦੀ ਮਰਿਯਾਦਾ, ਪਰੰਪਰਾਵਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹਾਨਤਾ ਨੂੰ ਜ਼ਿੰਦਾ ਰੱਖਿਆ ਹੈ ਅਤੇ ਸਮੇਂ-ਸਮੇਂ ’ਤੇ ਸਿੱਖੀ ਸਿਧਾਂਤਾਂ ਨਾਲ ਟੱਕਰ ਲੈਣ ਵਾਲੀਆਂ ਤਾਕਤਾਂ ਨੂੰ ਹਮੇਸ਼ਾਂ ਮੂੰਹ ਦੀ ਖਾਣੀ ਪਈ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਦਵਿੰਦਰ ਸਿੰਘ ਹਰੀਏਵਾਲਾ ਨੇ ਗੱਲਬਾਤ ਦੌਰਾਨ ਕੀਤਾ। ਹਰੀਏਵਾਲਾ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਹਰ ਮੋਰਚੇ ’ਤੇ ਅਸਫ਼ਲ ਹੋ ਚੁੱਕੀ ਹੈ ਅਤੇ ਹੁਣ ਆਪਣੀਆਂ ਰਾਜਨੀਤਿਕ ਨਾਕਾਮੀਆਂ ਨੂੰ ਲੁਕਾਉਣ ਲਈ ਧਾਰਮਿਕ ਮਾਮਲਿਆਂ ਵਿਚ ਦਖ਼ਲਅੰਦਾਜ਼ੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖੀ ਸਿਧਾਂਤ ਸਾਡੇ ਵੱਡੇ-ਵਡੇਰਿਆਂ ਨੇ ਬਹੁਤ ਸੋਚ-ਵਿਚਾਰ ਅਤੇ ਕੁਰਬਾਨੀਆਂ ਨਾਲ ਕੌਮ ਨੂੰ ਬਖ਼ਸ਼ੇ ਹਨ ਅਤੇ ਕੋਈ ਵੀ ਸਰਕਾਰ ਆਪਣੇ ਰਾਜਨੀਤਿਕ ਮਕਸਦਾਂ ਲਈ ਉਨ੍ਹਾਂ ਵਿਚ ਤਬਦੀਲੀ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਦਿੱਲੀ ਅਤੇ ਪੰਜਾਬ ਦੀਆਂ ਸਰਕਾਰਾਂ ਸਿੱਖਾਂ ਦੇ ਇਤਿਹਾਸ ਅਤੇ ਰਾਜਸੀ ਤਾਕਤ ਤੋਂ ਘਬਰਾਕੇ ਅਜਿਹੀਆਂ ਕੋਝੀਆਂ ਚਾਲਾਂ ਚੱਲ ਰਹੀਆਂ ਹਨ, ਜਿਨ੍ਹਾਂ ਦਾ ਮਕਸਦ ਸਿੱਖਾਂ ਨੂੰ ਆਪਣੀਆਂ ਜੜ੍ਹਾਂ ਅਤੇ ਗੁਰੂ ਸਾਹਿਬਾਨ ਦੇ ਸਿਧਾਂਤਾਂ ਤੋਂ ਦੂਰ ਕਰਨਾ ਹੈ ਪਰ ਸਿੱਖ ਕੌਮ ਅਜਿਹੀਆਂ ਹਰ ਸਾਜ਼ਿਸ਼ ਦਾ ਡਟ ਕੇ ਮੁਕਾਬਲਾ ਕਰੇਗੀ। ਦਵਿੰਦਰ ਸਿੰਘ ਹਰੀਏਵਾਲਾ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਤੋਂ ਬਾਅਦ ਮਾਸਟਰ ਤਾਰਾ ਸਿੰਘ ਅਤੇ ਪੰਡਤ ਜਵਾਹਰ ਲਾਲ ਨਹਿਰੂ ਵਿਚਕਾਰ ਇਕ ਸਮਝੌਤਾ ਹੋਇਆ ਸੀ ਕਿ ਸਿੱਖ ਪਰੰਪਰਾਵਾਂ ਅਤੇ ਸਿੱਖੀ ਸਿਧਾਂਤਾਂ ਨਾਲ ਸਬੰਧਤ ਕੋਈ ਵੀ ਕਾਨੂੰਨ ਬਣਾਉਣ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿਚ ਦੋ ਤਿਹਾਈ ਬਹੁਮਤ ਨਾਲ ਮਤਾ ਪਾਸ ਕੀਤਾ ਜਾਵੇਗਾ ਅਤੇ ਉਸ ਤੋਂ ਬਾਅਦ ਹੀ ਉਹ ਵਿਧਾਨ ਸਭਾ ਵਿਚ ਲਿਆਂਦਾ ਜਾਵੇਗਾ ਪਰ ਮੌਜੂਦਾ ਸਮੇਂ ਵਿਚ ਜਿਸ ਤਰੀਕੇ ਨਾਲ ਇਹ ਕਾਨੂੰਨ ਲਿਆਂਦਾ ਜਾ ਰਿਹਾ ਹੈ, ਉਹ ਸਿੱਧੇ ਤੌਰ ’ਤੇ ਸਿੱਖੀ ਸਿਧਾਂਤਾਂ ’ਤੇ ਹਮਲਾ ਹੈ। ਇਸ ਮੌਕੇ ਭਾਈ ਅਮਨਦੀਪ ਸਿੰਘ ਅਮਨਾ ਪੰਜਗਰਾਈ, ਸੁਖਦੇਵ ਸਿੰਘ ਡੇਮਰੂ, ਜਸਵੀਰ ਸਿੰਘ ਘੋਲੀਆ, ਸੂਬੇਦਾਰ ਬਲਵੰਤ ਸਿੰਘ ਰੋਡੇ, ਵਾਰਿਸ ਪੰਜਾਬ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਦੀਪ ਸਿੱਧੂ ਸਮੇਤ ਹੋਰ ਆਗੂ ਵੀ ਹਾਜ਼ਰ ਸਨ।