ਸਫ਼ਾਈ ਸੇਵਕਾਂ ਦੀ ਹੜਤਾਲ ਨੂੰ ਟਰੇਡ ਯੂਨੀਅਨ ਕੌਂਸਲ ਵੱਲੋਂ ਹਮਾਇਤ
ਪੰਜਾਬ ਭਰ ਵਿਚ ਆਪਣੀਆਂ ਹੱਕੀ
Publish Date: Tue, 12 May 2026 04:28 PM (IST)
Updated Date: Wed, 13 May 2026 04:01 AM (IST)

ਵਕੀਲ ਮਹਿਰੋਂ, ਪੰਜਾਬੀ ਜਾਗਰਣ ਮੋਗਾ: ਪੰਜਾਬ ਭਰ ਵਿਚ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਸਫ਼ਾਈ ਸੇਵਕਾਂ ਦੀ ਹੜਤਾਲ ਨੂੰ ਹੁਣ ਵੱਖ-ਵੱਖ ਜਥੇਬੰਦੀਆਂ ਦਾ ਸਮਰਥਨ ਮਿਲਣਾ ਸ਼ੁਰੂ ਹੋ ਗਿਆ ਹੈ। ਇਸੇ ਤਹਿਤ ਟਰੇਡ ਯੂਨੀਅਨ ਕੌਂਸਲ ਮੋਗਾ ਦੇ ਪ੍ਰਧਾਨ ਜਗਦੀਸ਼ ਸਿੰਘ ਚਾਹਲ ਅਤੇ ਸਕੱਤਰ ਜਗਸੀਰ ਖੋਸਾ ਨੇ ਸਫ਼ਾਈ ਸੇਵਕਾਂ ਦੇ ਚੱਲ ਰਹੇ ਸੰਘਰਸ਼ ਦੀ ਪੂਰੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਲਾਂ ਤੋਂ ਨਿਗਮਾਂ, ਨਗਰ ਕੌਂਸਲਾਂ ਅਤੇ ਪਿੰਡਾਂ ਵਿੱਚ ਸੇਵਾ ਨਿਭਾ ਰਹੇ ਕੱਚੇ ਸਫ਼ਾਈ ਮੁਲਾਜ਼ਮਾਂ ਦੀਆਂ ਮੰਗਾਂ ਪੂਰੀ ਤਰ੍ਹਾਂ ਜਾਇਜ਼ ਹਨ ਅਤੇ ਸਰਕਾਰ ਨੂੰ ਤੁਰੰਤ ਇਨ੍ਹਾਂ ਮਸਲਿਆਂ ਦਾ ਹੱਲ ਕਰਨਾ ਚਾਹੀਦਾ ਹੈ। ਆਗੂਆਂ ਨੇ ਕਿਹਾ ਕਿ ਸਫ਼ਾਈ ਕਾਮੇ ਹਰ ਰੋਜ਼ ਆਪਣੀ ਜਾਨ ਜੋਖ਼ਿਮ ਵਿਚ ਪਾ ਕੇ ਲੋਕਾਂ ਨੂੰ ਸਾਫ਼-ਸੁਥਰਾ ਮਾਹੌਲ ਮੁਹੱਈਆ ਕਰਵਾਉਣ ਲਈ ਦਿਨ-ਰਾਤ ਮਿਹਨਤ ਕਰਦੇ ਹਨ। ਗਰਮੀ, ਸਰਦੀ ਜਾਂ ਬਰਸਾਤ ਹਰ ਮੌਸਮ ਵਿੱਚ ਇਹ ਮੁਲਾਜ਼ਮ ਸ਼ਹਿਰਾਂ ਅਤੇ ਪਿੰਡਾਂ ਦੀ ਸਫ਼ਾਈ ਲਈ ਡਿਊਟੀ ਨਿਭਾਉਂਦੇ ਹਨ, ਪਰ ਦੁੱਖ ਦੀ ਗੱਲ ਹੈ ਕਿ ਸਰਕਾਰਾਂ ਵੱਲੋਂ ਉਹਨਾਂ ਨਾਲ ਲਗਾਤਾਰ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਾਲਾਂ ਦੀ ਸੇਵਾ ਦੇ ਬਾਵਜੂਦ ਹਜ਼ਾਰਾਂ ਮੁਲਾਜ਼ਮ ਅਜੇ ਵੀ ਕੱਚੇ ਤੌਰ ’ਤੇ ਕੰਮ ਕਰਨ ਲਈ ਮਜਬੂਰ ਹਨ ਅਤੇ ਠੇਕਾ ਪ੍ਰਥਾ ਕਾਰਨ ਉਨ੍ਹਾਂ ਦਾ ਆਰਥਿਕ ਅਤੇ ਸਮਾਜਿਕ ਸ਼ੋਸ਼ਣ ਹੋ ਰਿਹਾ ਹੈ। ਜਗਦੀਸ਼ ਸਿੰਘ ਚਾਹਲ ਅਤੇ ਜਗਸੀਰ ਖੋਸਾ ਨੇ ਕਿਹਾ ਕਿ ਸਫ਼ਾਈ ਸੇਵਕਾਂ ਦੀਆਂ ਮੁੱਖ ਮੰਗਾਂ ਵਿਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਠੇਕਾ ਪ੍ਰਥਾ ਖ਼ਤਮ ਕਰਨਾ, ਘੱਟੋ-ਘੱਟ ਤਨਖ਼ਾਹ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕਰਨਾ ਅਤੇ ਸਫ਼ਾਈ ਕਾਮਿਆਂ ਨੂੰ ਸਮਾਜਿਕ ਸੁਰੱਖਿਆ ਦੇਣਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਹ ਮੰਗਾਂ ਕੋਈ ਵਿਸ਼ੇਸ਼ ਸਹੂਲਤਾਂ ਨਹੀਂ, ਸਗੋਂ ਮੁਲਾਜ਼ਮਾਂ ਦੇ ਬੁਨਿਆਦੀ ਅਧਿਕਾਰ ਹਨ, ਜਿਨ੍ਹਾਂ ਨੂੰ ਲੰਮੇ ਸਮੇਂ ਤੋਂ ਅਣਡਿੱਠਾ ਕੀਤਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਸਮੇਂ ਸਿਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਇਸ ਦਾ ਖ਼ਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪਵੇਗਾ। ਹੜਤਾਲ ਕਾਰਨ ਸ਼ਹਿਰਾਂ ਅਤੇ ਕਸਬਿਆਂ ਵਿਚ ਥਾਂ-ਥਾਂ ਕੂੜੇ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ, ਜਿਸ ਨਾਲ ਗੰਦਗੀ ਫੈਲ ਰਹੀ ਹੈ ਅਤੇ ਬਿਮਾਰੀਆਂ ਦਾ ਖ਼ਤਰਾ ਵਧਦਾ ਜਾ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਹਾਲਾਤ ਇੰਝ ਹੀ ਬਣੇ ਰਹੇ ਤਾਂ ਆਉਣ ਵਾਲੇ ਦਿਨਾਂ ਵਿਚ ਲੋਕਾਂ ਨੂੰ ਹੋਰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਟਰੇਡ ਯੂਨੀਅਨ ਕੌਂਸਲ ਦੇ ਆਗੂਆਂ ਨੇ ਸਮੂਹ ਮਜ਼ਦੂਰ ਜਥੇਬੰਦੀਆਂ, ਮੁਲਾਜ਼ਮ ਯੂਨੀਅਨਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਫ਼ਾਈ ਸੇਵਕਾਂ ਦੇ ਇਸ ਜਾਇਜ਼ ਸੰਘਰਸ਼ ਦੀ ਹਮਾਇਤ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਮਜ਼ਦੂਰ ਵਰਗ ਦੀ ਏਕਤਾ ਹੀ ਸਰਕਾਰਾਂ ਨੂੰ ਲੋਕ-ਹਿੱਤ ਫ਼ੈਸਲੇ ਲੈਣ ਲਈ ਮਜਬੂਰ ਕਰ ਸਕਦੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਨੂੰ ਟਕਰਾਅ ਦੀ ਬਜਾਏ ਗੱਲਬਾਤ ਰਾਹੀਂ ਮਸਲੇ ਦਾ ਤੁਰੰਤ ਹੱਲ ਕਰਨਾ ਚਾਹੀਦਾ ਹੈ ਤਾਂ ਜੋ ਸਫ਼ਾਈ ਪ੍ਰਬੰਧ ਦੁਬਾਰਾ ਪਟੜੀ ‘ਤੇ ਆ ਸਕਣ ਅਤੇ ਲੋਕਾਂ ਨੂੰ ਰਾਹਤ ਮਿਲ ਸਕੇ।