ਪਾਵਰਕਾਮ ਠੇਕਾ ਮੁਲਾਜ਼ਮਾਂ ਨੇ ਕੀਤਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ
ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜਮ
Publish Date: Wed, 03 Dec 2025 04:24 PM (IST)
Updated Date: Thu, 04 Dec 2025 04:00 AM (IST)

ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਕੀਤੀ ਜ਼ੋਰਦਾਰ ਨਾਅਰੇਬਾਜ਼ੀ ਵਕੀਲ ਮਹਿਰੋਂ, ਪੰਜਾਬੀ ਜਾਗਰਣ, ਮੋਗਾ : ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਪੰਜਾਬ ਵਲੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਕੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਪੱਕਾ ਕਰਨ ਦੀ ਮੰਗ ਨੂੰ ਲੈਕੇ ਕੀਤੀ ਜਾ ਰਹੀ ਤਿੰਨ ਰੋਜਾ ਹੜਤਾਲ ਦੇ ਪਹਿਲੇ ਦਿਨ ਬਿਜਲੀ ਘਰ ਮੋਗਾ ਗੇਟ ਤੇ ਕੀਤੀ ਗਈ। ਇਕੱਤਰਤਾ ਨੂੰ ਸੰਬੋਧਨ ਕਰਦਿਆਂ ਮੋਰਚੇ ਜਿਲ੍ਹਾ ਆਗੂਆਂ ਕੁਲਦੀਪ ਸਿੰਘ ਪ੍ਰਧਾਨ ਸਿਟੀ ਡਿਵੀਜ਼ਨ ਮੋਗਾ, ਮਨਮੋਹਨ ਸਿੰਘ ਸਾਊਥ ਸਬ ਡਿਵੀਜ਼ਨ ਮੋਗਾ, ਸਬ ਡਿਵੀਜ਼ਨ ਪ੍ਰਧਾਨ ਗੁਰਜੰਟ ਸਿੰਘ ਤੇ ਹੋਰ ਸਾਥੀਆਂ ਨੇ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਮਰਜ਼ ਕਰਕੇ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਆਪ ਸਰਕਾਰ ਨੇ ਆਪਣੇ ਕਾਰਜ਼ਕਾਲ ਦੇ ਪੌਣੇ ਚਾਰ ਸਾਲਾਂ ਵਿਚ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸੰਬੰਧੀ ਹਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ ਅਤੇ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਪੱਕਾ ਨਹੀਂ ਕੀਤਾ ਜਾ ਰਿਹਾ।ਉਨ੍ਹਾਂ ਕਿਹਾ ਨਿੱਜੀਕਰਨ ਦੇ ਇਸ ਹੱਲੇ ਤਹਿਤ ਸਮੂਹ ਸਰਕਾਰੀ ਵਿਭਾਗਾਂ ਵਿੱਚੋਂ ਕੰਮ-ਭਾਰ ਨੀਤੀ ਮੁਤਾਬਿਕ ਤਹਿ ਕੀਤੀਆਂ ਪੱਕੀਆਂ ਅਸਾਮੀਆਂ ਦਾ ਖਾਤਮਾ ਕੀਤਾ ਜਾ ਰਿਹਾ ਹੈ ਅਤੇ ਸਰਕਾਰੀ ਵਿਭਾਗਾਂ ਦੀਆਂ ਜਮੀਨਾਂ ਨੂੰ ਵੇਚਿਆ ਜਾ ਰਿਹਾ ਹੈ ਅਤੇ ਨਿੱਜੀਕਰਨ ਦੇ ਇਸ ਹੱਲੇ ਤਹਿਤ ਹੀ ਆਊਟਸੋਰਸ਼ਡ/ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿਚ ਪੱਕਾ ਨਹੀਂ ਕੀਤਾ ਜਾ ਰਿਹਾ। ਇਸ ਦੇ ਵਿਰੋਧ ਵਜੋਂ ਸਮੁੱਚੇ ਪੰਜਾਬ ਵਿਚ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮ 2-3 ਅਤੇ 4 ਦਸੰਬਰ ਨੂੰ ਤਿੰਨ ਰੋਜਾ ਹੜਤਾਲ਼ ਕਰਕੇ ਆਪਣੇ-ਆਪਣੇ ਵਿਭਾਗਾਂ ਦੇ ਦਫਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਨ ਦੇ ਉਲੀਕੇ ਗੲ ਹਨ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ, ਨਵੇਂ ਕਿਰਤ ਅਤੇ ਬਿਜਲੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ, ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿਚ ਪੱਕਾ ਕੀਤਾ ਜਾਵੇ। ਇਸ ਮੌਕੇ ਵੱਖ ਜਥੇਬੰਦੀਆਂ ਦੇ ਆਗੂ ਹਾਜਰ ਸਨ।