ਗਿੱਦੜਬਾਹਾ 'ਚ ਹੰਗਾਮਾ: ਚੋਣਾਂ ਦੌਰਾਨ 'ਆਪ' ਤੇ ਅਕਾਲੀ ਵਰਕਰਾਂ ਵਿਚਾਲੇ ਜ਼ਬਰਦਸਤ ਝੜਪ; ਚੱਲੇ ਲੱਤਾਂ-ਘਸੁੰਨ, ਬਾਹਰੋਂ ਬੰਦੇ ਬੁਲਾਉਣ ਦੇ ਦੋਸ਼
ਮੁਕਤਸਰ ਦੇ ਗਿੱਦੜਬਾਹਾ ’ਚ ਨਗਰ ਕੌਂਸਲ ਚੋਣਾਂ ਦੌਰਾਨ ਵਾਰਡ ਨੰਬਰ 18 ਅਤੇ 19 ਦੇ ਪੋਲਿੰਗ ਬੂਥਾਂ ’ਤੇ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਜਦੋਂ ਸ਼ਿਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਮਰਥਕ ਆਪਸ ’ਚ ਭਿੜ ਗਏ। ਦੋਵਾਂ ਪਾਰਟੀਆਂ ਦੇ ਵਰਕਰਾਂ ਨੇ ਇੱਕ-ਦੂਜੇ ’ਤੇ ਬਾਹਰੋਂ ਲੋਕਾਂ ਨੂੰ ਲਿਆ ਕੇ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੇ ਗੰਭੀਰ ਦੋਸ਼ ਲਗਾਏ। ਪ੍ਰਤੱਖਦਰਸ਼ੀਆਂ ਅਨੁਸਾਰ ਵਿਵਾਦ ਇੰਨਾ ਵਧ ਗਿਆ ਕਿ ਹੱਥੋਪਾਈ ਦੀ ਨੌਬਤ ਆ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਵਿਧਾਇਕ ਡਿੰਪੀ ਢਿੱਲੋਂ ਦੇ ਪੀਏ ਅਤੇ ਉਨ੍ਹਾਂ ਦੇ ਸਾਥੀਆਂ ਨੇ ਅਕਾਲੀ ਆਗੂ ਚਰਨਜੀਤ ਸਿੰਘ ਭੁੰਦੜ ਅਤੇ ਹੋਰ ਵਰਕਰਾਂ ਨਾਲ ਕਥਿਤ ਤੌਰ ’ਤ
Publish Date: Tue, 26 May 2026 01:41 PM (IST)
Updated Date: Tue, 26 May 2026 01:52 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗਿੱਦੜਬਾਹਾ : ਮੁਕਤਸਰ ਦੇ ਗਿੱਦੜਬਾਹਾ ’ਚ ਨਗਰ ਕੌਂਸਲ ਚੋਣਾਂ ਦੌਰਾਨ ਵਾਰਡ ਨੰਬਰ 18 ਅਤੇ 19 ਦੇ ਪੋਲਿੰਗ ਬੂਥਾਂ ’ਤੇ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਜਦੋਂ ਸ਼ਿਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਮਰਥਕ ਆਪਸ ’ਚ ਭਿੜ ਗਏ। ਦੋਵਾਂ ਪਾਰਟੀਆਂ ਦੇ ਵਰਕਰਾਂ ਨੇ ਇੱਕ-ਦੂਜੇ ’ਤੇ ਬਾਹਰੋਂ ਲੋਕਾਂ ਨੂੰ ਲਿਆ ਕੇ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੇ ਗੰਭੀਰ ਦੋਸ਼ ਲਗਾਏ। ਪ੍ਰਤੱਖਦਰਸ਼ੀਆਂ ਅਨੁਸਾਰ ਵਿਵਾਦ ਇੰਨਾ ਵਧ ਗਿਆ ਕਿ ਹੱਥੋਪਾਈ ਦੀ ਨੌਬਤ ਆ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਵਿਧਾਇਕ ਡਿੰਪੀ ਢਿੱਲੋਂ ਦੇ ਪੀਏ ਅਤੇ ਉਨ੍ਹਾਂ ਦੇ ਸਾਥੀਆਂ ਨੇ ਅਕਾਲੀ ਆਗੂ ਚਰਨਜੀਤ ਸਿੰਘ ਭੁੰਦੜ ਅਤੇ ਹੋਰ ਵਰਕਰਾਂ ਨਾਲ ਕਥਿਤ ਤੌਰ ’ਤੇ ਕੁੱਟਮਾਰ ਕੀਤੀ। ਦੂਜੇ ਪਾਸੇ 'ਆਪ' ਵਰਕਰਾਂ ਵੱਲੋਂ ਵੀ ਉਨ੍ਹਾਂ ’ਤੇ ਹਮਲਾ ਕਰਨ ਦੇ ਦੋਸ਼ ਲਗਾਏ ਜਾ ਰਹੇ ਹਨ।
ਅਚਾਨਕ ਹੋਏ ਇਸ ਝਗੜੇ ਕਾਰਨ ਪੋਲਿੰਗ ਬੂਥ ’ਤੇ ਅਫ਼ਰਾ-ਤਫ਼ਰੀ ਮਚ ਗਈ ਅਤੇ ਵੋਟ ਪਾਉਣ ਆਏ ਲੋਕ ਵੀ ਇੱਧਰ-ਉੱਧਰ ਹਟਣ ਲੱਗੇ। ਇਸ ਝੜਪ ਤੋਂ ਬਾਅਦ ਸਥਾਨਕ ਲੋਕ ਡਰੇ ਹੋਏ ਹਨ। ਮਹਿਲਾਵਾਂ ਅਤੇ ਬਜ਼ੁਰਗਾਂ ’ਚ ਖ਼ਾਸਾ ਡਰ ਦੇਖਿਆ ਗਿਆ। ਇਸ ਘਟਨਾ ਨੇ ਚੋਣਾਂ ਦੌਰਾਨ ਸੁਰੱਖਿਆ ਪ੍ਰਬੰਧਾਂ ’ਤੇ ਵੀ ਵੱਡੇ ਸਵਾਲ ਖੜ੍ਹੇ ਕਰ ਦਿੱਤੇ ਹਨ। ਵਿਰੋਧੀ ਧਿਰ ਦਾ ਦੋਸ਼ ਹੈ ਕਿ ਪ੍ਰਸ਼ਾਸਨ ਨਿਰਪੱਖ ਚੋਣਾਂ ਕਰਵਾਉਣ ’ਚ ਨਾਕਾਮ ਰਿਹਾ ਹੈ, ਜਦਕਿ ਪੁਲਿਸ ਦਾ ਕਹਿਣਾ ਹੈ ਕਿ ਸਥਿਤੀ ਹੁਣ ਕੰਟਰੋਲ ਹੇਠ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਭਾਰੀ ਪੁਲਿਸ ਫੋਰਸ ਮੌਕੇ ’ਤੇ ਪਹੁੰਚੀ ਅਤੇ ਸਥਿਤੀ ਨੂੰ ਸੰਭਾਲਿਆ। ਪੁਲਿਸ ਅਧਿਕਾਰੀਆਂ ਨੇ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾਇਆ ਅਤੇ ਵੋਟਿੰਗ ਪ੍ਰਕਿਰਿਆ ਦੁਬਾਰਾ ਸ਼ੁਰੂ ਕਰਵਾਈ। ਫਿਲਹਾਲ ਵਾਰਡ 18-19 ਦੇ ਬੂਥਾਂ ’ਤੇ ਵਾਧੂ ਸੁਰੱਖਿਆ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।