ਕਣਕ ਦੀ ਖ਼ਰੀਦ ਦਾ ਕੰਮ ਮੁਕੰਮਲ ਹੋਣ ਨੇੜੇ : ਡੀਸੀ
ਮੋਗਾ ਜ਼ਿਲ੍ਹੇ ਵਿਚ ਕਣਕ ਦੀ
Publish Date: Thu, 30 Apr 2026 03:55 PM (IST)
Updated Date: Fri, 01 May 2026 04:02 AM (IST)

ਮਨਪ੍ਰੀਤ ਸਿੰਘ ਮੱਲੇਆਣਾ ਪੰਜਾਬੀ ਜਾਗਰਣ ਮੋਗਾ: ਮੋਗਾ ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਸੀਜ਼ਨ ਪ੍ਰਸ਼ਾਸ਼ਨ ਵੱਲੋਂ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਸਦਕਾ ਸੁਚਾਰੂ ਢੰਗ ਨਾਲ ਮੁਕੰਮਲ ਹੋਣ ਕਿਨਾਰੇ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿਚੋਂ ਕਣਕ ਦੀ ਸ਼ਰੀਦ ਦੇ ਨਾਲ ਨਾਲ ਲਿਫ਼ਟਿੰਗ ਕਰਨੀ ਵੀ ਤੇਜ਼ੀ ਨਾਲ ਯਕੀਨੀ ਬਣਾਈ ਜਾ ਰਹੀ ਹੈ। ਖ਼ਰੀਦ ਕੀਤੀ ਗਈ ਕਣਕ ਦੀ ਅਦਾਇਗੀ ਵੀ ਨਾਲੋਂ ਨਾਲ ਯਕੀਨੀ ਬਣਾਈ ਜਾ ਰਹੀ ਹੈ। ਕਿਸਾਨਾਂ ਨੂੰ ਮੰਡੀਆਂ ਵਿਚ ਆਪਣੀ ਫ਼ਸਲ ਵੇਚਣ ਵਿਚ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾ ਰਿਹਾ। ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਬੀਤੇ ਕੱਲ 628406 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਹੋਈ ਹੈ। ਉਨ੍ਹਾਂ ਦੱਸਿਆ ਕਿ ਮੋਗਾ ਜ਼ਿਲ੍ਹੇ ਵਿਚ ਕਿਸਾਨਾਂ ਨੂੰ 1470 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਕਣਕ ਦੀ ਖ਼ਰੀਦ ਦੇ ਵਿਚ ਪਨਗਰੇਨ ਵੱਲੋਂ 214736 ਮੀਟਰਿਕ ਟਨ, ਮਾਰਕਫੈੱਡ ਵੱਲੋਂ 167178 ਮੀਟਰਕ ਟਨ, ਪਨਸਪ ਵੱਲੋਂ 142269 ਮੀਟਰਕ ਟਨ, 103892 ਵੇਅਰ ਹਾਊਸ ਵੱਲੋਂ ਮੀਟਰਕ ਟਨ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ 329 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਹੈ। ਡੀਸੀ ਸਾਗਰ ਸੇਤੀਆ ਨੇ ਦੱਸਿਆ ਕਿ ਰੋਜ਼ਾਨਾ ਲਗਭਗ 15 ਤੋਂ 20 ਹਜ਼ਾਰ ਮੀਟਰਕ ਟਨ ਕਣਕ ਦੀ ਮੰਡੀਆਂ ਵਿਚ ਆਮਦ ਹੋ ਰਹੀ ਹੈ ਜਿਸ ਦੀ ਨਾਲੋਂ ਨਾਲ ਖ਼ਰੀਦ ਕੀਤੀ ਜਾ ਰਹੀ ਹੈ। ਬੀਤੇ ਕੱਲ੍ਹ 22373 ਮੀਟਰਕ ਟਨ ਦੀ ਖ਼ਰੀਦ ਕੀਤੀ ਗਈ। ਉਨ੍ਹਾਂ ਖ਼ਰੀਦੀ ਗਈ ਕਣਕ ਦੀ ਚੁਕਾਈ ਵਿਚ ਹੋਰ ਤੇਜ਼ੀ ਲਿਆਉਣ ਦੇ ਹੁਕਮ ਦਿੰਦਿਆਂ ਕਿਹਾ ਕਿ ਖੁਰਾਕ ਸਪਲਾਈ, ਖ਼ਰੀਦ ਏਜੰਸੀਆਂ ਦੇ ਅਧਿਕਾਰੀ ਕਣਕ ਦੀ ਨਿਰਧਾਰਿਤ ਸਮੇਂ ਅੰਦਰ ਚੁਕਾਈ ਨੂੰ ਯਕੀਨੀ ਬਣਾਉਣ। ਦੱਸਣਯੋਗ ਹੈ ਕਿ ਲਗਭਗ 4 ਲੱਖ ਮੀਟਰਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ, ਉਨ੍ਹਾਂ ਕਿਹਾ ਕਿ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਹਿਰੀਲੀਆਂ ਗੈਸਾਂ ਫੈਲਦੀਆਂ ਹਨ, ਜਿਹੜੀਆਂ ਮਨੁੱਖੀ ਸਿਹਤ ਲਈ ਖ਼ਤਰਨਾਕ ਹੁੰਦੀਆਂ ਹਨ। ਉਨ੍ਹਾਂ ਰਹਿੰਦ-ਖੂੰਹਦ ਨੂੰ ਜ਼ਮੀਨ ਵਿਚ ਹੀ ਮਿਲਾਉਣ ਦੀ ਅਪੀਲ ਕੀਤੀ ਤਾਂ ਜੋ ਜ਼ਮੀਨ ਦੀ ਸਿਹਤ ਨੂੰ ਹੋਰ ਬਿਹਤਰ ਕੀਤਾ ਜਾ ਸਕੇ ।