ਯੂਰੀਆ ਤੇ ਹੋਰ ਖਾਦਾਂ ਦੀ ਸਪਲਾਈ ਯਕੀਨੀ ਬਣਾਉਣ ਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਖਿਲਾਫ਼ ਪਰਦਰਸ਼ਨ ਕਰੇਗਾ : ਐਸਕੇਐਮ ਆਗੂ

ਜਤਿੰਦਰ ਸਿੰਘ ਭੰਵਰਾ, ਪੰਜਾਬੀ ਜਾਗਰਣ
ਸ੍ਰੀ ਮੁਕਤਸਰ ਸਾਹਿਬ : ਅੱਜ ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਅਹਿਮ ਮੀਟਿੰਗ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਜ਼ਿਲ੍ਹਾ ਸਕੱਤਰ ਜੱਥੇਦਾਰ ਗੁਰਭਗਤ ਸਿੰਘ ਭਲਾਈਆਣਾ ਅਤੇ ਕੌਮੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਜੱਥੇਦਾਰ ਰਜਿੰਦਰ ਸਿੰਘ ਦੂਹੇਵਾਲਾ ਦੇ ਸਾਂਝੇ ਪ੍ਰਧਾਨਗੀ ਮੰਡਲ ਹੇਠ ਸ਼ਹੀਦ ਭਾਈ ਮਹਾਂ ਸਿੰਘ ਦਿਵਾਨ ਹਾਲ ’ਚ ਹੋਈ। ਮੀਟਿੰਗ ’ਚ ਹੋਰ ਮੁੱਦਿਆਂ ਤੋਂ ਇਲਾਵਾ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵਿੱਚੋਂ ਪੰਜਾਬ ਦੀ ਸਥਾਈ ਨੁਮਾਇੰਦਗੀ ਦਾ ਹੱਕ ਖੋਹਣ, ਯੂਰੀਆ ਅਤੇ ਡੀਏਪੀ ਖਾਦ ਦੀ ਕਿੱਲਤ, ਡੀਜਲ ਦੀਆਂ ਵਧਾਈਆਂ ਗਈਆਂ ਕੀਮਤਾਂ, ਕੇਂਦਰ ਸਰਕਾਰ ਵੱਲੋਂ ਫਸਲਾਂ ਦੀ ਐਮ.ਐਸ.ਪੀ ਵਿੱਚ ਕੀਤਾ ਗਿਆ ਨਿਗੂਣਾ ਵਾਧਾ,ਪੰਜਾਬ ਸਰਕਾਰ ਵੱਲੋਂ ਨਵਾਂ ਹੱਦ ਕਰਜ਼ਾ ਲਾਗੂ ਨਾ ਕਰਨ ਅਤੇ ਬੈਂਕਾਂ ਵਲੋਂ ਨਕਦੀ ਦੇਣ ਲਈ ਖੜ੍ਹੀਆਂ ਕੀਤੀਆਂ ਜਾ ਰਹੀਆਂ ਰੁਕਾਵਟਾਂ ਹਟਾਈਆ ਜਾਣ ਆਦਿ ਮੰਗਾਂ ਤੇ ਵਿਚਾਰ ਚਰਚਾ ਕੀਤੀ ਗਈ।
ਇਸ ਮੌਕੇ ਬੀਕੇਯੂ ਰਾਜੇਵਾਲ ਨੇ ਜ਼ਿਲ੍ਹਾ ਪ੍ਰਧਾਨ ਗੋਬਿੰਦ ਸਿੰਘ ਕੋਟਲੀ ਦਿਉਣ, ਬੀਕੇਯੂ ਡਕੌਂਦਾ (ਬੁਰਜ ਗਿੱਲ) ਦੇ ਜ਼ਿਲ੍ਹਾ ਖ਼ਜ਼ਾਨਚੀ ਅਮਨਦੀਪ ਸਿੰਘ ਹਰੀਕੇ ਕਲਾਂ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਜਥੇਦਾਰ ਹਰਪ੍ਰੀਤ ਸਿੰਘ ਝਬੇਲਵਾਲੀ, ਬੀਕੇਯੂ ਲੱਖੋਵਾਲ (ਟਿਕੈਤ) ਦੇ ਜ਼ਿਲ੍ਹਾ ਸਕੱਤਰ ਜਥੇਦਾਰ ਗੁਰਮੀਤ ਸਿੰਘ ਲੰਬੀ ਢਾਬ, ਬੀਕੇਯੂ ਮਾਲਵਾ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਨਵਾਂ ਭੁੱਲਰ, ਕੁੱਲ ਹਿੰਦ ਕਿਸਾਨ ਸਭਾ (ਪੁੰਨਾਂਵਾਲ) ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਧਰਮਪਾਲ ਸਿੰਘ ਝਬੇਲਵਾਲੀ ਨੇ ਬੋਲਦਿਆਂ ਕਿਹਾ ਕਿ ਰਜਿਸਟਰਾਰ, ਸਹਿਕਾਰੀ ਸਭਾਵਾਂ ਵੱਲੋਂ ਨਵਾਂ ਹੱਦ ਕਰਜ਼ਾ 15 ਮਈ ਤੱਕ ਲਾਗੂ ਕਰਨ ਦਾ ਵਾਅਦਾ ਕੀਤਾ ਗਿਆ ਸੀ ਜੋ ਕਿ ਅੱਜ ਤੱਕ ਪੂਰਾ ਨਹੀਂ ਕੀਤਾ ਗਿਆ। ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਨਵੇਂ ਹੱਦ ਕਰਜ਼ੇ ਦਾ ਨੋਟੀਫਿਕੇਸ਼ਨ ਤੁਰੰਤ ਲਾਗੂ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਸਾਰੀਆਂ ਫਸਲਾਂ ਦੇ ਸਵਾਮੀਨਾਥਨ ਕਮਿਸ਼ਨ ਦੇ ਫਾਰਮੂਲੇ ਸੀ-2 50% ਅਨੁਸਾਰ ਖਰੀਦ ਦੀ ਗਾਰੰਟੀ ਦਾ ਕਾਨੂੰਨ ਬਣਾਉਣ ਦੀ ਮੰਗ ਕੀਤੀ ਜਾ ਰਹੀ ਹੈ ਪ੍ਰੰਤੂ ਕੇਂਦਰ ਸਰਕਾਰ ਵੱਲੋਂ ਏ-2 ਪਰਿਵਾਰਕ ਲੇਬਰ ਫਾਰਮੂਲੇ ਨਾਲ ਐਮਐਸਪੀ ਐਲਾਨ ਦਿੱਤੀ ਜਾਂਦੀ ਹੈ। ਇਸ ਅਨੁਸਾਰ ਵੀ ਫਸਲਾਂ ਦੀ ਖਰੀਦ ਨਹੀਂ ਕੀਤੀ ਜਾਂਦੀ।
ਸੰਯੁਕਤ ਕਿਸਾਨ ਮੋਰਚੇ ਵੱਲੋਂ ਸਰਬ ਸੰਮਤੀ ਨਾਲ ਇਸ ਵਾਧੇ ਨੂੰ ਰੱਦ ਕਰਦਿਆਂ ਫਸਲਾਂ ਦੀ ਖਰੀਦ ਦੀ ਗਰੰਟੀ ਦਾ ਕਾਨੂੰਨ ਬਣਾਏ ਜਾਣ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਫਸਲਾਂ ਦੀ ਖਰੀਦ ਦੀ ਗਾਰੰਟੀ ਦਾ ਕਾਨੂੰਨ ਨਾ ਹੋਣ ਕਾਰਨ ਕਿਸਾਨ ਬੁਰੀ ਤਰ੍ਹਾਂ ਕਰਜ਼ੇ ਦੇ ਬੋਝ ਥੱਲੇ ਦੱਬੇ ਹੋਏ ਹਨ। ਇਸ ਲਈ ਸਮੁੱਚੇ ਕਿਸਾਨਾਂ ਮਜ਼ਦੂਰਾਂ ਦੀ ਕਰਜ਼ਾ ਮੁਕਤੀ ਕੀਤੀ ਜਾਵੇ ਅਤੇ 58 ਸਾਲ ਦੀ ਉਮਰ ਹੋਣ ਤੇ ਕਿਸਾਨਾਂ ਮਜ਼ਦੂਰਾਂ ਨੂੰ ਘੱਟੋ ਘੱਟ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇ। ਐੱਸਕੇਐੱਮ ਨੇ ਬੀਜ ਬਿੱਲ ਅਤੇ ਬਿਜਲੀ ਸੋਧ ਬਿੱਲ ਦਾ ਵਿਰੋਧ ਕਰਦਿਆਂ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਵਿੱਚੋਂ ਖੇਤੀ ਖੇਤਰ ਨੂੰ ਬਾਹਰ ਰੱਖਣ ਦੀ ਮੰਗ ਜ਼ੋਰਦਾਰ ਢੰਗ ਨਾਲ ਉਠਾਈ। ਆਗੂਆਂ ਨੇ ਮੰਗ ਕਰਦਿਆਂ ਕਿਹਾ ਕਿ ਗਰਮੀ ਹੋਣ ਕਰਕੇ ਮੱਕੀ, ਸਬਜੀਆਂ ਅਤੇ ਝੋਨੇ ਦੀ ਪਨੀਰੀ ਪਾਣੀ ਖੁਣੋ ਮੱਚ ਰਹੀਆਂ ਹਨ ਤੜਕੇ ਆਥਣੇ ਮੋਟਰਾਂ ਵਾਲੀ ਲਾਈਟ ਦਾ ਪਰਬੰਧ ਯਕੀਨੀ ਬਣਾਉਣ ਦੀ ਸਰਕਾਰ ਕੋਲੋਂ ਮੰਗ ਕੀਤੀ ਗਈ। ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਮਾਸਟਰ ਬਲਵਿੰਦਰ ਸਿੰਘ ਥਾਂਦੇਵਾਲਾ ਨੇ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ 2 ਜੂਨ ਨੂੰ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡੀਸੀ ਦਫਤਰ ਮੂਹਰੇ ਧਰਨਾ ਦਿੱਤਾ ਜਾਵੇਗਾ ਤੇ ਮੰਗਾਂ ਸਬੰਧੀ ਮੰਗ ਪੱਤਰ ਵੀ ਸੌਂਪਿਆ ਜਾਵੇ। ਇਸ ਮੌਕੇ ਜਸਕਰਨ ਸਿੰਘ ਬੂੜਾ ਗੁੱਜਰ, ਬਲਦੇਵ ਸਿੰਘ ਹਰੀਕੇ ਕਲਾਂ, ਜੋਗਿੰਦਰ ਸਿੰਘ ਬੁੱਟਰ ਸ਼ਰੀਹ, ਗੁਰਨੈਬ ਸਿੰਘ ਭੁੱਲਰ ਆਦਿ ਕਿਸਾਨ ਆਗੂ ਹਾਜ਼ਰ ਸਨ।