ਚੰਡੀਗੜ੍ਹ 'ਚ ਪੰਜਾਬ ਦੇ 238 ਤੇ ਹਰਿਆਣਾ ਦੇ ਸਿਰਫ਼ 7 ਕਾਨੂੰਨ ਲਾਗੂ, ਕੇਂਦਰ ਸਰਕਾਰ ਨੇ ਲੋਕ ਸਭਾ 'ਚ ਦਿੱਤੀ ਜਾਣਕਾਰੀ ਚੰਡੀਗੜ੍ਹ ਵਿੱਚ ਪੰਜਾਬ ਦੇ 238 ਅਤੇ ਹਰਿਆਣਾ ਦੇ ਸਿਰਫ਼ 7 ਕਾਨੂੰਨ ਲਾਗੂ ਹਨ। ਇਹ ਜਾਣਕਾਰੀ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਲੋਕ ਸਭਾ ਵਿੱਚ ਸੰਸਦ ਮੈਂਬਰ ਮਨੀਸ਼ ਤਿਵਾਰੀ ਵੱਲੋਂ ਪੁੱਛੇ ਗਏ ਇੱਕ ਸਵਾਲ ਦੇ ਲਿਖਤੀ ਜਵਾਬ ਵਿੱਚ ਦਿੱਤੀ ਹੈ। ਕੇਂਦਰ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਚੰਡੀਗੜ੍ਹ ਵਿੱਚ ਸੂਬਿਆਂ ਦੇ ਕਾਨੂੰਨ ਲਾਗੂ ਕਰਨ ਲਈ ਪੰਜਾਬ ਪੁਨਰਗਠਨ ਐਕਟ, 1966 ਤਹਿਤ ਪਹਿਲਾਂ ਤੋਂ ਹੀ ਇੱਕ ਕਾਨੂੰਨੀ ਵਿਵਸਥਾ ਮੌਜੂਦ ਹੈ। ਇਸ ਲਈ ਇਸ ਪ੍ਰਕਿਰਿਆ ਲਈ ਕਿਸੇ ਵੱਖਰੀ ਜਾਂ ਨਵੀਂ ਇਕਸਾਰ ਨੀਤੀ ਬਣਾਉਣ ਦੀ ਲੋੜ ਨਹੀਂ ਹੈ।
Publish Date: Wed, 12 Aug 2026 11:39 AM (IST)
Updated Date: Wed, 12 Aug 2026 11:40 AM (IST)
ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਚੰਡੀਗੜ੍ਹ : ਚੰਡੀਗੜ੍ਹ ਵਿੱਚ ਪੰਜਾਬ ਦੇ 238 ਅਤੇ ਹਰਿਆਣਾ ਦੇ ਸਿਰਫ਼ 7 ਕਾਨੂੰਨ ਲਾਗੂ ਹਨ। ਇਹ ਜਾਣਕਾਰੀ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਲੋਕ ਸਭਾ ਵਿੱਚ ਸੰਸਦ ਮੈਂਬਰ ਮਨੀਸ਼ ਤਿਵਾਰੀ ਵੱਲੋਂ ਪੁੱਛੇ ਗਏ ਇੱਕ ਸਵਾਲ ਦੇ ਲਿਖਤੀ ਜਵਾਬ ਵਿੱਚ ਦਿੱਤੀ ਹੈ। ਕੇਂਦਰ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਚੰਡੀਗੜ੍ਹ ਵਿੱਚ ਸੂਬਿਆਂ ਦੇ ਕਾਨੂੰਨ ਲਾਗੂ ਕਰਨ ਲਈ ਪੰਜਾਬ ਪੁਨਰਗਠਨ ਐਕਟ, 1966 ਤਹਿਤ ਪਹਿਲਾਂ ਤੋਂ ਹੀ ਇੱਕ ਕਾਨੂੰਨੀ ਵਿਵਸਥਾ ਮੌਜੂਦ ਹੈ। ਇਸ ਲਈ ਇਸ ਪ੍ਰਕਿਰਿਆ ਲਈ ਕਿਸੇ ਵੱਖਰੀ ਜਾਂ ਨਵੀਂ ਇਕਸਾਰ ਨੀਤੀ ਬਣਾਉਣ ਦੀ ਲੋੜ ਨਹੀਂ ਹੈ।
ਸੰਸਦ ਮੈਂਬਰ ਮਨੀਸ਼ ਤਿਵਾਰੀ ਨੇ ਲੋਕ ਸਭਾ ਵਿੱਚ ਚੰਡੀਗੜ੍ਹ ਵਿੱਚ ਲਾਗੂ ਪੰਜਾਬ ਅਤੇ ਹਰਿਆਣਾ ਦੇ ਕਾਨੂੰਨਾਂ ਦੀ ਗਿਣਤੀ, ਉਨ੍ਹਾਂ ਦੇ ਵਿਸ਼ਿਆਂ, ਲਾਗੂ ਕਰਨ ਦੇ ਮਾਪਦੰਡਾਂ ਅਤੇ ਪਿਛਲੇ ਪੰਜ ਸਾਲਾਂ ਦੌਰਾਨ ਚੰਡੀਗੜ੍ਹ ਵਿੱਚ ਵਧਾਏ ਗਏ ਕਾਨੂੰਨਾਂ ਸਬੰਧੀ ਸਵਾਲ ਪੁੱਛਿਆ ਸੀ। ਇਸ ਦੇ ਜਵਾਬ ਵਿੱਚ ਗ੍ਰਹਿ ਮੰਤਰਾਲੇ ਨੇ ਦੱਸਿਆ ਕਿ ਪੰਜਾਬ ਪੁਨਰਗਠਨ ਐਕਟ, 1966 ਦੀ ਧਾਰਾ 87 ਕੇਂਦਰ ਸਰਕਾਰ ਨੂੰ ਇਹ ਅਧਿਕਾਰ ਦਿੰਦੀ ਹੈ ਕਿ ਉਹ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਥਾਨਕ ਲੋੜਾਂ ਦੇ ਆਧਾਰ ’ਤੇ ਭੇਜੇ ਗਏ ਪ੍ਰਸਤਾਵਾਂ ਅਨੁਸਾਰ ਕਿਸੇ ਵੀ ਸੂਬੇ ਦੇ ਕਾਨੂੰਨ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵਿੱਚ ਲਾਗੂ ਕਰ ਸਕਦੀ ਹੈ। ਸਰਕਾਰ ਦੇ ਅਨੁਸਾਰ, ਹਰੇਕ ਕਾਨੂੰਨ ਦੇ ਉਦੇਸ਼ਾਂ ਅਤੇ ਕਾਨੂੰਨੀ ਪੱਖਾਂ ਦੀ ਸਮੀਖਿਆ ਕਰਨ ਤੋਂ ਬਾਅਦ ਹੀ ਉਸ ਨੂੰ ਚੰਡੀਗੜ੍ਹ ਵਿੱਚ ਲਾਗੂ ਕੀਤਾ ਜਾਂਦਾ ਹੈ।
ਗ੍ਰਹਿ ਮੰਤਰਾਲੇ ਵੱਲੋਂ ਦਿੱਤੇ ਗਏ ਵੇਰਵਿਆਂ ਅਨੁਸਾਰ, ਪਿਛਲੇ ਪੰਜ ਸਾਲਾਂ ਦੌਰਾਨ ਕਈ ਮਹੱਤਵਪੂਰਨ ਕਾਨੂੰਨ ਚੰਡੀਗੜ੍ਹ ਵਿੱਚ ਲਾਗੂ ਕੀਤੇ ਗਏ ਹਨ। ਇਨ੍ਹਾਂ ਵਿੱਚ ਉਦਯੋਗਾਂ ਅਤੇ ਛੋਟੇ ਵਪਾਰੀਆਂ ਨੂੰ ਰਾਹਤ ਦੇਣ ਲਈ ‘ਪੰਜਾਬ ਰਾਈਟ ਟੂ ਬਿਜ਼ਨਸ ਐਕਟ, 2020’, ਹੁੱਕਾ ਬਾਰਾਂ ’ਤੇ ਪਾਬੰਦੀ ਅਤੇ ਨੌਜਵਾਨਾਂ ਨੂੰ ਤੰਬਾਕੂ ਤੋਂ ਬਚਾਉਣ ਲਈ ‘ਸਿਗਰਟ ਐਂਡ ਅਦਰ ਤੰਬਾਕੂ ਪ੍ਰੋਡਕਟਸ ਪੰਜਾਬ ਅਮੈਂਡਮੈਂਟ ਐਕਟ, 2018’ ਅਤੇ ਜ਼ਰੂਰੀ ਸੇਵਾਵਾਂ ਵਿੱਚ ਰੁਕਾਵਟ ਰੋਕਣ ਲਈ ‘ਹਰਿਆਣਾ ਐਸੈਂਸ਼ੀਅਲ ਸਰਵਿਸਿਜ਼ ਮੇਨਟੇਨੈਂਸ ਐਕਟ, 1974’ ਸ਼ਾਮਲ ਹਨ।
ਇਸ ਤੋਂ ਇਲਾਵਾ ਉੱਚ ਸਿੱਖਿਆ ਅਤੇ ਸਰਕਾਰੀ ਨੌਕਰੀਆਂ ਵਿੱਚ ਪੱਛੜੀਆਂ ਸ਼੍ਰੇਣੀਆਂ ਨੂੰ ਰਾਖਵੇਂਕਰਨ ਦਾ ਲਾਭ ਦੇਣ ਲਈ ‘ਹਰਿਆਣਾ ਬੈਕਵਰਡ ਕਲਾਸਿਜ਼ ਐਕਟ, 2016’ ਅਤੇ ਸ਼ਹਿਰੀ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ‘ਹਰਿਆਣਾ ਫਾਇਰ ਐਂਡ ਐਮਰਜੈਂਸੀ ਸਰਵਿਸਿਜ਼ ਐਕਟ, 2022’ ਵੀ ਲਾਗੂ ਕੀਤਾ ਗਿਆ ਹੈ।
ਮਨੁੱਖੀ ਤਸਕਰੀ ਅਤੇ ਟਰੈਵਲ ਏਜੰਟਾਂ ਵੱਲੋਂ ਕੀਤੀ ਜਾਂਦੀ ਠੱਗੀ ਨੂੰ ਰੋਕਣ ਲਈ ‘ਪੰਜਾਬ ਪ੍ਰਿਵੈਂਸ਼ਨ ਆਫ ਹਿਊਮਨ ਸਮੱਗਲਿੰਗ ਐਕਟ’, ਜ਼ਮੀਨ ਦੇ ਰਿਕਾਰਡ ਅਤੇ ਮਾਲਕੀ ਹੱਕਾਂ ਦੀ ਸਪੱਸ਼ਟਤਾ ਲਈ ‘ਪੰਜਾਬ ਆਬਾਦੀ ਦੇਹ ਐਕਟ, 2021’, ਜਾਇਦਾਦ ਦੀ ਖਰੀਦ-ਫਰੋਖ਼ਤ ਵਿੱਚ ਪਾਰਦਰਸ਼ਤਾ ਲਈ ਪੰਜਾਬ ਸਟੈਂਪ ਸੋਧ ਐਕਟ ਅਤੇ ਕਿਰਾਏਦਾਰੀ ਪ੍ਰਣਾਲੀ ਵਿੱਚ ਸੁਧਾਰ ਲਈ ‘ਅਸਾਮ ਟੇਨੈਂਸੀ ਐਕਟ, 2021’ ਨੂੰ ਵੀ ਚੰਡੀਗੜ੍ਹ ਵਿੱਚ ਲਾਗੂ ਕੀਤਾ ਗਿਆ ਹੈ।