ਹੁਣ ਤੱਕ 63,943 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਉਂਦੇ ਦਿਨਾ ’ਚ ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ, ਜਦਕਿ ਇਸ ਤੋਂ ਪਹਿਲਾਂ ਪਿਛਲੀਆਂ ਸਰਕਾਰਾਂ ਮੌਕੇ ਕਾਬਲੀਅਤ ਦੀ ਬਜਾਏ ਰਿਸ਼ਵਤ ਤੇ ਸਿਫਾਰਸ਼ ਨਾਲ ਨੌਕਰੀਆਂ ਦੇਣ ਦੇ ਫ਼ੈਸਲੇ ਹੁੰਦੇ ਸਨ।

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਮੁਹਾਲੀ ਵਿਖੇ ਸ਼ੁੱਕਰਵਾਰ ਨੂੰ ਵੱਖ-ਵੱਖ ਵਿਭਾਗਾਂ ਦੇ ਨਵੇਂ ਭਰਤੀ ਹੋਏ 916 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ‘ਮਿਸ਼ਨ ਰੁਜ਼ਗਾਰ’ ਤਹਿਤ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਦੇ ਸਰਕਾਰੀ ਨੌਕਰੀਆਂ ਦੇਣ ਲਈ ‘ਆਪ’ ਸਰਕਾਰ ਦੀ ਵਚਨਬੱਧਤਾ ਸਾਬਤ ਹੁੰਦੀ ਹੈ।
ਹੁਣ ਤੱਕ 63,943 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਉਂਦੇ ਦਿਨਾ ’ਚ ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ, ਜਦਕਿ ਇਸ ਤੋਂ ਪਹਿਲਾਂ ਪਿਛਲੀਆਂ ਸਰਕਾਰਾਂ ਮੌਕੇ ਕਾਬਲੀਅਤ ਦੀ ਬਜਾਏ ਰਿਸ਼ਵਤ ਤੇ ਸਿਫਾਰਸ਼ ਨਾਲ ਨੌਕਰੀਆਂ ਦੇਣ ਦੇ ਫ਼ੈਸਲੇ ਹੁੰਦੇ ਸਨ।
ਐਕਸ 'ਤੇ ਹੋਏ ਸਮਾਗਮ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਹਾ,"ਅੱਜ ਮੁਹਾਲੀ ਵਿਚ ਵੱਖ-ਵੱਖ ਵਿਭਾਗਾਂ ਦੇ 916 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ। ਉਨ੍ਹਾਂ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਪੰਜਾਬ ਅਤੇ ਇਸ ਦੇ ਲੋਕਾਂ ਦੀ ਸੇਵਾ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਹੁਣ ਤੱਕ, 63,943 ਨੌਜਵਾਨਾਂ ਨੂੰ ਰਿਸ਼ਵਤ ਜਾਂ ਸਿਫਾਰਸ਼ ਤੋਂ ਬਿਨਾਂ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਆਉਣ ਵਾਲੇ ਦਿਨਾ ਵਿਚ ਵੀ 'ਮਿਸ਼ਨ ਰੁਜ਼ਗਾਰ'
ਤਹਿਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਦੀ ਪ੍ਰਕਿਰਿਆ ਬਾਦਸਤੂਰ ਜਾਰੀ ਰਹੇਗੀ।"
ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਦੇ ਹੋਏ ਵਿਕਾਸ ਭਵਨ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਹਾਕਿਆਂ ਤੋਂ ਸੂਬੇ ਦੇ ਲੜਕੇ-ਲੜਕੀਆਂ ਦੀ ਕਾਬਲੀਅਤ ਨੂੰ ਸੱਤਾ ਵਿਚ ਬੈਠੇ ਲੋਕਾਂ ਦੇ ਰਿਸ਼ਤੇਦਾਰਾਂ ਅਤੇ ਚਹੇਤਿਆਂ ਨੇ ਦਰਕਿਨਾਰ ਕੀਤਾ, ਜਿਸ ਨਾਲ ਹਜ਼ਾਰਾਂ ਹੋਣਹਾਰ ਨੌਜਵਾਨਾਂ ਦੇ ਸੁਪਨੇ ਤਬਾਹ ਕਰ ਦਿੱਤੇ ਗਏ। ਉਨ੍ਹਾਂ ਕਿਹਾ, "ਪਹਿਲਾਂ, ਪੰਜਾਬ ਦੇ ਨੌਜਵਾਨਾਂ ਦੇ ਹੱਕ ਸੱਤਾਧਾਰੀ ਲੋਕਾਂ ਦੇ ਚਹੇਤਿਆਂ ਵੱਲੋਂ ਖੋਹ ਲਏ ਜਾਂਦੇ ਸਨ। ਸ਼ਹੀਦ-ਏ-ਆਜ਼ਮ ਭਗਤ ਸਿੰਘ ਵਰਗੇ ਮਹਾਨ ਸ਼ਹੀਦਾਂ ਨੂੰ ਇਸ ਗੱਲ ਦਾ ਬਹੁਤ ਦੁੱਖ ਹੋਣਾ ਕਿ ਆਜ਼ਾਦੀ ਦੇ 70 ਸਾਲਾ ਤੋਂ ਵੱਧ ਸਮੇਂ ਬਾਅਦ ਵੀ ਉਨ੍ਹਾਂ ਦੇ ਸੁਪਨੇ ਪੂਰੇ ਨਹੀਂ ਹੋਏ। ਇਹ ਸਾਡੇ ਸਾਰਿਆਂ ਲਈ ਸ਼ਰਮ ਦੀ ਗੱਲ ਹੈ।"
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਅਹੁਦਾ ਸੰਭਾਲਿਆ ਹੈ, ਉਨ੍ਹਾਂ ਦੀ ਸਰਕਾਰ ਦੇਸ਼ ਦੇ ਮਹਾਨ ਕੌਮੀ ਨਾਇਕਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਨਿਰੰਤਰ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜਿਥੇ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਅਤੇ ਨੌਕਰੀਆਂ ਦਾ ਪੈਸਾ ਰੱਜ ਕੇ ਲੁੱਟਿਆ, ਉਥੇ ਉਨ੍ਹਾਂ ਦੀ ਸਰਕਾਰ ਨੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਦੇ ਦਰਵਾਜ਼ੇ ਖੋਲ੍ਹੇ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾ ਵਿਚ 63,943 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਨਵ-ਨਿਯੁਕਤ ਉਮੀਦਵਾਰਾਂ ਲਈ ਇਸ ਨੂੰ ਇਕ ਇਤਿਹਾਸਕ ਪਲ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਇਨ੍ਹਾਂ ਨੌਜਵਾਨਾਂ ਲਈ ਇਕ ਸੁਨਿਹਰੀ ਦਿਨ ਹੈ, ਜਿਨ੍ਹਾਂ ਨੇ ਵੱਖ-ਵੱਖ ਵਿਭਾਗਾਂ ਵਿਚ ਨੌਕਰੀਆਂ ਹਾਸਲ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੂਰੇ ਪਾਰਦਰਸ਼ੀ ਢੰਗ ਨਾਲ 63,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦਾ ਅੰਕੜਾ ਪਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਸਭ ਦੇ ਉਲਟ ਕੇਂਦਰ ਸਰਕਾਰ ਅਜਿਹੀਆਂ ਸ਼ਰਤਾਂ ਨਾਲ ਯੋਜਨਾਵਾਂ ਪੇਸ਼ ਕਰ ਰਹੀ ਹੈ, ਜੋ ਆਮ ਆਦਮੀ ਲਈ ਕੋਈ ਬਹੁਤੀਆਂ ਅਨੁਕੂਲ ਨਹੀਂ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਗੁਰਮੀਤ ਸਿੰਘ ਖੁੱਡੀਆਂ ਅਤੇ ਹੋਰ ਮੌਜੂਦ ਸਨ।