ਸਹੁਰਾ ਪਰਿਵਾਰ ਤੋਂ ਤੰਗ ਨੌਜਵਾਨ ਦੀ ਭੇਤਭਰੀ ਹਾਲਤ 'ਚ ਮੌਤ, ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਲਈ ਕੁਰਾਲੀ-ਚੰਡੀਗੜ੍ਹ ਸਿਸਵਾਂ ਮਾਰਗ ’ਤੇ ਲਾਇਆ ਜਾਮ
ਨੇੜਲੇ ਪਿੰਡ ਬੜੌਦੀ ਦੇ ਇਕ ਨੌਜਵਾਨ ਅਵਜੀਤ ਸਿੰਘ ਪੁੱਤਰ ਰਣਜੀਤ ਸਿੰਘ ਦੀ ਸ਼ੱਕੀ ਹਾਲਾਤ ਵਿਚ ਮੌਤ ਤੋਂ ਬਾਅਦ ਪਰਿਵਾਰ ਵੱਲੋਂ ਸਹੁਰਾ ਪਰਿਵਾਰ 'ਤੇ ਮਾਨਸਿਕ ਤਸ਼ੱਦਦ ਕਰਨ ਅਤੇ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਗੰਭੀਰ ਦੋਸ਼ ਲਗਾਏ ਗਏ ਹਨ। ਇਸੇ ਦੇ ਮੱਦੇਨਜ਼ਰ ਪਿੰਡ ਵਾਸੀਆਂ ਸਮੇਤ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਵੱਲੋਂ ਸਹੁਰਾ ਪਰਿਵਾਰ ਖ਼ਿਲਾਫ਼ ਕਾਰਵਾਈ ਨੂੰ ਲੈ ਕੇ ਕਰੀਬ 4-5 ਘੰਟਿਆਂ ਲਈ ਕੁਰਾਲੀ-ਚੰਡੀਗੜ੍ਹ ਸਿਸਵਾਂ ਮਾਰਗ ’ਤੇ ਜਾਮ ਲਗਾਇਆ ਗਿਆ।
Publish Date: Tue, 28 Jul 2026 12:47 PM (IST)
Updated Date: Tue, 28 Jul 2026 12:49 PM (IST)
ਸ਼੍ਰੀ ਗਣੇਸ਼, ਪੰਜਾਬੀ ਜਾਗਰਣ, ਕੁਰਾਲੀ : ਨੇੜਲੇ ਪਿੰਡ ਬੜੌਦੀ ਦੇ ਇਕ ਨੌਜਵਾਨ ਅਵਜੀਤ ਸਿੰਘ ਪੁੱਤਰ ਰਣਜੀਤ ਸਿੰਘ ਦੀ ਸ਼ੱਕੀ ਹਾਲਾਤ ਵਿਚ ਮੌਤ ਤੋਂ ਬਾਅਦ ਪਰਿਵਾਰ ਵੱਲੋਂ ਸਹੁਰਾ ਪਰਿਵਾਰ 'ਤੇ ਮਾਨਸਿਕ ਤਸ਼ੱਦਦ ਕਰਨ ਅਤੇ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੇ ਗੰਭੀਰ ਦੋਸ਼ ਲਗਾਏ ਗਏ ਹਨ। ਇਸੇ ਦੇ ਮੱਦੇਨਜ਼ਰ ਪਿੰਡ ਵਾਸੀਆਂ ਸਮੇਤ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਵੱਲੋਂ ਸਹੁਰਾ ਪਰਿਵਾਰ ਖ਼ਿਲਾਫ਼ ਕਾਰਵਾਈ ਨੂੰ ਲੈ ਕੇ ਕਰੀਬ 4-5 ਘੰਟਿਆਂ ਲਈ ਕੁਰਾਲੀ-ਚੰਡੀਗੜ੍ਹ ਸਿਸਵਾਂ ਮਾਰਗ ’ਤੇ ਜਾਮ ਲਗਾਇਆ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਵਜੀਤ ਸਿੰਘ ਅਤੇ ਉਸ ਦੇ ਸਹੁਰਾ ਪਰਿਵਾਰ ਵਿਚਕਾਰ ਪਿਛਲੇ ਕਰੀਬ ਚਾਰ ਸਾਲਾਂ ਤੋਂ ਕਾਨੂੰਨੀ ਵਿਵਾਦ ਚੱਲ ਰਿਹਾ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਇਸ ਦੌਰਾਨ ਅਵਜੀਤ ਸਿੰਘ ਨੂੰ ਲਗਾਤਾਰ ਮਾਨਸਿਕ ਤੌਰ 'ਤੇ ਪਰੇਸ਼ਾਨ ਕੀਤਾ ਗਿਆ, ਜਿਸ ਕਾਰਨ ਉਹ ਡੂੰਘੇ ਤਣਾਅ ਵਿਚ ਰਹਿੰਦਾ ਸੀ। ਪਰਿਵਾਰ ਦਾ ਕਹਿਣਾ ਹੈ ਕਿ ਘਟਨਾ ਤੋਂ ਇਕ ਦਿਨ ਪਹਿਲਾਂ ਵੀ ਕੁਝ ਅਜਿਹੀਆਂ ਘਟਨਾਵਾਂ ਹੋਈਆਂ, ਜਿਸ ਕਾਰਨ ਉਹ ਹੋਰ ਵੱਧ ਮਾਨਸਿਕ ਦਬਾਅ ਵਿਚ ਆ ਗਿਆ। ਪਰਿਵਾਰ ਨੇ ਇਹ ਵੀ ਦੋਸ਼ ਲਗਾਇਆ ਕਿ ਵਿਆਹ ਤੋਂ ਬਾਅਦ ਦੋਵਾਂ ਧਿਰਾਂ ਵਿਚਕਾਰ ਵਿਵਾਦ ਵੱਧਦਾ ਗਿਆ ਅਤੇ ਉਸਦੀ ਪਤਨੀ ਕੋਮਲਪ੍ਰੀਤ ਕੌਰ ਉਸਨੂੰ ਲਗਾਤਾਰ ਮਾਨਸਿਕ ਤੌਰ ’ਤੇ ਪਰੇਸ਼ਾਨ ਕਰਦੀ ਰਹੀ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਲਗਾਤਾਰ ਚੱਲ ਰਹੇ ਵਿਵਾਦ ਅਤੇ ਮਾਨਸਿਕ ਦਬਾਅ ਕਾਰਨ ਹੀ ਅਵਜੀਤ ਸਿੰਘ ਨੇ ਇਹ ਕਦਮ ਚੁੱਕਿਆ।
ਪਰਿਵਾਰਕ ਮੈਂਬਰਾਂ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੀ ਪਤਨੀ ਕੋਮਲਪ੍ਰੀਤ ਕੌਰ, ਸੱਸ ਸਮੇਤ ਦੋ ਸਾਲਿਆਂ ਅਤੇ ਹੋਰ ਸਬੰਧਤ ਵਿਅਕਤੀਆਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀਆਂ ਸਬੰਧਤ ਧਾਰਾਵਾਂ ਤਹਿਤ ਖ਼ੁਦਕੁਸ਼ੀ ਲਈ ਉਕਸਾਉਣ ਦੇ ਦੋਸ਼ਾਂ ਹੇਠ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ, ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ। ਪੁਲਿਸ ਵੱਲੋਂ ਕਾਰਵਾਈ ਦੀ ਢਿੱਲ ਨੂੰ ਵੇਖਦਿਆਂ ਮ੍ਰਿਤਕ ਦੇ ਪਰਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਕੁਰਾਲੀ ਸਿਸਵਾਂ ਮਾਰਗ ’ਤੇ ਜਾਮ ਲਗਾ ਦਿੱਤਾ, ਜਿਸ ਕਾਰਨ ਇਸ ਮਾਰਗ ਤੋਂ ਲੰਘਣ ਵਾਲਿਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਸਥਾਨਕ ਪੁਲਿਸ ਵੱਲੋਂ ਇਸ ਸਬੰਧੀ ਪਰਚਾ ਦਰਜ ਕੀਤੇ ਜਾਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਆਵਾਜਾਈ ਜਾਮ ਖੋਲ੍ਹਿਆ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਵਿਚ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ 'ਤੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।