- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਖਰੜ ਹਲਕੇ 'ਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਵੱਡਾ ਸਿਆਸੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ 'ਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਨਯਾਗਾਂਵ ਨੂੰ ਨਿਊ ਚੰਡੀਗੜ੍ਹ 'ਚ ਸ਼ਾਮਲ ਕੀਤਾ ਜਾਵੇਗਾ। ਬਾਦਲ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।

ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਨੇ ਪਹਿਲਾਂ ਵੀ ਪੰਜਾਬ ਦੇ ਵਿਕਾਸ ਲਈ ਕਈ ਵੱਡੇ ਕੰਮ ਕੀਤੇ ਹਨ। ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਲਈ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਿਜਲੀ ਪ੍ਰਬੰਧਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਸਰਕਾਰ ਦੀ ਕਾਰਜਪ੍ਰਣਾਲੀ ’ਤੇ ਵੀ ਸਵਾਲ ਚੁੱਕੇ।
ਜ਼ਮੀਨ ਦੇ ਮਾਲਕੀ ਹੱਕ ਦਾ ਮੁੱਦਾ ਵੀ ਚੁੱਕਿਆ
ਅਕਾਲੀ ਦਲ ਦੇ ਪ੍ਰਧਾਨ ਨੇ ਗਰੀਬਾਂ ਅਤੇ ਮਜ਼ਦੂਰਾਂ ਦੀ ਜ਼ਮੀਨ ਦੇ ਮਾਲਕੀ ਹੱਕ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪਿੰਡਾਂ 'ਚ ਲੰਬੇ ਸਮੇਂ ਤੋਂ ਲਾਲ ਡੋਰੇ ਵਾਲੀ ਜ਼ਮੀਨ ’ਤੇ ਰਹਿ ਰਹੇ ਗਰੀਬ ਪਰਿਵਾਰਾਂ ਨੂੰ ਉਨ੍ਹਾਂ ਦੀ ਜ਼ਮੀਨ ਦਾ ਮਾਲਕੀ ਹੱਕ ਦਿਵਾਉਣ ਲਈ ਕਦਮ ਚੁੱਕੇ ਜਾਣਗੇ। ਜਿਨ੍ਹਾਂ ਪਰਿਵਾਰਾਂ ਨੇ ਛੋਟੀ ਜ਼ਮੀਨ ’ਤੇ ਘਰ ਬਣਾਏ ਹੋਏ ਹਨ, ਉਨ੍ਹਾਂ ਦੀਆਂ ਰਜਿਸਟਰੀਆਂ ਕਰਵਾਉਣ ਦੀ ਦਿਸ਼ਾ 'ਚ ਵੀ ਕੰਮ ਕੀਤਾ ਜਾਵੇਗਾ। ਉਨ੍ਹਾਂ ਅਕਾਲੀ ਦਲ-ਭਾਜਪਾ ਗਠਜੋੜ ਦਾ ਜ਼ਿਕਰ ਕਰਦਿਆਂ ਕਿਹਾ ਕਿ ਦੋਵੇਂ ਪਾਰਟੀਆਂ ਦਾ ਗਠਜੋੜ ਪੰਜਾਬ ਦੀ ਸਿਆਸਤ 'ਚ ਲੰਬੇ ਸਮੇਂ ਤੱਕ ਰਿਹਾ, ਪਰ ਬਾਅਦ 'ਚ ਇਹ ਟੁੱਟ ਗਿਆ। ਸੁਖਬੀਰ ਬਾਦਲ ਨੇ ਪੰਜਾਬ ਦੇ ਅਧਿਕਾਰਾਂ ਅਤੇ ਸੰਸਥਾਵਾਂ ਨਾਲ ਜੁੜੇ ਮੁੱਦਿਆਂ ’ਤੇ ਦਿੱਲੀ ਦੇ ਦਖ਼ਲ ਨੂੰ ਲੈ ਕੇ ਵੀ ਸਵਾਲ ਚੁੱਕੇ।
ਉਨ੍ਹਾਂ ਪਾਰਟੀ ਵਰਕਰਾਂ ਨੂੰ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਸੰਪਰਕ ਵਧਾਉਣ ਅਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਹਿੱਤਾਂ, ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੀ ਆਵਾਜ਼ ਬਣ ਕੇ ਸੰਘਰਸ਼ ਕਰਦਾ ਰਹੇਗਾ।