ਬਿਜਲੀ ਕੱਟਾਂ ਤੇ ਭਾਰੀ ਬਿੱਲਾਂ ਖ਼ਿਲਾਫ਼ ਅਕਾਲੀ ਦਲ ਦਾ ਹੱਲਾ-ਬੋਲ, ਡੀਸੀ ਦਫ਼ਤਰ ਦੇ ਬਾਹਰ ਲਾਇਆ ਧਰਨਾ! ਮੁਹਾਲੀ ਸਮੇਤ ਪੰਜਾਬ ਭਰ ਵਿਚ ਬਿਜਲੀ ਦੇ ਭਾਰੀ ਬਿੱਲਾਂ ਅਤੇ ਅਣ-ਐਲਾਨੇ ਲੰਬੇ ਬਿਜਲੀ ਕੱਟਾਂ ਤੋਂ ਤੰਗ ਆਈ ਜਨਤਾ ਦੇ ਹੱਕ ’ਚ ਆਵਾਜ਼ ਬੁਲੰਦ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁਹਾਲੀ ਵਿਖੇ ਬੁੱਧਵਾਰ ਨੂੰ ਡੀਸੀ ਦਫ਼ਤਰ ਮੁਹਾਲੀ ਦੇ ਬਾਹਰ ਰੋਸ ਧਰਨਾ ਦਿੱਤਾ। ਧਰਨਾ ਪ੍ਰਦਰਸ਼ਨ ਜਾਰੀ ਹੈ।
Publish Date: Wed, 16 Sep 2026 12:54 PM (IST)
Updated Date: Wed, 16 Sep 2026 12:55 PM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਮੁਹਾਲੀ ਸਮੇਤ ਪੰਜਾਬ ਭਰ ਵਿਚ ਬਿਜਲੀ ਦੇ ਭਾਰੀ ਬਿੱਲਾਂ ਅਤੇ ਅਣ-ਐਲਾਨੇ ਲੰਬੇ ਬਿਜਲੀ ਕੱਟਾਂ ਤੋਂ ਤੰਗ ਆਈ ਜਨਤਾ ਦੇ ਹੱਕ ’ਚ ਆਵਾਜ਼ ਬੁਲੰਦ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁਹਾਲੀ ਵਿਖੇ ਬੁੱਧਵਾਰ ਨੂੰ ਡੀਸੀ ਦਫ਼ਤਰ ਮੁਹਾਲੀ ਦੇ ਬਾਹਰ ਰੋਸ ਧਰਨਾ ਦਿੱਤਾ। ਧਰਨਾ ਪ੍ਰਦਰਸ਼ਨ ਜਾਰੀ ਹੈ।
ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ‘ਆਪ’ ਸਰਕਾਰ ਦੀਆਂ ਨਾਕਾਮੀਆਂ ਕਾਰਨ ਅੱਜ ਸੂਬੇ ਦਾ ਹਰ ਵਰਗ ਬੇਹੱਦ ਤੰਗ ਪਰੇਸ਼ਾਨ ਹੈ। ਇਕ ਪਾਸੇ ਤਾਂ ਲੋਕਾਂ ਨੂੰ ਭਾਰੀ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਦੂਜੇ ਪਾਸੇ ਮਨਮਰਜ਼ੀ ਨਾਲ ਵੱਡੀ ਰਕਮ ਦੇ ਬਿੱਲ ਭੇਜ ਕੇ ਆਮ ਜਨਤਾ ਦੀ ਜੇਬ 'ਤੇ ਡਾਕਾ ਮਾਰਿਆ ਜਾ ਰਿਹਾ ਹੈ।
ਪਾਰਟੀ ਦੇ ਸੂਬਾ ਮੀਤ ਪ੍ਰਧਾਨ ਸਰਬਜੀਤ ਸਿੰਘ ਪਾਰਸ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀਆਂ ਇਨ੍ਹਾਂ ਲੋਕ-ਵਿਰੋਧੀ ਨੀਤੀਆਂ ਅਤੇ ਨਾਕਾਮੀਆਂ ਨੂੰ ਉਜ਼ਾਗਰ ਕਰਨ ਅਤੇ ਆਮ ਲੋਕਾਂ ਦੀ ਹੱਕੀ ਆਵਾਜ਼ ਨੂੰ ਸਰਕਾਰ ਦੇ ਕੰਨਾਂ ਤੱਕ ਪਹੁੰਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਨੇ ਕਿਹਾ ਕਿ ਸਰਕਾਰ ਨੂੰ ਨੀਂਦ ਤੋਂ ਜਗਾਉਣ ਲਈ ਆਮ ਨਾਗਰਿਕਾ ਦਾ ਇਕਜੁੱਟ ਹੋਣਾ ਬੇਹੱਦ ਜ਼ਰੂਰੀ ਹੈ ਕਿਉਂਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਕੋਈ ਜੰਗ ਜਿੱਤੀ ਨਹੀਂ ਜਾ ਸਕਦੀ ਹੈ। ਇਸ ਮੌਕੇ ਪਰਮਜੀਤ ਸਿੰਘ ਗਿੱਲ, ਨੰਬਰਦਾਰ ਹਰਵਿੰਦਰ ਸਿੰਘ, ਮਹਿਲਾ ਆਗੂ ਹਰਜਿੰਦਰ ਕੌਰ ਬੈਦਵਾਨ ਸਮੇਤ ਹੋਰ ਆਗੂ ਅਤੇ ਨਿਹੰਗ ਸਿੰਘ ਹਾਜ਼ਰ ਸਨ।