- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਚਕੂਲਾ ਦੇ ਸੈਕਟਰ-6 ਦੇ ਰਹਿਣ ਵਾਲੇ ਸ਼ਿਵ ਅਗਰਵਾਲ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਨ੍ਹਾਂ ਨੇ ਸਾਲ 2019 ਵਿੱਚ ਇਹ ਜ਼ਮੀਨ ਖ਼ਰੀਦੀ ਸੀ ਅਤੇ ਆਪਣੀ ਫਰਮ ਡੀਐੱਸ ਬਿਲਟੈਕ ਵਿੱਚ ਵੇਦ ਪ੍ਰਕਾਸ਼ ਗਰਗ, ਪਰਵੀਨ ਗਰਗ ਅਤੇ ਮੰਡੀ ਗੋਬਿੰਦਗੜ੍ਹ ਦੇ ਜੋਗਿੰਦਰ ਗਰੁੱਪ ਦੇ ਮਾਲਕ ਆਦਰਸ਼ ਗਰਗ ਨੂੰ ਭਾਈਵਾਲ ਬਣਾਇਆ ਸੀ।

ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ: ਟ੍ਰਾਈਸਿਟੀ ਵਿੱਚ ਜ਼ਮੀਨੀ ਧੋਖਾਧੜੀ ਦੇ ਸਭ ਤੋਂ ਵੱਡੇ ਮਾਮਲਿਆਂ ਵਿੱਚੋਂ ਇੱਕ ਸਾਹਮਣੇ ਆਇਆ ਹੈ। ਮੁਹਾਲੀ ਦੇ ਸੈਕਟਰ-65 ਵਿੱਚ ਸਥਿਤ 42 ਏਕੜ ਵਪਾਰਕ ਜ਼ਮੀਨ, ਜਿਸ ਦੀ ਮੌਜੂਦਾ ਬਾਜ਼ਾਰੀ ਕੀਮਤ 1000 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ, ਨੂੰ ਪਾਰਟਨਰਸ਼ਿਪ ਫਰਮ ਦੇ ਜ਼ਰੀਏ ਹੜੱਪਣ ਦੇ ਦੋਸ਼ ਹੇਠ ਥਾਣਾ ਸੋਹਾਣਾ ਪੁਲਿਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ।
ਪੰਚਕੂਲਾ ਦੇ ਸੈਕਟਰ-6 ਦੇ ਰਹਿਣ ਵਾਲੇ ਸ਼ਿਵ ਅਗਰਵਾਲ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਨ੍ਹਾਂ ਨੇ ਸਾਲ 2019 ਵਿੱਚ ਇਹ ਜ਼ਮੀਨ ਖ਼ਰੀਦੀ ਸੀ ਅਤੇ ਆਪਣੀ ਫਰਮ ਡੀਐੱਸ ਬਿਲਟੈਕ ਵਿੱਚ ਵੇਦ ਪ੍ਰਕਾਸ਼ ਗਰਗ, ਪਰਵੀਨ ਗਰਗ ਅਤੇ ਮੰਡੀ ਗੋਬਿੰਦਗੜ੍ਹ ਦੇ ਜੋਗਿੰਦਰ ਗਰੁੱਪ ਦੇ ਮਾਲਕ ਆਦਰਸ਼ ਗਰਗ ਨੂੰ ਭਾਈਵਾਲ ਬਣਾਇਆ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਸਮਝੌਤੇ ਤਹਿਤ ਕੰਪਨੀ ਦੀ ਹਿੱਸੇਦਾਰੀ ਤਿੰਨਾਂ ਦੇ ਨਾਂ ਤਬਦੀਲ ਕਰ ਦਿੱਤੀ ਗਈ, ਪਰ ਉਨ੍ਹਾਂ ਨੂੰ ਬਣਦੀ ਰਕਮ ਅਦਾ ਨਹੀਂ ਕੀਤੀ ਗਈ। ਇਸ ਦੀ ਬਜਾਏ ਧੋਖੇ ਨਾਲ ਫਰਮ ਅਤੇ ਜ਼ਮੀਨ 'ਤੇ ਕਬਜ਼ਾ ਕਰ ਲਿਆ ਗਿਆ।
ਸ਼ਿਕਾਇਤਕਰਤਾ ਨੇ ਦੱਸਿਆ ਕਿ ਪਿਛਲੇ ਚਾਰ ਸਾਲਾਂ ਤੋਂ ਉਨ੍ਹਾਂ ਨੂੰ ਜ਼ਮੀਨ ਦੇ ਬਦਲੇ ਇੱਕ ਪੈਸਾ ਵੀ ਨਹੀਂ ਮਿਲਿਆ। ਜਦੋਂ ਵੀ ਉਨ੍ਹਾਂ ਨੇ ਆਪਣੀ ਰਕਮ ਦੀ ਮੰਗ ਕੀਤੀ ਤਾਂ ਉਨ੍ਹਾਂ ਨੂੰ ਕਥਿਤ ਤੌਰ 'ਤੇ ਧਮਕੀਆਂ ਦਿੱਤੀਆਂ ਜਾਂਦੀਆਂ ਰਹੀਆਂ। ਆਖ਼ਰਕਾਰ ਉਨ੍ਹਾਂ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਅਤੇ ਜ਼ਮੀਨ ਵਾਪਸ ਲੈਣ ਲਈ ਅਦਾਲਤ ਵਿੱਚ ਵੀ ਪਟੀਸ਼ਨ ਦਾਇਰ ਕੀਤੀ ਹੈ।
ਐੱਸਐੱਸਪੀ ਦੇ ਨਿਰਦੇਸ਼ਾਂ 'ਤੇ ਕੀਤੀ ਗਈ ਜਾਂਚ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਥਾਣਾ ਸੋਹਾਣਾ ਪੁਲਿਸ ਨੇ ਪਰਵੀਨ ਗਰਗ, ਵੇਦ ਪ੍ਰਕਾਸ਼ ਗਰਗ ਅਤੇ ਆਦਰਸ਼ ਗਰਗ ਖ਼ਿਲਾਫ਼ ਧੋਖਾਧੜੀ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਅਨੁਸਾਰ ਤਿੰਨੇ ਮੁਲਜ਼ਮ ਇਸ ਸਮੇਂ ਫਰਾਰ ਹਨ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮਾਮਲੇ ਦੀ ਜਾਂਚ ਜਾਰੀ ਹੈ।