ਜੁਡੀਸ਼ੀਅਲ ਕੰਪਲੈਕਸ ਨੂੰ ਲੈ ਕੇ ਵੱਡਾ ਐਕਸ਼ਨ, ਮੰਤਰੀ ਤੇ ਵਿਧਾਇਕ ਦੀ ਬੈਠਕ ਨੇ ਸ਼ੁਰੂ ਕੀਤੀ ਸਿਆਸੀ ਚਰਚਾ!
ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਡੇਰਾਬੱਸੀ ਜੁਡੀਸ਼ੀਅਲ ਕੰਪਲੈਕਸ ਦੇ ਨਿਰਮਾਣ ਵਿਚ ਹੋ ਰਹੀ ਦੇਰੀ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਉਣ ਤੋਂ ਬਾਅਦ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਮੰਗਲਵਾਰ ਨੂੰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨਾਲ ਅਹਿਮ ਬੈਠਕ ਕੀਤੀ। ਇਹ ਬੈਠਕ ਮਾਲ ਮੰਤਰੀ ਵੱਲੋਂ ਸੈਸ਼ਨ ਦੌਰਾਨ ਜਵਾਬ ਦੇ ਤੌਰ ’ਤੇ ਵਿਧਾਇਕ ਰੰਧਾਵਾ ਨੂੰ ਦਿੱਤੇ ਸਮੇਂ ਅਨੁਸਾਰ ਹੋਈ।
Publish Date: Wed, 19 Aug 2026 01:06 PM (IST)
Updated Date: Wed, 19 Aug 2026 01:09 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬੱਸੀ : ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਡੇਰਾਬੱਸੀ ਜੁਡੀਸ਼ੀਅਲ ਕੰਪਲੈਕਸ ਦੇ ਨਿਰਮਾਣ ਵਿਚ ਹੋ ਰਹੀ ਦੇਰੀ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਉਣ ਤੋਂ ਬਾਅਦ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਮੰਗਲਵਾਰ ਨੂੰ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨਾਲ ਅਹਿਮ ਬੈਠਕ ਕੀਤੀ। ਇਹ ਬੈਠਕ ਮਾਲ ਮੰਤਰੀ ਵੱਲੋਂ ਸੈਸ਼ਨ ਦੌਰਾਨ ਜਵਾਬ ਦੇ ਤੌਰ ’ਤੇ ਵਿਧਾਇਕ ਰੰਧਾਵਾ ਨੂੰ ਦਿੱਤੇ ਸਮੇਂ ਅਨੁਸਾਰ ਹੋਈ।
ਇਸ ਦੌਰਾਨ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਤੋਂ ਇਲਾਵਾ ਐੱਫਸੀਆਰ ਅਨੁਰਾਗ ਵਰਮਾ ਅਤੇ ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀ ਵੀ ਮੌਜੂਦ ਰਹੇ। ਇਸ ਮੌਕੇ ਡੇਰਾਬੱਸੀ ਜੁਡੀਸ਼ੀਅਲ ਕੰਪਲੈਕਸ ਦੇ ਨਿਰਮਾਣ ਕਾਰਜ ਨੂੰ ਜਲਦ ਤੋਂ ਜਲਦ ਸ਼ੁਰੂ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਵਿਧਾਨ ਸਭਾ ਵਿਚ ਵਿਧਾਇਕ ਰੰਧਾਵਾ ਨੇ ਸਰਕਾਰ ਦੇ ਧਿਆਨ ’ਚ ਲਿਆਂਦਾ ਸੀ ਕਿ ਡੇਰਾਬੱਸੀ ਵਿਚ ਜੁਡੀਸ਼ੀਅਲ ਕੰਪਲੈਕਸ ਬਣਾਉਣ ਦਾ ਐਲਾਨ ਹੋਣ ਦੇ ਬਾਵਜੂਦ ਇਸ ਦਾ ਨਿਰਮਾਣ ਕਾਰਜ ਅਜੇ ਤੱਕ ਸ਼ੁਰੂ ਨਹੀਂ ਹੋ ਸਕਿਆ। ਉਨ੍ਹਾਂ ਨੇ ਇਸ ਪ੍ਰਾਜੈਕਟ ਵਿਚ ਹੋ ਰਹੀ ਦੇਰੀ ਦੇ ਕਾਰਨਾਂ ਸਬੰਧੀ ਸਵਾਲ ਉਠਾਉਂਦਿਆਂ ਡੇਰਾਬੱਸੀ ਵਾਸੀਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਇਸ ਮੰਗ ਨੂੰ ਜਲਦ ਪੂਰਾ ਕਰਨ ਦੀ ਮੰਗ ਕੀਤੀ ਸੀ।
ਇਸੇ ਸਬੰਧੀ ਅੱਜ ਹੋਈ ਮੀਟਿੰਗ ਦੌਰਾਨ ਪ੍ਰਸਤਾਵਿਤ ਜੁਡੀਸ਼ੀਅਲ ਕੰਪਲੈਕਸ ਲਈ ਉਪਲਬਧ ਜ਼ਮੀਨ, ਨਿਰਮਾਣ ਕਾਰਜ ਸ਼ੁਰੂ ਕਰਨ ਅਤੇ ਪ੍ਰਾਜੈਕਟ ਨਾਲ ਸਬੰਧਤ ਪ੍ਰਸ਼ਾਸਨਿਕ ਮਸਲਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਵਿਧਾਇਕ ਰੰਧਾਵਾ ਨੇ ਕਿਹਾ ਕਿ ਡੇਰਾਬੱਸੀ ਹਲਕਾ ਆਬਾਦੀ ਅਤੇ ਵੋਟਰਾਂ ਦੇ ਲਿਹਾਜ਼ ਨਾਲ ਪੰਜਾਬ ਦੇ ਵੱਡੇ ਹਲਕਿਆਂ ਵਿਚ ਸ਼ਾਮਲ ਹੈ। ਮੌਜੂਦਾ ਸਮੇਂ ਅਦਾਲਤਾਂ ਦੇ ਪ੍ਰਸ਼ਾਸਨਿਕ ਬਲਾਕ ਵਿਚ ਚੱਲਣ ਅਤੇ ਵੱਖ-ਵੱਖ ਪ੍ਰਸ਼ਾਸਨਿਕ ਦਫ਼ਤਰ ਦੂਰ-ਦੂਰ ਸਥਿਤ ਹੋਣ ਕਾਰਨ ਆਮ ਲੋਕਾਂ ਨੂੰ ਆਪਣੇ ਕੰਮਾਂ ਲਈ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜੁਡੀਸ਼ੀਅਲ ਕੰਪਲੈਕਸ ਦੇ ਨਿਰਮਾਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਪ੍ਰਸ਼ਾਸਨਿਕ ਕੰਮਕਾਜ ਨੂੰ ਵੀ ਸੁਚਾਰੂ ਬਣਾਇਆ ਜਾ ਸਕੇਗਾ। ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਇਸ ਅਹਿਮ ਲੋਕ ਮਸਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜੁਡੀਸ਼ੀਅਲ ਕੰਪਲੈਕਸ ਦਾ ਕੰਮ ਜਲਦ ਸ਼ੁਰੂ ਕਰਵਾਉਣ ਲਈ ਲੋੜੀਂਦੀ ਕਾਰਵਾਈ ਤੇਜ਼ ਕਰਨ ਦਾ ਭਰੋਸਾ ਦਿੱਤਾ।