ਪੰਜਾਬ ਦੀ ਸਿਆਸਤ 'ਚ ਵੱਡਾ ਫ਼ੈਸਲਾ: ਚਰਨਜੀਤ ਚੰਨੀ ਅਤੇ ਪ੍ਰਤਾਪ ਸਿੰਘ ਬਾਜਵਾ ਦੀ ਹਮਾਇਤ ਦਾ ਐਲਾਨ, 'ਆਪ' ਉਮੀਦਵਾਰਾਂ ਦਾ ਕੀਤਾ ਜਾਵੇਗਾ ਵਿਰੋਧ
ਇਸ ਮੌਕੇ ਸਾਂਝੇ ਤੌਰ 'ਤੇ ਇਹ ਫ਼ੈਸਲਾ ਲਿਆ ਗਿਆ ਕਿ ਸੂਬੇ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਪੂਰਨ ਹਮਾਇਤ ਕੀਤੀ ਜਾਵੇਗੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ।
Publish Date: Thu, 19 Nov 2026 11:18 AM (IST)
Updated Date: Thu, 19 Nov 2026 11:25 AM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ। ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਨੇ ਪੰਜਾਬ ਵਿੱਚ ਅਗਲੇ ਵਰ੍ਹੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ।
ਇਹ ਮਹੱਤਵਪੂਰਨ ਫ਼ੈਸਲਾ
ਜਨਰਲ ਕੈਟਾਗਰੀ ਫੈਡਰੇਸ਼ਨ ਦੀ ਮੀਟਿੰਗ ’ਚ ਲਿਆ ਗਿਆ। ਜਿਸ ਫੈਡਰੇਸ਼ਨ ਦੇ ਪ੍ਰਮੁੱਖ ਆਗੂ ਸੁਖਬੀਰਇੰਦਰ ਸਿੰਘ, ਰਣਜੀਤ ਸਿੰਘ ਸਿੱਧੂ, ਪਰਦੀਪ ਸਿੰਘ ਰੰਧਾਵਾ, ਹਰਪਿੰਦਰਸਿੰਘ, ਅਮਨਦੀਪ ਸਿੰਘ ਔਜਲਾ, ਦਿਲਬਾਗ ਸਿੰਘ, ਹਰਚੰਦ ਸਿੰਘ, ਸੁਰਿੰਦਰ ਸੈਣੀ, ਕਪਿਲ ਦੇਵ ਪਰਾਸ਼ਰ ਅਤੇ ਜਸਵੀਰ ਸਿੰਘ ਗੜਾਂਗ ਨੇ ਸ਼ਿਰਕਤ ਕੀਤੀ।
ਇਸ ਮੌਕੇ ਸਾਂਝੇ ਤੌਰ 'ਤੇ ਇਹ ਫ਼ੈਸਲਾ ਲਿਆ ਗਿਆ ਕਿ ਸੂਬੇ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਪੂਰਨ ਹਮਾਇਤ ਕੀਤੀ ਜਾਵੇਗੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ।
ਆਗੂਆਂ ਕਿਹਾ ਕਿ ਕਿਉਂ ਜੋ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਇੱਕੋ-ਇੱਕ ਅਜਿਹੇ ਆਗੂ ਹੋਏ ਹਨ, ਜਿਨ੍ਹਾਂ ਨੇ ਜਨਰਲ ਵਰਗ ਨੂੰ ਦਰਪੇਸ਼ ਸਮੱਸਿਆਵਾਂ ਨੂੰ ਬੜੀ ਹੀ ਸੰਜੀਦਗੀ ਦੇ ਨਾਲ ਵਿਚਾਰਿਆ ਹੈ ਅਤੇ ਉਨ੍ਹਾਂ ਨੂੰ ਅਮਲੀ ਜਾਮਾ ਪਹਿਨਾਉਦਿਆਂ ਆਪਣੇ ਕਾਰਜਕਾਲ ਦੌਰਾਨ ਜਨਰਲ ਵਰਗ ਲਈ ਕਮਿਸ਼ਨ ਦਾ ਗਠਨ ਕੀਤਾ ਅਤੇ ਡਾ. ਨਵਜੋਤ ਦਹੀਆਂ ਨੂੰ ਇਸ ਕਮਿਸ਼ਨ ਦਾ ਚੇਅਰਮੈਨ ਲਾਇਆ।
ਡਾ. ਨਵਜੋਤ ਦਹੀਆਂ ਦੇ ਅਸਤੀਫ਼ਾ ਦੇਣ ਤੋਂ ਬਾਅਦ ਪੰਜਾਬ ਦੀ ਮੌਜੂਦਾ ਸਰਕਾਰ ਨੇ 5 ਸਾਲਾਂ ਦਾ ਸਮਾਂ ਬੀਤਣ 'ਤੇ ਵੀ ਇਸ ਕਮਿਸ਼ਨ ਦਾ ਚੇਅਰਮੈਨ ਨਹੀ ਲਾਇਆ ਅਤੇ ਨਾ ਹੀ ਕੋਈ ਦਫ਼ਤਰੀ ਅਮਲਾ ਨਿਯੁਕਤ ਕੀਤਾ ਹੈ। ਜਦਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਇਸ ਮੁੱਦੇ ਨੂੰ ਵਿਧਾਨ ਸਭਾ ਵਿੱਚ ਵੀ ਉਠਾ ਚੁੱਕੇ ਹਨ ਪਰ ਪੰਜਾਬ ਸਰਕਾਰ ਦੇ ਕੰਨਾਂ ਤੋਂ ਜੂੰਅ ਤੱਕ ਨਹੀਂ ਸਰਕੀ।
ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਪੰਜਾਬ ਵੀ ਲਗਾਤਾਰ ਇਸ ਕਮਿਸ਼ਨ ਦਾ ਚੇਅਰਮੈਨ ਲਗਾਉਣ ਦੀ ਮੰਗ ਕਰਦੀ ਆ ਰਹੀ ਹੈ। ਚਰਨਜੀਤ ਸਿੰਘ ਚੰਨੀ ਨੇ ਫੈਡਰੇਸ਼ਨ ਦੇ ਆਗੂਆਊ ਨਾਲ ਵਾਅਦਾ ਕੀਤਾ ਹੈ ਕਿ ਕਾਂਗਰਸ ਦੀ ਸਰਕਾਰ ਬਣਨ 'ਤੇ ਜਨਰਲ ਕੈਟਾਗਰੀ ਦੇ ਕਮਿਸ਼ਨ ਦਾ ਚੇਅਰਮੈਨ ਲਗਾ ਕੇ ਦਫ਼ਤਰੀ ਅਮਲਾ ਵੀ ਨਿਯੁਕਤ ਕੀਤਾ ਜਾਵੇਗਾ।
ਫੈਡਰੇਸ਼ਨ ਆਗੂਆਂ ਨੇ ਇਹ ਵੀ ਦੱਸਿਆ ਕਿ ਚਰਨਜੀਤ ਚੰਨੀ ਨੇ ਆਪਣੇ ਕਾਰਜ਼ਕਾਲ ਦੌਰਾਨ ਕਾਲਜਾਂ ਵਿੱਚ ਪੜ੍ਹਦੇ ਜਨਰਲ ਕੈਟਾਗਰੀ ਦੇ ਵਿੱਦਿਆਰਥੀਆਂ ਲਈ ਮੁੱਖ-ਮੰਤਰੀ ਵਜ਼ੀਫਾ ਯੋਜਨਾ ਵੀ ਸ਼ੁਰੂ ਕੀਤੀ ਸੀ ਪਰ ਪੰਜਾਬ ਸਰਕਾਰ ਨੇ ਉਸ ਸਕੀਮ ਨੂੰ ਠੰਡੇ ਬਸਤੇ ਚ’ ਪਾ ਕੇ ਰੱਖਿਆ ਹੋਇਆ ਹੈ। ਜਿਸ ਕਾਰਨ ਜਨਰਲ ਵਰਗ ਦੇ ਲੋਕਾਂ ਅਤੇ ਵਿੱਦਿਆਰਥੀਆਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਅੱਠਵੀਂ ਜਮਾਤ ਤੱਕ ਪੜ੍ਹਦੇ ਜਨਰਲ ਅਤੇ ਬੀਸੀ ਵਰਗ ਦੇ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਦੇਣ ਦੀ ਸ਼ੁਰੂਆਤ ਵੀ ਚਰਨਜੀਤ ਚੰਨੀ ਨੇ ਹੀ ਕੀਤੀ ਸੀ।