Big News : ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਵੱਡੀ ਰਾਹਤ, ਮੁਹਾਲੀ ਅਦਾਲਤ ਨੇ ਹਥਿਆਰ ਸਪਲਾਈ ਦੇ ਮਾਮਲੇ 'ਚ ਕੀਤਾ ਬਰੀ
ਮੁਹਾਲੀ ਦੀ ਇਕ ਅਦਾਲਤ ਨੇ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਮੈਂਬਰਾਂ ਨੂੰ ਹਥਿਆਰ ਮੁਹੱਈਆ ਕਰਵਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਵੱਡੀ ਰਾਹਤ ਦਿੰਦਿਆਂ ਕਲੀਨ ਚਿੱਟ ਦੇ ਦਿੱਤੀ ਹੈ। ਅਦਾਲਤ ਨੇ ਇਸ ਮਾਮਲੇ ਵਿਚ ਪੁਖਤਾ ਸਬੂਤਾਂ ਦੀ ਘਾਟ ਕਾਰਨ ਭਗਵਾਨਪੁਰੀਆ ਅਤੇ ਉਸਦੇ ਹੋਰ ਸਾਥੀਆਂ ਨੂੰ ਬਰੀ ਕਰਨ ਦਾ ਫ਼ੈਸਲਾ ਸੁਣਾਇਆ ਹੈ।
Publish Date: Tue, 13 Jan 2026 10:19 PM (IST)
Updated Date: Tue, 13 Jan 2026 10:22 PM (IST)
ਜੀਐੱਸ ਸੰਧੂ, ਪੰਜਾਬੀ ਜਾਗਰਣ, ਐੱਸਏਐੱਸ ਨਗਰ : ਮੁਹਾਲੀ ਦੀ ਇਕ ਅਦਾਲਤ ਨੇ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਮੈਂਬਰਾਂ ਨੂੰ ਹਥਿਆਰ ਮੁਹੱਈਆ ਕਰਵਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਵੱਡੀ ਰਾਹਤ ਦਿੰਦਿਆਂ ਕਲੀਨ ਚਿੱਟ ਦੇ ਦਿੱਤੀ ਹੈ। ਅਦਾਲਤ ਨੇ ਇਸ ਮਾਮਲੇ ਵਿਚ ਪੁਖਤਾ ਸਬੂਤਾਂ ਦੀ ਘਾਟ ਕਾਰਨ ਭਗਵਾਨਪੁਰੀਆ ਅਤੇ ਉਸਦੇ ਹੋਰ ਸਾਥੀਆਂ ਨੂੰ ਬਰੀ ਕਰਨ ਦਾ ਫ਼ੈਸਲਾ ਸੁਣਾਇਆ ਹੈ।
ਇਹ ਮਾਮਲਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਫੇਜ਼-1, ਮੁਹਾਲੀ ਵੱਲੋਂ ਦਰਜ ਕੀਤਾ ਗਿਆ ਸੀ। ਪੁਲਿਸ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਹੈ ਕਿ ਜੱਗੂ ਭਗਵਾਨਪੁਰੀਆ, ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਬਲ, ਪ੍ਰਗਟ ਸਿੰਘ ਅਤੇ ਦਰਮਨ ਕਾਹਲੋਂ ਵਰਗੇ ਗੈਂਗਸਟਰ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਅੱਤਵਾਦੀ ਜਥੇਬੰਦੀਆਂ ਨੂੰ ਹਥਿਆਰਾਂ ਦੀ ਸਪਲਾਈ ਕਰ ਰਹੇ ਹਨ।
ਅਦਾਲਤ ਦੀਆਂ ਟਿੱਪਣੀਆਂ
ਕੇਸ ਦੀ ਸੁਣਵਾਈ ਦੌਰਾਨ ਅਦਾਲਤ ਨੇ ਪਾਇਆ ਕਿ ਇਸਤਗਾਸਾ ਪੱਖ ਦੋਸ਼ਾਂ ਨੂੰ ਸਾਬਤ ਕਰਨ ਲਈ ਕੋਈ ਵੀ ਠੋਸ ਸਬੂਤ ਪੇਸ਼ ਕਰਨ ਵਿਚ ਅਸਫਲ ਰਿਹਾ ਹੈ। ਬਚਾਅ ਪੱਖ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ ਪੁਲਿਸ ਦੀ ਕਾਰਵਾਈ ਸਿਰਫ਼ ਸ਼ੱਕ ਅਤੇ ਸੂਚਨਾ ਦੇ ਆਧਾਰ 'ਤੇ ਸੀ। ਅਦਾਲਤ ਨੇ ਆਪਣੇ ਫ਼ੈਸਲੇ ਵਿਚ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਸਿਰਫ਼ ਅੰਦਾਜ਼ਿਆਂ ਦੇ ਆਧਾਰ 'ਤੇ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ, ਇਸ ਲਈ ਮੁਲਜ਼ਮਾਂ ਨੂੰ 'ਸ਼ੱਕ ਦਾ ਲਾਭ' ਦਿੱਤਾ ਜਾਂਦਾ ਹੈ।
ਗ੍ਰਿਫ਼ਤਾਰੀਆਂ ਅਤੇ ਜਾਂਚ ਦਾ ਵੇਰਵਾ
ਪੁਲਿਸ ਨੇ ਜਾਂਚ ਦੌਰਾਨ 17 ਜਨਵਰੀ 2023 ਨੂੰ ਯੁਵਰਾਜ ਸਿੰਘ ਅਤੇ ਨਿਸ਼ਾਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਨ੍ਹਾਂ ਕੋਲੋਂ ਇਕ ਪੁਆਇੰਟ 32 ਬੋਰ ਦਾ ਪਿਸਤੌਲ, 4 ਕਾਰਤੂਸ ਅਤੇ ਬਿਨਾਂ ਨੰਬਰ ਪਲੇਟ ਵਾਲਾ ਮੋਟਰਸਾਈਕਲ ਬਰਾਮਦ ਹੋਇਆ ਸੀ। ਨਿਸ਼ਾਨ ਸਿੰਘ ਨੇ ਪੁੱਛਗਿੱਛ ਦੌਰਾਨ ਜਗਪਾਲ ਸਿੰਘ ਉਰਫ਼ ਹਨੀ ਦਾ ਨਾਮ ਲਿਆ ਸੀ। ਪੁਲਿਸ ਨੇ ਹਨੀ ਨੂੰ ਵੀ ਇਸ ਮਾਮਲੇ ਵਿਚ ਨਾਮਜ਼ਦ ਕੀਤਾ ਸੀ, ਪਰ ਅਦਾਲਤ ਵਿਚ ਇਹ ਸਬੰਧ ਸਾਬਤ ਨਹੀਂ ਹੋ ਸਕੇ।
ਇਸ ਮੌਕੇ ਅਦਾਲਤੀ ਕਾਰਵਾਈ ਦੌਰਾਨ ਹੋਰ ਕਾਨੂੰਨੀ ਮਾਹਰਾਂ ਦੀ ਮੌਜੂਦਗੀ ਵਿਚ ਇਹ ਫ਼ੈਸਲਾ ਸੁਣਾਇਆ ਗਿਆ। ਜਾਂਚ ਏਜੰਸੀਆਂ ਲਈ ਇਹ ਇਕ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।