- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਨੇ ਜ਼ਿਲ੍ਹਾ ਐੱਸਏਐੱਸ ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਚਾਰ ਮੁਲਜ਼ਮਾਂ ਨੂੰ ਦੋ ਵਿਦੇਸ਼ੀ.30 ਬੋਰ ਪਿਸਤੌਲਾਂ ਅਤੇ ਅੱਠ ਕਾਰਤੂਸ ਸਮੇਤ ਗ੍ਰਿਫ਼ਤਾਰ ਕਰਕੇ ਵਿਦੇਸ਼ੀ ਗੈਂਗਸਟਰਾਂ ਦੁਆਰਾ ਚਲਾਏ ਜਾ ਰਹੇ ਇੱਕ ਗੈਂਗਸਟਰ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।
ਰਣਜੀਤ ਸਿੰਘ ਰਾਣਾ, ਐੱਸਏਐੱਸ ਨਗਰ : ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਪੰਜਾਬ ਨੇ ਜ਼ਿਲ੍ਹਾ ਐੱਸਏਐੱਸ ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਚਾਰ ਮੁਲਜ਼ਮਾਂ ਨੂੰ ਦੋ ਵਿਦੇਸ਼ੀ.30 ਬੋਰ ਪਿਸਤੌਲਾਂ ਅਤੇ ਅੱਠ ਕਾਰਤੂਸ ਸਮੇਤ ਗ੍ਰਿਫ਼ਤਾਰ ਕਰਕੇ ਵਿਦੇਸ਼ੀ ਗੈਂਗਸਟਰਾਂ ਦੁਆਰਾ ਚਲਾਏ ਜਾ ਰਹੇ ਇੱਕ ਗੈਂਗਸਟਰ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (dgp) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਉਹਨਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਅਰਮਾਨ ਸਿੰਘ, ਚਿਰਾਗ, ਰਵਿੰਦਰ ਸਿੰਘ ਉਰਫ ਰਾਹੁਲ, ਅਤੇ ਅਕਸ਼ੈ ਉਰਫ ਪ੍ਰਿੰਸ (ਸਾਰੇ ਪਟਿਆਲਾ ਜ਼ਿਲ੍ਹੇ ਨਾਲ ਸੰਬੰਧਿਤ) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਮੁਲਜ਼ਮਾਂ ਤੋਂ ਪਿਸਤੌਲ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਸੇਡਾਨ ਹੌਂਡਾ ਅਮੇਜ਼ ਕਾਰ ਵੀ ਬਰਾਮਦ ਕਰ ਲਈ ਹੈ, ਜਿਸ ‘ਤੇ ਉਹ ਸਫ਼ਰ ਕਰ ਰਹੇ ਸਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚੋਂ ਅਕਸ਼ੈ ਉਰਫ਼ ਪ੍ਰਿੰਸ ਨਾਮੀ ਵਿਅਕਤੀ, ਜੁਲਾਈ 2025 ਵਿੱਚ ਅਬੋਹਰ ਵਿਖੇ 'ਵੀਅਰ ਵੈੱਲ' ਸ਼ੋਅਰੂਮ ਮਾਲਕ ਦੇ ਕਤਲ ਕੇਸ ਵਿੱਚ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਨੇ ਮੁੱਖ ਹਮਲਾਵਰਾਂ ਨੂੰ ਲੌਜਿਸਟਿਕਲ ਸਹਾਇਤਾ ਪ੍ਰਦਾਨ ਕੀਤੀ ਸੀ।
ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ ਹੈ।
ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ADGP) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਐਸਏਐਸ ਨਗਰ ਵੱਲ ਅੰਬਾਲਾ-ਚੰਡੀਗੜ੍ਹ ਹਾਈਵੇਅ 'ਤੇ ਇਸ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ ਦੇਖੇ ਜਾਣ ਸਬੰਧੀ ਭਰੋਸੇਯੋਗ ਜਾਣਕਾਰੀ 'ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਏਜੀਟੀਐਫ ਅਤੇ ਐਸਏਐਸ ਨਗਰ ਪੁਲਿਸ ਕਰਮੀਆਂ ਦੀ ਇੱਕ ਵਿਸ਼ੇਸ਼ ਟੀਮ ਬਣਾਈ ਗਈ, ਜਿਸਨੇ ਤੁਰੰਤ ਹਾਈਵੇਅ ਦੀਆਂ ਵੱਖ-ਵੱਖ ਥਾਵਾਂ 'ਤੇ ਵਿਸ਼ੇਸ਼ ਨਾਕੇ ਲਾ ਲਏ।
ਏਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮ ਨੇ ਹਾਈਵੇਅ 'ਤੇ ਜਨੇਤਪੁਰ ਲਿੰਕ ਰੋਡ ਦੇ ਨੇੜੇ ਸ਼ੱਕੀ ਵਿਅਕਤੀਆਂ ਨੂੰ ਦੋ ਵਿਦੇਸ਼ੀ ਪਿਸਤੌਲਾਂ ਅਤੇ ਗੋਲੀ ਸਿੱਕੇ ਸਮੇਤ ਕਾਬੂ ਕਰ ਲਿਆ।
ਹੋਰ ਵੇਰਵੇ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (SSP) ਐਸਏਐਸ ਨਗਰ ਹਰਮਨਦੀਪ ਹੰਸ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਉਨ੍ਹਾਂ ਦੇ ਵਿਦੇਸ਼ੀ ਹੈਂਡਲਰਾਂ ਵੱਲੋਂ ਪੰਜਾਬ ਵਿੱਚ ਵੱਡੇ ਅਪਰਾਧਾਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ। ਐਸਐਸਪੀ ਨੇ ਅੱਗੇ ਕਿਹਾ ਕਿ ਇਨ੍ਹਾਂ ਗ੍ਰਿਫ਼ਤਾਰੀਆਂ ਨਾਲ ਖੇਤਰ ਵਿੱਚ ਗੰਭੀਰ ਅਪਰਾਧਾਂ ਦੀ ਸੰਭਾਵਨਾ ਟਲ ਗਈ ਹੈ।