- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਥੇਬੰਦੀ ਦੇ ਸੂਬਾ ਪ੍ਰਧਾਨ ਕਰਮ ਸਿੰਘ ਧਨੋਆ ਨੇ ਦੱਸਿਆ ਕਿ ਪਹਿਲੀ ਦਸੰਬਰ ਤੋਂ ਪੰਜ ਦਸੰਬਰ ਤੱਕ ਡੀਸੀ ਦਫ਼ਤਰਾਂ ਦੇ ਬਾਹਰ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ ਅਤੇ 6 ਦਸੰਬਰ ਨੂੰ ਸਾਰੀਆਂ ਥਾਵਾਂ ਤੋਂ ਰਾਖ ਇਕੱਠੀ ਕਰਕੇ ਅਸਥੀਆਂ ਵਜੋਂ ਲੁਧਿਆਣਾ ਦੇ ਬੁੱਢੇ ਨਾਲੇ ’ਚ ਜਲ ਪ੍ਰਵਾਹ ਕੀਤੀਆਂ ਜਾਣਗੀਆਂ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਨੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਅਤੇ ਆਮ ਆਦਮੀ ਪਾਰਟੀ (ਆਪ) ਦੀ ਸੂਬਾ ਸਰਕਾਰ ਦਾ ਮੁਕੰਮਲ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਅਤੇ ਨਾਕਾਮੀਆਂ ਵਿਰੁੱਧ ਪੜਾਅਵਾਰ ਪੰਜਾਬ ਭਰ ’ਚ ਸਮੂਹ ਡੀਸੀ ਦਫ਼ਤਰਾਂ ਅੱਗੇ ਰੋਸ ਮੁਜ਼ਾਹਰੇ ਕੀਤੇ ਜਾਣਗੇ।
ਜਥੇਬੰਦੀ ਦੇ ਸੂਬਾ ਪ੍ਰਧਾਨ ਕਰਮ ਸਿੰਘ ਧਨੋਆ ਨੇ ਦੱਸਿਆ ਕਿ ਪਹਿਲੀ ਦਸੰਬਰ ਤੋਂ ਪੰਜ ਦਸੰਬਰ ਤੱਕ ਡੀਸੀ ਦਫ਼ਤਰਾਂ ਦੇ ਬਾਹਰ ਪੰਜਾਬ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ ਅਤੇ 6 ਦਸੰਬਰ ਨੂੰ ਸਾਰੀਆਂ ਥਾਵਾਂ ਤੋਂ ਰਾਖ ਇਕੱਠੀ ਕਰਕੇ ਅਸਥੀਆਂ ਵਜੋਂ ਲੁਧਿਆਣਾ ਦੇ ਬੁੱਢੇ ਨਾਲੇ ’ਚ ਜਲ ਪ੍ਰਵਾਹ ਕੀਤੀਆਂ ਜਾਣਗੀਆਂ। ਇਸ ਮਗਰੋਂ 13 ਦਸੰਬਰ ਨੂੰ ਸੂਬੇ ਅੰਦਰ ਮਨੁੱਖੀ ਚੇਨ ਬਣਾ ਕੇ ਰੋਸ ਵਿਖਾਵੇ ਕੀਤੇ ਜਾਣਗੇ। ਇਸ ਸਬੰਧੀ ਪਿੰਡਾਂ ਅਤੇ ਸ਼ਹਿਰਾਂ ਵਿਚ ਪੈਨਸ਼ਨਰਾਂ ਦੀ ਲਾਮਬੰਦੀ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਇਸੇ ਲੜੀ ਤਹਿਤ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਦੀ ਅਹਿਮ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਰਣਧੀਰ ਸਿੰਘ ਭਜੌਲੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਕਰਮ ਸਿੰਘ ਧਨੋਆ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਜ਼ਿਲ੍ਹਾ ਜਨਰਲ ਸਕੱਤਰ ਸਾਥੀ ਬਾਬੂ ਸਿੰਘ ਪਮੌਰ ਨੇ ਏਜੰਡਾ ਪੇਸ਼ ਕੀਤਾ ਅਤੇ ਵਿੱਢੇ ਜਾਣ ਵਾਲੇ ਸੰਘਰਸ਼ ਬਾਰੇ ਚਰਚਾ ਕੀਤੀ ਗਈ। ਦਸੰਬਰ ਮਹੀਨੇ ’ਚ ਮਨਾਏ ਜਾਣ ਵਾਲੇ 'ਪੈਨਸ਼ਨਰ ਦਿਵਸ' ਦੀਆਂ ਅਗਾਊਂ ਤਿਆਰੀਆਂ ਦਾ ਜਾਇਜ਼ਾ ਲਿਆ।
ਇਸ ਮੌਕੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਪ੍ਰਤੀ ਸਖ਼ਤ ਰੋਸ ਜ਼ਾਹਰ ਕਰਦਿਆਂ ਆਗਾਮੀ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਗਈ ਅਤੇ ਸਰਬਸੰਮਤੀ ਨਾਲ ਅਹਿਮ ਫੈਸਲੇ ਲਏ ਗਏ। ਸਰਕਾਰ ਦੀਆਂ ਨਾਕਾਮੀਆਂ ਵਿਰੁੱਧ ਡੀਸੀ ਦਫ਼ਤਰ ਅੱਗੇ ‘ਆਪ’ ਸਰਕਾਰ ਦਾ ਪੁਤਲਾ ਅਤੇ ਅਰਥੀਆਂ ਫੂਕੀਆਂ ਜਾਣਗੀਆਂ, ਉਪਰੰਤ ਅਸਥੀਆਂ ਨੂੰ ਬੁੱਢੇ ਨਾਲੇ ’ਚ ਜਲ ਪ੍ਰਵਾਹ ਕੀਤਾ ਜਾਵੇਗਾ। ਆਗੂਆਂ ਨੇ ਸਮੂਹ ਪੈਨਸ਼ਨਰ ਸਾਥੀਆਂ ਨੂੰ ਸੰਘਰਸ਼ੀ ਪ੍ਰੋਗਰਾਮਾਂ ’ਚ ਵੱਡੀ ਗਿਣਤੀ ’ਚ ਸ਼ਾਮਲ ਹੋਣ ਦੀ ਪੁਰਜ਼ੋਰ ਅਪੀਲ ਕੀਤੀ।
ਮੀਟਿੰਗ ’ਚ ਹਰਵਿੰਦਰ ਸਿੰਘ (ਸਿਵਲ ਹਸਪਤਾਲ), ਨਰੈਣ ਦਾਸ, ਦਰਸ਼ਨ ਸਿੰਘ (ਵਿੱਤ ਸਕੱਤਰ), ਮਲਾਗਰ ਸਿੰਘ, ਸੁਰਿੰਦਰ ਸਿੰਘ ਕੰਗ, ਹਰਭਜਨ ਸਿੰਘ, ਸੁਰਜੀਤ ਸਿੰਘ, ਰਣਜੀਤ ਸਿੰਘ, ਗਿਆਨ ਸਿੰਘ ਮੁੱਲਾਂਪੁਰ, ਰਾਮ ਦਾਸ, ਬਲਦੇਵ ਸਿੰਘ ਅਤੇ ਗੁਰਮੇਲ ਸਿੰਘ ਢੀਂਡਸਾ ਸਮੇਤ ਵੱਡੀ ਗਿਣਤੀ ’ਚ ਪੈਨਸ਼ਨਰ ਹਾਜ਼ਰ ਸਨ। ਸਮੂਹ ਪੈਨਸ਼ਨਰਾਂ ਨੇ ਇੱਕਜੁੱਟ ਹੋ ਕੇ ਸੱਤਾਧਾਰੀ ਆਮ ਆਦਮੀ ਪਾਰਟੀ ਦਾ ਮੁਕੰਮਲ ਬਾਈਕਾਟ ਕਰਨ ਦਾ ਐਲਾਨ ਕੀਤਾ।
ਸੂਬਾ ਪੱਧਰੀ ਮਨੁੱਖੀ ਚੇਨ
ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਕਰਮ ਸਿੰਘ ਧਨੋਆ ਨੇ ਦੱਸਿਆ ਕਿ ਪੈਨਸ਼ਨਰਾਂ, ਮੁਲਾਜ਼ਮਾਂ, ਆਂਗਨਵਾੜੀ ਵਰਕਰਾਂ, ਹੈਲਥ ਵਰਕਰਾਂ, ਬਿਜਲੀ ਕਾਮਿਆਂ ਅਤੇ ਬੇਰੁਜ਼ਗਾਰਾਂ ਦੀਆਂ ਹੱਕੀ ਮੰਗਾਂ ਦੇ ਸਮਰਥਨ ਵਿਚ 13 ਦਸੰਬਰ ਨੂੰ ਸ਼ੰਭੂ ਬੈਰੀਅਰ ਤੋਂ ਲੈ ਕੇ ਸਮੁੱਚੇ ਪੰਜਾਬ ’ਚ ਹੱਥਾਂ ਵਿੱਚ ਤਖ਼ਤੀਆਂ ਫੜ ਕੇ ਵਿਸ਼ਾਲ ਮਨੁੱਖੀ ਚੇਨ ਬਣਾਈ ਜਾਵੇਗੀ। ਇਸ ਦੌਰਾਨ ਪੈਨਸ਼ਨਰਾਂ ਵੱਲੋਂ ਵੱਖਵੱਖ ਥਾਵਾਂ ਉੱਤੇ ਜੀਟੀ ਰੋਡਾਂ ਦੇ ਕਿਨਾਰੇ ਮਨੁੱਖੀ ਚੇਨ ਬਣਾ ਕੇ ਰੋਸ ਵਿਖਾਵੇ ਕੀਤੇ ਜਾਣਗੇ।
ਫੋਟੋ ਕੈਪਸ਼ਨ: ਪੰਜਾਬ ਸਰਕਾਰ ਵਿਰੁੱਧ ਪੈਨਸ਼ਨਰਾਂ ਦੀ ਲਾਮਬੰਦੀ ਕਰਦੇ ਹੋਏ ਜਥੇਬੰਦੀ ਦੇ ਆਗੂ। 5ਪੀ