ਚੋਣਾਂ ਦੀ ਤਿਆਰੀ ਕਰ ਰਹੇ ਉਮੀਦਵਾਰਾਂ ਨੂੰ ਵੱਡਾ ਝਟਕਾ, ਹਾਈ ਕੋਰਟ ਦੇ ਹੁਕਮਾਂ ਮਗਰੋਂ ਖਰੜ ਕੌਂਸਲ ਚੋਣਾਂ ਰੱਦ
ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਹਾਈ ਕੋਰਟ ਵੱਲੋਂ 15 ਮਈ 2026 ਨੂੰ ਸੀ.ਡਬਲਿਊ.ਪੀ. ਨੰਬਰ 14752 ਆਫ਼ 2026 ਕੁਲਵੰਤ ਸਿੰਘ ਬਨਾਮ ਪੰਜਾਬ ਸਰਕਾਰ ਮਾਮਲੇ ਵਿੱਚ ਦਿੱਤੇ ਗਏ ਹੁਕਮਾਂ ਦੇ ਮੱਦੇਨਜ਼ਰ ਲਿਆ ਗਿਆ ਹੈ, ਜੋ ਕਿ ਨਗਰ ਕੌਂਸਲ ਖਰੜ ਨਾਲ ਸਬੰਧਤ ਨਾਲ ਲੱਗਦੇ ਨਿਰਧਾਰਿਤ ਖੇਤਰਾਂ ਦੇ ਵੋਟਰਾਂ ਨੂੰ ਸ਼ਾਮਲ ਕਰਨ ਨਾਲ ਸੰਬੰਧਿਤ ਹੈ।
Publish Date: Sun, 17 May 2026 03:53 PM (IST)
Updated Date: Sun, 17 May 2026 03:59 PM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਖਰੜ ਨਗਰ ਕੌਂਸਲ ਦੀਆਂ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਸ ਗੱਲ ਦੀ ਪੁਸ਼ਟੀ ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਨੇ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਨਗਰ ਕੌਂਸਲ ਖਰੜ ਦੀਆਂ ਆਮ ਚੋਣਾਂ ਫਿਲਹਾਲ ਮੁਲਤਵੀ ਕਰਨ ਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਤੋਂ ਪ੍ਰਾਪਤ ਪੱਤਰ ਅਨੁਸਾਰ ਨਗਰ ਕੌਂਸਲ ਖਰੜ ਲਈ ਚੱਲ ਰਹੀ ਚੋਣ ਪ੍ਰਕਿਰਿਆ, ਜਿਸ ਵਿੱਚ ਨਾਮਜ਼ਦਗੀਆਂ ਪ੍ਰਾਪਤ ਕਰਨ ਦੀ ਪ੍ਰਕਿਰਿਆ ਵੀ ਸ਼ਾਮਲ ਹੈ, ਨੂੰ ਤੁਰੰਤ ਪ੍ਰਭਾਵ ਨਾਲ ਸਮਾਪਤ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਹਾਈ ਕੋਰਟ ਵੱਲੋਂ 15 ਮਈ 2026 ਨੂੰ ਸੀ.ਡਬਲਿਊ.ਪੀ. ਨੰਬਰ 14752 ਆਫ਼ 2026 ਕੁਲਵੰਤ ਸਿੰਘ ਬਨਾਮ ਪੰਜਾਬ ਸਰਕਾਰ ਮਾਮਲੇ ਵਿੱਚ ਦਿੱਤੇ ਗਏ ਹੁਕਮਾਂ ਦੇ ਮੱਦੇਨਜ਼ਰ ਲਿਆ ਗਿਆ ਹੈ, ਜੋ ਕਿ ਨਗਰ ਕੌਂਸਲ ਖਰੜ ਨਾਲ ਸਬੰਧਤ ਨਾਲ ਲੱਗਦੇ ਨਿਰਧਾਰਿਤ ਖੇਤਰਾਂ ਦੇ ਵੋਟਰਾਂ ਨੂੰ ਸ਼ਾਮਲ ਕਰਨ ਨਾਲ ਸੰਬੰਧਿਤ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਚੋਣਾਂ ਮੁਲਤਵੀ ਕਰਨ ਸਬੰਧੀ ਜਨਤਕ ਨੋਟਿਸ ਰਿਟਰਨਿੰਗ ਅਫ਼ਸਰ, ਖਰੜ ਅਤੇ ਨਗਰ ਕੌਂਸਲ ਖਰੜ ਦੇ ਦਫ਼ਤਰਾਂ ਵਿੱਚ ਪ੍ਰਦਰਸ਼ਿਤ ਕਰ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਜਿਨ੍ਹਾਂ ਉਮੀਦਵਾਰਾਂ ਵੱਲੋਂ ਨਗਰ ਕੌਂਸਲ ਖਰੜ ਲਈ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਚੁੱਕੇ ਹਨ, ਉਹ ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਾਮਜ਼ਦਗੀ ਫੀਸ ਦੀ ਵਾਪਸੀ ਦੇ ਹੱਕਦਾਰ ਹੋਣਗੇ। ਸ੍ਰੀਮਤੀ ਕੋਮਲ ਮਿੱਤਲ ਨੇ ਕਿਹਾ ਕਿ ਨਗਰ ਕੌਂਸਲ ਖਰੜ ਦੀਆਂ ਚੋਣਾਂ ਕਰਵਾਉਣ ਸਬੰਧੀ ਅਗਲੀ ਕਾਰਵਾਈ ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਤੋਂ ਨਵੀਂ ਅਧਿਸੂਚਨਾ ਪ੍ਰਾਪਤ ਹੋਣ ਉਪਰੰਤ ਕੀਤੀ ਜਾਵੇਗੀ।