ਸਤਵਿੰਦਰ ਸਿੰਘ ਧੜਾਕ, ਮੋਹਾਲੀ : ਨਸ਼ਾ ਤਸਕਰਾਂ ਦੀ ਹਮਾਇਤ ਦੇ ਦੋਸ਼ਾਂ 'ਚ ਘਿਰੇ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਦੁਬਾਰਾ ਪੜਤਾਲੀਆ ਟੀਮ ਅੱਗੇ ਪੇਸ਼ ਹੋਏ। ਪਤਾ ਚੱਲਿਆ ਹੈ ਕਿ ਉਨ੍ਹਾਂ ਤੋਂ ਲੰਬੀ ਜਾਂਚ-ਪੜਤਾਲ ਕੀਤੀ ਗਈ ਹੈ ਜਿਸ ਬਾਰੇ ਹਾਲੇ ਉੱਘ-ਸੁੱਘ ਤਾਂ ਨਹੀਂ ਪਰ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਤੀਜੀ ਵਾਰ ਉਨ੍ਹਾਂ ਨੂੰ ਤਫ਼ਤੀਸ਼ 'ਚ ਸ਼ਾਮਲ ਹੋਣ ਲਈ ਬੁਲਾਇਆ ਗਿਆ ਸੀ। SIT ਨੇ ਮਜੀਠੀਆ ਦੇ ਮੋਬਾਈਲ 'ਤੇ ਨੋਟਿਸ ਭੇਜਿਆ ਸੀ।

ਮਜੀਠੀਆ ਖ਼ਿਲਾਫ਼ ਮੋਹਾਲੀ ’ਚ ਐੱਨਡੀਪੀਐੱਸ ਐਕਟ ਤਹਿਤ ਐੱਫਆਈਆਰ ਦਰਜ ਕੀਤੀ ਗਈ ਸੀ। ਇਸ ਮਾਮਲੇ ’ਚ ਮਜੀਠੀਆ ਨੇ ਪਹਿਲਾਂ ਮੋਹਾਲੀ ਦੀ ਜ਼ਿਲ੍ਹਾ ਅਦਾਲਤ ’ਚ ਪਟੀਸ਼ਨ ਦਾਇਰ ਕਰ ਕੇ ਅਗਾਊਂ ਜ਼ਮਾਨਤ ਦਿੱਤੇ ਜਾਣ ਦੀ ਮੰਗ ਕੀਤੀ ਸੀ ਤੇ ਕਿਹਾ ਸੀ ਕਿ ਉਨ੍ਹਾਂ ਦੇ ਖ਼ਿਲਾਫ਼ ਇਹ ਐੱਫਆਈਆਰ ਸਿਆਸੀ ਮੰਦਭਾਵਨਾ ਤੇ ਰੰਜ਼ਿਸ਼ ਤਹਿਤ ਹੀ ਸੂਬੇ ’ਚ ਹਾਕਮ ਕਾਂਗਰਸ ਸਰਕਾਰ ਨੇ ਦਰਜ ਕਰਵਾਈ ਹੈ ਤਾਂ ਜੋ ਆਉਂਦੀਆਂ ਵਿਧਾਨ ਸਭਾ ਚੋਣਾਂ ’ਚ ਇਸ ਦਾ ਫਾਇਦਾ ਲਿਆ ਜਾ ਸਕੇ, ਜਦਕਿ ਉਨ੍ਹਾਂ ਖ਼ਿਲਾਫ਼ ਲਗਾਏ ਗਏ ਸਾਰੇ ਦੋਸ਼ ਬੇਬੁਨਿਆਦ ਹਨ। ਮੋਹਾਲੀ ਜ਼ਿਲ੍ਹਾ ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਅਰਜ਼ੀ ਨੂੰ ਖਾਰਜ ਕਰਨ ਤੋਂ ਬਾਅਦ ਮਜੀਠੀਆ ਨੇ ਹਾਈ ਕੋਰਟ ਦਾ ਰੁਖ਼ ਕੀਤਾ ਸੀ ਜਿੱਥੋਂ ਉਨ੍ਹਾਂ ਨੂੰ ਸ਼ਰਤਾਂ ਸਮੇਤ ਜ਼ਮਾਨਤ ਮਿਲ ਗਈ।

Posted By: Seema Anand