- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੈਲੀ ਕਾਰਨ ਸੈਕਟਰ-86 ਅਤੇ ਆਸ-ਪਾਸ ਦੀਆਂ ਸੜਕਾਂ 'ਤੇ ਟ੍ਰੈਫਿਕ ਵਿਵਸਥਾ ਕਾਫ਼ੀ ਪ੍ਰਭਾਵਿਤ ਹੋਈ, ਜਿਸ ਕਾਰਨ ਲੰਘਣ ਵਾਲੇ ਆਮ ਲੋਕਾਂ ਅਤੇ ਵਾਹਨ ਚਾਲਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਅੱਜ ਮੁਹਾਲੀ ਦੇ ਸੈਕਟਰ-86 ਤੋਂ 'ਸੇਵਾ ਸੰਕਲਪ ਯਾਤਰਾ' ਕੱਢੀ ਗਈ। ਇਸ ਮੌਕੇ ਭਾਜਪਾ ਵਰਕਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਰਥੀ ਬਣਾ ਕੇ ਮੋਢਿਆਂ ਉੱਤੇ ਚੁੱਕਿਆ ਅਤੇ ਬਾਅਦ ਵਿੱਚ ਅੱਗ ਲਗਾ ਕੇ ਸਾੜਿਆ। ਇਸ ਰੋਸ ਪ੍ਰਦਰਸ਼ਨ ਵਿੱਚ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਅਤੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਸਮੇਤ ਹੋਰ ਕਈ ਆਗੂ ਅਤੇ ਵਰਕਰ ਹਾਜ਼ਰ ਸਨ।
ਇਸ ਦੌਰਾਨ ਭਾਜਪਾ ਵਰਕਰਾਂ ਵੱਲੋਂ ਇਕ ਵਿਸ਼ੇਸ਼ ਮੋਟਰ ਸਾਈਕਲ ਰੈਲੀ ਕੱਢੀ ਗਈ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਉਨ੍ਹਾਂ ਦਾ ਪੁਤਲਾ ਵੀ ਫੂਕਿਆ ਗਿਆ।
ਰੈਲੀ ਦੌਰਾਨ ਭਾਜਪਾ ਵਰਕਰਾਂ ਵੱਲੋਂ ਸ਼ਰੇਆਮ ਟਰੈਫਿਕ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਗਈਆਂ।
ਮੋਟਰ ਸਾਈਕਲ ਰੈਲੀ ਵਿੱਚ ਸ਼ਾਮਲ ਜ਼ਿਆਦਾਤਰ ਨੌਜਵਾਨਾਂ ਅਤੇ ਵਰਕਰਾਂ ਨੇ ਹੈਲਮੇਟ ਨਹੀਂ ਪਾਏ ਹੋਏ ਸਨ।
ਇਸ ਤੋਂ ਇਲਾਵਾ ਇੱਕ ਹੀ ਮੋਟਰ ਸਾਈਕਲ 'ਤੇ ਤਿੰਨ-ਤਿੰਨ ਵਰਕਰ ਬੈਠੇ ਹੋਏ ਸਨ।
ਰੈਲੀ ਕਾਰਨ ਸੈਕਟਰ-86 ਅਤੇ ਆਸ-ਪਾਸ ਦੀਆਂ ਸੜਕਾਂ 'ਤੇ ਟ੍ਰੈਫਿਕ ਵਿਵਸਥਾ ਕਾਫ਼ੀ ਪ੍ਰਭਾਵਿਤ ਹੋਈ, ਜਿਸ ਕਾਰਨ ਲੰਘਣ ਵਾਲੇ ਆਮ ਲੋਕਾਂ ਅਤੇ ਵਾਹਨ ਚਾਲਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਇਸ ਦੌਰਾਨ ਪ੍ਰਦਰਸ਼ਨਕਾਰੀ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਜੰਮ ਕੇ ਭੜਾਸ ਕੱਢੀ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਸੰਭਾਲਣ ਅਤੇ ਵਿਕਾਸ ਕਾਰਜਾਂ ਵਿੱਚ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ। ਆਪਣਾ ਰੋਸ ਪ੍ਰਗਟ ਕਰਦਿਆਂ ਵਰਕਰਾਂ ਨੇ ਮੁੱਖ ਮੰਤਰੀ ਦਾ ਪੁਤਲਾ ਅਗਨ ਭੇਟ ਕੀਤਾ।
ਸਥਾਨਕ ਨਿਵਾਸੀਆਂ ਅਤੇ ਰਾਹਗੀਰਾਂ ਨੇ ਰੈਲੀ ਦੌਰਾਨ ਨਿਯਮਾਂ ਦੀ ਹੋਈ ਉਲੰਘਣਾ 'ਤੇ ਚਿੰਤਾ ਪ੍ਰਗਟਾਈ ਹੈ। ਲੋਕਾਂ ਦਾ ਕਹਿਣਾ ਹੈ ਕਿ ਰਾਜਨੀਤਿਕ ਪ੍ਰਦਰਸ਼ਨਾਂ ਦੇ ਨਾਂ 'ਤੇ ਟ੍ਰੈਫਿਕ ਨਿਯਮਾਂ ਨੂੰ ਛਿੱਕੇ ਟੰਗਣਾ ਅਤੇ ਆਮ ਜਨਤਾ ਲਈ ਮੁਸੀਬਤ ਖੜ੍ਹੀ ਕਰਨਾ ਬਿਲਕੁਲ ਗਲਤ ਹੈ। ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਵੀ ਇਸ ਮਾਮਲੇ 'ਚ ਕੋਈ ਸਖ਼ਤੀ ਨਹੀਂ ਦਿਖਾਈ ਗਈ, ਜਿਸ ਨੂੰ ਲੈ ਕੇ ਸਥਾਨਕ ਲੋਕਾਂ ਵਿੱਚ ਰੋਸ ਹੈ।