- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੌਰਾਨ ਸ਼ਹੀਦ ਜਥੇਦਾਰ ਦੇ ਜੀਵਨ ਅਤੇ ਸੰਘਰਸ਼ ਨਾਲ ਜੁੜੇ ਵੱਖ-ਵੱਖ ਪਹਿਲੂਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਰਣਜੀਤ ਸਿੰਘ ਰਾਣਾ, ਪੰਜਾਬੀ ਜਾਗਰਣ, ਮੁਹਾਲੀ: ਸ਼ਹੀਦ ਜਥੇਦਾਰ ਸ਼ੇਰ ਸਿੰਘ ਡੂਮਛੇੜੀ ਦੇ ਜੀਵਨ, ਸੰਘਰਸ਼ ਅਤੇ ਵਿਚਾਰਧਾਰਾ ਨੂੰ ਸਮਰਪਿਤ ਪੁਸਤਕ ‘ਸ਼ਹੀਦ ਜਥੇਦਾਰ ਸ਼ੇਰ ਸਿੰਘ ਡੂਮਛੇੜੀ’ ਦਾ ਸ਼ਨੀਵਾਰ ਨੂੰ ਫੇਜ਼-11 ਮੁਹਾਲੀ ਵਿਖੇ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਲੋਕਾਰਪਣ ਕੀਤਾ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੌਰਾਨ ਸ਼ਹੀਦ ਜਥੇਦਾਰ ਦੇ ਜੀਵਨ ਅਤੇ ਸੰਘਰਸ਼ ਨਾਲ ਜੁੜੇ ਵੱਖ-ਵੱਖ ਪਹਿਲੂਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਸਮਾਗਮ ਵਿੱਚ ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਕਰਨੈਲ ਸਿੰਘ ਪੰਜੋਲੀ, ਪ੍ਰੋ. ਨਿਰਮਲ ਸਿੰਘ ਅਤੇ ਹਰਬੰਸ ਸਿੰਘ ਮੰਡਪੁਰ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਬੁਲਾਰਿਆਂ ਨੇ ਕਿਹਾ ਕਿ ਸ਼ਹੀਦਾਂ ਦਾ ਜੀਵਨ ਸਿਰਫ਼ ਇਤਿਹਾਸ ਦਾ ਹਿੱਸਾ ਨਹੀਂ, ਸਗੋਂ ਆਉਣ ਵਾਲੀ ਪੀੜ੍ਹੀ ਲਈ ਪ੍ਰੇਰਣਾ ਦਾ ਸਰੋਤ ਵੀ ਹੈ। ਉਨ੍ਹਾਂ ਦੇ ਸੰਘਰਸ਼, ਸਿਧਾਂਤਾਂ ਅਤੇ ਸਮਾਜ ਪ੍ਰਤੀ ਯੋਗਦਾਨ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਸਮੇਂ ਦੀ ਲੋੜ ਹੈ।
ਭਾਈ ਰਣਜੀਤ ਸਿੰਘ ਨੇ ਸ਼ਹੀਦ ਜਥੇਦਾਰ ਸ਼ੇਰ ਸਿੰਘ ਡੂਮਛੇੜੀ ਦੇ ਜੀਵਨ ਅਤੇ ਸੰਘਰਸ਼ ਨੂੰ ਯਾਦ ਕਰਦਿਆਂ ਕਿਹਾ ਕਿ ਸਮਾਜ ਨੂੰ ਉਨ੍ਹਾਂ ਮਹਾਨ ਸ਼ਖ਼ਸੀਅਤਾਂ ਦੇ ਯੋਗਦਾਨ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ, ਜਿਨ੍ਹਾਂ ਨੇ ਆਪਣੇ ਸਿਧਾਂਤਾਂ ਅਤੇ ਵਿਚਾਰਾਂ ਲਈ ਸੰਘਰਸ਼ ਕੀਤਾ। ਉਨ੍ਹਾਂ ਕਿਹਾ ਕਿ ਪੁਸਤਕਾਂ ਰਾਹੀਂ ਅਜਿਹੇ ਇਤਿਹਾਸ ਨੂੰ ਸਾਂਭ ਕੇ ਨਵੀਂ ਪੀੜ੍ਹੀ ਤੱਕ ਪਹੁੰਚਾਉਣਾ ਸ਼ਲਾਘਾਯੋਗ ਉਪਰਾਲਾ ਹੈ।
ਇਸ ਮੌਕੇ ਕਰਵਾਈ ਗਈ ਵਿਚਾਰ-ਗੋਸ਼ਟੀ ਵਿੱਚ ਬੁਲਾਰਿਆਂ ਨੇ ਸ਼ਹੀਦ ਜਥੇਦਾਰ ਸ਼ੇਰ ਸਿੰਘ ਡੂਮਛੇੜੀ ਦੀ ਵਿਚਾਰਧਾਰਾ, ਸੰਘਰਸ਼ ਅਤੇ ਸਮਾਜ ਪ੍ਰਤੀ ਯੋਗਦਾਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਆਪਣੇ ਇਤਿਹਾਸ ਅਤੇ ਵਿਰਸੇ ਨਾਲ ਜੋੜਨ ਲਈ ਅਜਿਹੇ ਉਪਰਾਲੇ ਲਗਾਤਾਰ ਹੁੰਦੇ ਰਹਿਣੇ ਚਾਹੀਦੇ ਹਨ।
ਸ਼ਹੀਦ ਜਥੇਦਾਰ ਸ਼ੇਰ ਸਿੰਘ ਡੂਮਛੇੜੀ ਦੇ ਪੁੱਤਰ ਗੁਰਵਿੰਦਰ ਸਿੰਘ ਡੂਮਛੇੜੀ ਨੇ ਕਿਹਾ ਕਿ ਪੁਸਤਕ ਤਿਆਰ ਕਰਨ ਦਾ ਮੁੱਖ ਮਕਸਦ ਉਨ੍ਹਾਂ ਦੇ ਪਿਤਾ ਦੇ ਜੀਵਨ ਨਾਲ ਜੁੜੀਆਂ ਮਹੱਤਵਪੂਰਨ ਘਟਨਾਵਾਂ, ਸੰਘਰਸ਼ ਅਤੇ ਵਿਚਾਰਾਂ ਨੂੰ ਦਸਤਾਵੇਜ਼ ਦੇ ਰੂਪ ਵਿੱਚ ਸਾਂਭਣਾ ਹੈ, ਤਾਂ ਜੋ ਉਨ੍ਹਾਂ ਦੀ ਵਿਰਾਸਤ ਨਵੀਂ ਪੀੜ੍ਹੀ ਤੱਕ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਨੌਜਵਾਨ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਆਪਣੇ ਇਤਿਹਾਸ, ਸਮਾਜ ਅਤੇ ਜ਼ਿੰਮੇਵਾਰੀਆਂ ਨੂੰ ਬਿਹਤਰ ਢੰਗ ਨਾਲ ਸਮਝ ਸਕਦੇ ਹਨ।