ਸਟਾਫ ਰਿਪੋਰਟਰ, ਮੋਹਾਲੀ : ਚੀਨ ਅਤੇ ਪਾਕਿਸਤਾਨ ਦੋਵਾਂ ਤੋਂ ਲਗਾਤਾਰ ਖ਼ਤਰੇ ਦੀ ਚਿਤਾਵਨੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਪੰਜਾਬ ਸਰਹੱਦਾਂ 'ਤੇ ਦੁਸ਼ਮਣ ਨਾਲ ਲੜਾਈ ਵਿੱਚ ਹਮੇਸ਼ਾ ਮੋਹਰੀ ਰਿਹਾ ਹੈ। ਇੱਥੇ ਆਜ਼ਾਦੀ ਦਿਹਾੜੇ ਦੇ ਇਤਿਹਾਸਕ ਮੌਕੇ ਕੌਮੀ ਤਿਰੰਗਾ ਲਹਿਰਾਉਣ ਉਪਰੰਤ ਮੁੱਖ ਮੰਤਰੀ ਨੇ ਆਪਣੇ ਸੰਬੋਧਨ 'ਚ ਕਿਹਾ ਸਰਹੱਦਾਂ 'ਤੇ ਵਧ ਰਹੇ ਤਣਾਓ ਕਰਕੇ ਭਾਰਤ ਕਿਸੇ ਵੀ ਖਤਰੇ ਨਾਲ ਨਿਪਟਣ ਲਈ ਹਮੇਸ਼ਾ ਤਿਆਰ ਰਿਹਾ ਹੈ।

ਹਾਲ ਹੀ 'ਚ ਚੀਨੀ ਫ਼ੌਜੀਆਂ ਵੱਲੋਂ ਭਾਰਤੀ ਜਵਾਨਾਂ 'ਤੇ ਕੀਤੇ ਗਏ ਵਹਿਸ਼ੀ ਹਮਲੇ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਹਰ ਰੋਜ਼ ਫਾਇਰਿੰਗ ਕਰ ਰਿਹਾ ਹੈ ਜਦੋਂਕਿ ਦੂਜੇ ਪਾਸੇ ਚੀਨ ਗੱਲ ਤਾਂ ਦੋਸਤੀ ਦੀ ਕਰਦਾ ਹੈ ਪਰ ਅਸਲ ਵਿੱਚ ਸਾਡੀ ਕੌਮ ਲਈ ਖਤਰਾ ਬਣਿਆ ਹੋਇਆ ਹੈ। ਭਾਰਤ ਨੇ ਪਾਕਿਸਤਾਨ ਨੂੰ ਹਮੇਸ਼ਾ ਢੁੱਕਵਾਂ ਜਵਾਬ ਦਿੱਤਾ ਹੈ ਜੋ ਕਿ ਇਨ੍ਹਾਂ ਨਾਲ ਨਿਪਟਣ ਦਾ ਇੱਕੋ-ਇਕ ਤਰੀਕਾ ਹੈ। ਮੁੱਖ ਮੰਤਰੀ ਨੇ ਨਾਲ ਹੀ ਕਿਹਾ ਕਿ ਚੀਨ ਨਾਲ ਵੀ ਸਖ਼ਤੀ ਨਾਲ ਨਜਿੱਠਣ ਦੀ ਜ਼ਰੂਰਤ ਹੈ।

ਲੱਖਾਂ ਭਾਰਤੀਆਂ ਵੱਲੋਂ ਆਜ਼ਾਦੀ ਅੰਦੋਲਨ 'ਚ ਪਾਏ ਯੋਗਦਾਨ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਹਰ ਜੰਗ ਵਿੱਚ ਮੋਹਰੀ ਹੋ ਕੇ ਲੜੇ ਹਨ। ਉਨ੍ਹਾਂ ਕਿਹਾ ਕਿ ਕਾਲੇ ਪਾਣੀ (ਅੰਡੇਮਾਨ ਟਾਪੂ) ਵਿਚਲੀ ਸੈਲੂਲਰ ਜੇਲ੍ਹ ਵਿਖੇ ਉਕਰੇ ਹਜ਼ਾਰਾਂ ਪੰਜਾਬੀਆਂ ਦੇ ਨਾਂ ਉਨ੍ਹਾਂ ਦੇ ਅਮਰ ਹੋਣ ਦੀ ਗਵਾਹੀ ਭਰਦੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਕੋਵਿਡ ਮਹਾਮਾਰੀ ਕਾਰਨ ਆਜ਼ਾਦੀ ਦਿਵਸ ਦੇ ਸਮਾਗਮ ਇਸ ਸਾਲ ਪਿਛਲੇ ਸਾਲਾਂ ਦੇ ਮੁਕਾਬਲੇ ਥੋੜੇ ਸੰਖੇਪ ਹਨ ਪਰ ਇਹ ਸਮਾਂ ਉਨ੍ਹਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਨ ਦਾ ਹੈ ਜਿਨ੍ਹਾਂ ਸਦਕਾ ਸਾਨੂੰ ਆਜ਼ਾਦੀ ਹਾਸਲ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਮੁਲਕ ਦੀਆਂ ਸਰਹੱਦਾਂ ਦੀ ਰਾਖੀ ਕਰ ਰਹੀਆਂ ਰੱਖਿਆ ਸੈਨਾਵਾਂ ਨੂੰ ਸਲਾਮ ਕਰਨ ਦਾ ਵੀ ਹੈ।

ਪੰਜਾਬ ਦੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਜ਼ਾਦੀ ਘੁਲਾਟੀਆਂ ਦੀ ਤੀਜੀ ਪੀੜ੍ਹੀ ਨੂੰ ਸਾਰੇ ਲਾਭ ਦੇਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਇਸੇ ਸਮੇਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੈਰਾਮੈਡਿਕਸ ਅਤੇ ਸਿਹਤ ਵਰਕਰਾਂ ਨੂੰ ਜੋ ਕੋਵਿਡ ਦੇ ਅਦਿੱਖ ਦੁਸ਼ਮਣ ਨਾਲ ਲਗਾਤਾਰ ਲੜ ਰਹੇ ਹਨ ਅਤੇ ਗ਼ੈਰ-ਸਰਕਾਰੀ ਸੰਸਥਾਵਾਂ ਅਤੇ ਧਾਰਮਿਕ ਜਥੇਬੰਦੀਆਂ ਜਿਨ੍ਹਾਂ ਵੱਲੋਂ ਲੌਕਡਾਊਨ ਦੇ ਸਮੇਂ ਦੌਰਾਨ ਭੋਜਨ ਤੇ ਦਵਾਈਆਂ ਮੁਹੱਈਆ ਕਰਵਾਉਣ ਲਈ ਅਣਥੱਕ ਯਤਨ ਕੀਤੇ ਗਏ, ਨੂੰ ਵੀ ਸਲਾਮ ਕੀਤਾ। ਉਨ੍ਹਾਂ ਕਿਸਾਨਾਂ ਵੱਲੋਂ ਲੌਕਡਾਊਨ ਦੇ ਸਮੇਂ ਕੌਮ ਲਈ ਖ਼ੁਰਾਕ ਪਦਾਰਥ ਪੈਦਾ ਕਰਨ ਦਾ ਮਹਾਨ ਕੰਮ ਕਰਨ ਤੇ ਸਰਕਾਰੀ ਅਧਿਕਾਰੀਆਂ/ਮੁਲਾਜ਼ਮਾਂ ਵੱਲੋਂ ਮੁਸ਼ਕਿਲ ਭਰੇ ਸਮੇਂ ਦੌਰਾਨ ਲੋਕਾਂ ਨੂੰ ਦਿੱਤੀਆਂ ਸੇਵਾਵਾਂ ਦਾ ਵੀ ਵਿਸ਼ੇਸ਼ ਜ਼ਿਕਰ ਕੀਤਾ।

ਮੁੱਖ ਮੰਤਰੀ ਵੱਲੋਂ ਪੰਜਾਬ ਦੇ ਲੋਕਾਂ ਵੱਲੋਂ ਮਹਾਂਮਾਰੀ ਨੂੰ ਕਾਬੂ ਕਰਨ ਲਈ ਸੁਰੱਖਿਆ ਉਪਾਵਾਂ ਨੂੰ ਅਪਣਾਉਣ ਵਿੱਚ ਦਿੱਤੇ ਯੋਗਦਾਨ, ਵਿਦਿਆਰਥੀਆਂ ਜਿਨ੍ਹਾਂ ਨੇ ਆਨਲਾਈਨ ਸਿੱਖਿਆ ਦੇ ਤਰੀਕਿਆਂ ਨੂੰ ਸੰਜੀਦਗੀ ਨਾਲ ਅਪਣਾਇਆ ਅਤੇ ਅਧਿਆਪਕਾਂ ਜਿਨ੍ਹਾਂ ਵੱਲੋਂ ਆਨਲਾਈਨ ਸਮੱਗਰੀ ਤਿਆਰ ਕਰਨ ਲਈ ਦਿਨ-ਰਾਤ ਇਕ ਕੀਤਾ ਗਿਆ ਤਾਂ ਜੋ ਵਿਦਿਆਰਥੀ ਸਿੱਖਿਆ ਤੋਂ ਵਾਂਝੇ ਨਾ ਰਹਿਣ, ਦੀ ਵੀ ਵਿਸ਼ੇਸ਼ ਸਲਾਹੁਤਾ ਕੀਤੀ।

ਉਨ੍ਹਾਂ ਮਹਾਮਾਰੀ ਸਦਕਾ ਆਈ ਆਰਥਿਕ ਮੰਦੀ ਵਿਚੋਂ ਨਿਕਲਣ ਲਈ ਪੂਰੀ ਦ੍ਰਿੜ੍ਹਤਾ ਦਿਖਾਉਣ ਵਾਲੇ ਉਦਯੋਗਪਤੀਆਂ ਦੀ ਸਰਾਹਣਾ ਦੇ ਨਾਲ-ਨਾਲ ਉਦਯੋਗਿਕ ਖੇਤਰ ਦੇ ਕਿਰਤੀਆਂ, ਜਿਨ੍ਹਾਂ ਨੂੰ ਮਹਾਂਮਾਰੀ ਦੇ ਮੁੱਢਲੇ ਡਰ ਕਾਰਨ ਮਜਬੂਰੀ ਵੱਸ ਪੰਜਾਬ ਛੱਡ ਕੇ ਪੰਜਾਬ ਸਰਕਾਰ ਵੱਲੋਂ ਰੇਲਾਂ ਦੇ ਕੀਤੇ ਬੰਦੋਬਸਤ ਜ਼ਰੀਏ ਆਪਣੇ ਜੱਦੀ ਸੂਬਿਆਂ ਨੂੰ ਮੁੜਨਾ ਪਿਆ ਸੀ, ਵੱਲੋਂ ਪੰਜਾਬ ਸਰਕਾਰ 'ਤੇ ਜਤਾਏ ਪੂਰਨ ਭਰੋਸੇ ਸਦਕਾ ਵਾਪਸ ਪਰਤ ਕੇ ਪਹਿਲਾਂ ਜਿੰਨੀ ਹੀ ਪ੍ਰਤੀਬੱਧਤਾ ਨਾਲ ਕੰਮ ਸ਼ੁਰੂ ਕੀਤੇ ਜਾਣ ਦੀ ਵੀ ਸ਼ਲਾਘਾ ਕੀਤੀ ਗਈ।

Posted By: Seema Anand