GMADA ਧਰਨਾ: ਕਿਸਾਨਾਂ ਦੇ ਹੱਕ 'ਚ ਡਟੇ ਪ੍ਰਤਾਪ ਬਾਜਵਾ ਤੇ ਬਲਬੀਰ ਸਿੱਧੂ, ਕਿਹਾ -ਕਾਂਗਰਸ ਪਾਰਟੀ ਹਮੇਸ਼ਾ ਕਿਸਾਨਾਂ ਨਾਲ ਚਟਾਨ ਵਾਂਗ ਖੜੀ
ਬਲਬੀਰ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਕਿਸਾਨਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਅਤੇ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਸੰਘਰਸ਼ ਜਾਰੀ ਰਹੇਗਾ।
Publish Date: Mon, 06 Apr 2026 02:40 PM (IST)
Updated Date: Mon, 06 Apr 2026 02:52 PM (IST)
ਰਣਜੀਤ ਸਿੰਘ ਰਾਣਾ, ਐਸ ਏ ਐਸ ਨਗਰ। ਕਿਸਾਨਾਂ ਵੱਲੋਂ ਗਮਾਡਾ ਦਫਤਰ ਦੇ ਬਾਹਰ 25 ਮਾਰਚ ਤੋਂ ਦਿੱਤੇ ਜਾ ਰਹੇ ਲਗਾਤਾਰ ਧਰਨੇ ਵਿੱਚ ਅੱਜ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਸਮੇਤ ਸ਼ਾਮਲ ਹੋਏ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪ੍ਰਤਾਪ ਬਾਜਵਾ ਨੇ ਕਿਹਾ ਕਿ ਲੋਕ ਖਾਸ ਕਰ ਕੇ ਕਿਸਾਨ ਮੌਜੂਦਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਅੱਕ ਚੁੱਕੇ ਹਨ ਅਤੇ ੳਹਨਾਂ ਦੇ ਮਨਾਂ ਵਿਚ ਭਗਵੰਤ ਮਾਨ ਸਰਕਾਰ ਵਿਰੁੱਧ ਭਾਰੀ ਰੋਸ ਹੈ।
ਉਹਨਾਂ ਗਮਾਡਾ ਦੀਆਂ ਨੀਤੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਇਹ ਅਦਾਰਾ ਲਗਾਤਾਰ ਕਿਸਾਨ ਦੀ ਲੁੱਟ ਕਰਦਾ ਆ ਰਿਹਾ ਹੈ। ਉਨ੍ਹਾਂ ਕਿਹਾ ਗਮਾਡਾ ਵੱਲੋਂ ਕਿਸਾਨਾਂ ਦੀਆਂ ਕੀਮਤੀ ਜ਼ਮੀਨਾਂ ਤਾਂ ਕੌਡੀਆਂ ਦੇ ਭਾਅ ਐਕੁਆਇਰ ਕਰ ਲਈਆਂ ਜਾਂਦੀਆਂ ਹਨ, ਪਰ ਉਨ੍ਹਾਂ ਦੇ ਹਿੱਤਾਂ ਨੂੰ ਪੂਰੀ ਤਰ੍ਹਾਂ ਅਣਗੌਲਿਆ ਕੀਤਾ ਜਾ ਰਿਹਾ ਹੈ। ਆਪਣੀ ਹੀ ਜ਼ਮੀਨ ਦੇ ਢੁਕਵੇਂ ਮੁਆਵਜ਼ੇ ਅਤੇ ਹੱਕਾਂ ਲਈ ਕਿਸਾਨਾਂ ਨੂੰ ਸੜਕਾਂ 'ਤੇ ਬੈਠਣ ਲਈ ਮਜਬੂਰ ਕਰਨਾ ਬੇਹੱਦ ਮੰਦਭਾਗਾ ਹੈ।
ਬਲਬੀਰ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਕਿਸਾਨਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ ਅਤੇ ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਸੰਘਰਸ਼ ਜਾਰੀ ਰਹੇਗਾ।