- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀੜਤ ਪਰਿਵਾਰਾਂ ਨੇ ਪੰਜਾਬ ਸਰਕਾਰ ਨਾਲ ਸਬੰਧਤ ਮੁੜ ਵਸੇਬੇ ਦੇ ਲੰਬਿਤ ਮਾਮਲੇ ਚੁੱਕਦਿਆਂ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਰਾਜਪਾਲ ਨੂੰ ਨਿੱਜੀ ਦਖ਼ਲ ਦੇਣ ਦੀ ਗੁਹਾਰ ਲਗਾਈ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਨਵੰਬਰ 1984 ਦੇ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਦੀ ਨੁਮਾਇੰਦਗੀ ਕਰਦੀ ‘1984 ਦੰਗਾ ਪੀੜਤ ਵੈੱਲਫੇਅਰ ਸੁਸਾਇਟੀ’ ਦੇ ਵਫ਼ਦ ਨੇ ਰਾਜ ਸਭਾ ਦੇ ਮੈਂਬਰ ਸਤਨਾਮ ਸਿੰਘ ਸੰਧੂ ਦੀ ਅਗਵਾਈ ਹੇਠ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਮੰਗ ਪੱਤਰ ਸੌਂਪਿਆ। ਪੀੜਤ ਪਰਿਵਾਰਾਂ ਨੇ ਪੰਜਾਬ ਸਰਕਾਰ ਨਾਲ ਸਬੰਧਤ ਮੁੜ ਵਸੇਬੇ ਦੇ ਲੰਬਿਤ ਮਾਮਲੇ ਚੁੱਕਦਿਆਂ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਰਾਜਪਾਲ ਨੂੰ ਨਿੱਜੀ ਦਖ਼ਲ ਦੇਣ ਦੀ ਗੁਹਾਰ ਲਗਾਈ।
ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ, ਮਹਿਲਾ ਵਿੰਗ ਦੀ ਪ੍ਰਧਾਨ ਗੁਰਦੀਪ ਕੌਰ, ਸਕੱਤਰ ਦਲਜੀਤ ਸਿੰਘ, ਚੇਅਰਮੈਨ ਗੁਰਦੇਵ ਸਿੰਘ, ਇੰਦਰਪਾਲ ਸਿੰਘ, ਧਰਮਿੰਦਰ ਸਿੰਘ, ਸੁਰਜੀਤ ਸਿੰਘ, ਭੁਪਿੰਦਰ ਕੌਰ, ਰਾਜਵੰਤ ਕੌਰ, ਸੰਗੀਤਾ ਕੌਰ ਅਤੇ ਗੁਰਦੇਵ ਕੌਰ (ਵਿਧਵਾ) ਨੇ ਪੀੜਤ ਪਰਿਵਾਰਾਂ ਦੇ ਰਿਹਾਇਸ਼ੀ ਮਕਾਨਾਂ ਤੇ ਫਲੈਟਾਂ ਦੀ ਅਲਾਟਮੈਂਟ ਅਤੇ ਕਬਜ਼ੇ, ਕਾਰੋਬਾਰ ਲਈ ਬੂਥਾਂ, ਰੈੱਡ ਕਾਰਡਾਂ ਅਤੇ ਰੁਜ਼ਗਾਰ ਨਾਲ ਸਬੰਧਤ ਮਸਲੇ ਰੱਖੇ ਅਤੇ ਮੁੜ ਵਸੇਬੇ ਬਾਰੇ ਸਰਕਾਰੀ ਫ਼ੈਸਲਿਆਂ ਅਤੇ ਅਦਾਲਤੀ ਹੁਕਮਾਂ ਦੇ ਬਾਵਜੂਦ ਕਈ ਪਰਿਵਾਰ ਆਪਣੇ ਹੱਕਾਂ ਲਈ ਅੱਜ ਵੀ ਦਫ਼ਤਰਾਂ ਦੇ ਗੇੜੇ ਕੱਢ ਰਹੇ ਹਨ। ਆਗੂਆਂ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਤੋਂ ਲੰਬਿਤ ਮਾਮਲਿਆਂ ਦੀ ਸਥਿਤੀ ਤਲਬ ਕਰਕੇ ਯੋਗ ਲਾਭਪਾਤਰੀਆਂ ਨੂੰ ਬਣਦੇ ਲਾਭ ਦਿਵਾਏ ਜਾਣ। ਪੀੜਤ ਪਰਿਵਾਰਾਂ ਨੇ ਇਕ1 ਨਵੰਬਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿਚ ਕਾਂਗਰਸ ਵੱਲੋਂ ਕੀਤੀ ਜਾ ਰਹੀ ਰੈਲੀ ’ਤੇ ਸਖ਼ਤ ਇਤਰਾਜ਼ ਪ੍ਰਗਟਾਇਆ।