- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨੇ ਚੰਡੀਗੜ੍ਹ ਵਿੱਚ ਹੋਈ ਮਹਾਂ ਰੈਲੀ ਅਤੇ ਰੋਸ ਮਾਰਚ ਤੋਂ ਬਾਅਦ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 27 ਅਗਸਤ ਨੂੰ ਮੀਟਿੰਗ ਲਈ ਸੱਦਾ ਦਿੱਤੇ ਜਾਣ ਦੇ ਬਾਵਜੂਦ ਤਾਲਮੇਲ ਕਮੇਟੀ ਨੇ ਆਪਣਾ ਪ੍ਰੋਗਰਾਮ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ: ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਸਰਕਾਰ ਵਿਰੁੱਧ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਸਰਕਾਰ ਦੇ ਆਖਰੀ ਚੋਣ ਵਰ੍ਹੇ ਵਿੱਚ ਮੁਲਾਜ਼ਮ ਵਰਗ ਦੀ ਨਾਰਾਜ਼ਗੀ ਹੁਕਮਰਾਨਾਂ ਨੂੰ ਭਾਰੀ ਪੈ ਸਕਦੀ ਹੈ। ਉਨ੍ਹਾਂ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਅਤੇ ਕਾਂਗਰਸ ਸਰਕਾਰਾਂ ਤੋਂ ਨਾਰਾਜ਼ ਮੁਲਾਜ਼ਮਾਂ ਨੇ ਆਮ ਆਦਮੀ ਪਾਰਟੀ ਦਾ ਸਾਥ ਦਿੱਤਾ ਸੀ ਅਤੇ ‘ਆਪ’ ਵੱਲੋਂ ਮੁਲਾਜ਼ਮਾਂ ਨਾਲ ਵੱਡੇ ਵਾਅਦੇ ਕੀਤੇ ਗਏ ਸਨ ਪਰ ਹੁਣ ਉਹੀ ਵਰਗ ਆਪਣੀਆਂ ਮੰਗਾਂ ਲਈ ਸੜਕਾਂ ’ਤੇ ਹੈ।
ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਦੇ ਆਗੂਆਂ ਨੇ ਚੰਡੀਗੜ੍ਹ ਵਿੱਚ ਹੋਈ ਮਹਾਂ ਰੈਲੀ ਅਤੇ ਰੋਸ ਮਾਰਚ ਤੋਂ ਬਾਅਦ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 27 ਅਗਸਤ ਨੂੰ ਮੀਟਿੰਗ ਲਈ ਸੱਦਾ ਦਿੱਤੇ ਜਾਣ ਦੇ ਬਾਵਜੂਦ ਤਾਲਮੇਲ ਕਮੇਟੀ ਨੇ ਆਪਣਾ ਪ੍ਰੋਗਰਾਮ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ।
ਆਗੂਆਂ ਨੇ ਕਿਹਾ ਕਿ 27 ਅਗਸਤ ਨੂੰ ਮੀਟਿੰਗ ਵਾਲੇ ਦਿਨ ਹੀ ਪੰਜਾਬ ਭਰ ਦੇ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਤਹਿਸੀਲ ਅਤੇ ਜ਼ਿਲ੍ਹਾ ਪੱਧਰ ’ਤੇ ਵਿਸ਼ਾਲ ਰੋਸ ਪ੍ਰਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ ਸੰਘਰਸ਼ ਕੇਵਲ ਡੀਏ ਦੀਆਂ ਕਿਸ਼ਤਾਂ ਅਤੇ ਬਕਾਏ ਤੱਕ ਸੀਮਤ ਨਹੀਂ ਹੈ, ਸਗੋਂ ਮੰਗ ਪੱਤਰ ਵਿੱਚ ਦਰਜ ਸਾਰੀਆਂ ਮੰਗਾਂ ਦੀ ਪੂਰਤੀ ਤੱਕ ਜਾਰੀ ਰਹੇਗਾ।
ਮੁਲਾਜ਼ਮ ਜਥੇਬੰਦੀਆਂ ਨੇ 18 ਫੀਸਦੀ ਬਕਾਇਆ ਮਹਿੰਗਾਈ ਭੱਤਾ ਜਾਰੀ ਕਰਨ, ਪੈਨਸ਼ਨਰਾਂ ਅਤੇ ਅਣਰਿਵਾਈਜ਼ਡ ਕੈਟਾਗਰੀਆਂ ਦੇ ਮੁਲਾਜ਼ਮਾਂ ’ਤੇ 2.59 ਦਾ ਗੁਣਾਂਕ ਲਾਗੂ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਅਤੇ ਕੱਚੇ ਤੇ ਆਊਟਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ। ਇਸ ਤੋਂ ਇਲਾਵਾ ਮਿਡ-ਡੇਅ-ਮੀਲ, ਆਸ਼ਾ ਅਤੇ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ ਉਜਰਤਾਂ ਲਾਗੂ ਕਰਨ, ਬੰਦ ਕੀਤੇ 37 ਕਿਸਮ ਦੇ ਭੱਤੇ ਤੇ ਏਸੀਪੀ ਸਕੀਮ ਬਹਾਲ ਕਰਨ ਅਤੇ 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ’ਤੇ ਪੰਜਾਬ ਦੇ ਤਨਖਾਹ ਸਕੇਲ ਲਾਗੂ ਕਰਨ ਦੀ ਮੰਗ ਵੀ ਕੀਤੀ।
ਤਾਲਮੇਲ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਇਨ੍ਹਾਂ ਮੰਗਾਂ ਨੂੰ ਲੰਬੇ ਸਮੇਂ ਤੋਂ ਨਜ਼ਰਅੰਦਾਜ਼ ਕੀਤੇ ਜਾਣ ਕਾਰਨ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਮਾਣਭੱਤਾ ਵਰਕਰਾਂ ਵਿੱਚ ਸਰਕਾਰ ਪ੍ਰਤੀ ਰੋਸ ਵਧ ਰਿਹਾ ਹੈ। ਉਨ੍ਹਾਂ ਚੰਡੀਗੜ੍ਹ ਮਹਾਂ ਰੈਲੀ ਨੂੰ ਸਫ਼ਲ ਬਣਾਉਣ ਲਈ ਮੁਲਾਜ਼ਮਾਂ, ਪੈਨਸ਼ਨਰਾਂ, ਮਾਣਭੱਤਾ ਵਰਕਰਾਂ ਅਤੇ ਮੀਡੀਆ ਦਾ ਧੰਨਵਾਦ ਵੀ ਕੀਤਾ।