ਹਰ ਸ਼ੁੱਕਰਵਾਰ-ਡੇਂਗੂ 'ਤੇ ਵਾਰ: ਮੋਹਾਲੀ ਨੂੰ ਡੇਂਗੂ-ਮੁਕਤ ਬਣਾਉਣ ਲਈ ਸਿਵਲ ਸਰਜਨ ਖ਼ੁਦ ਉਤਰੇ ਮੈਦਾਨ ’ਚ
ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਮੁਹਾਲੀ ਸਮੇਤ ਸਮੁੱਚੇ ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ ਅਤੇ ਜਾਗਰੂਕਤਾ ਦਾ ਹੋਕਾ ਦਿੱਤਾ ਗਿਆ। ਮੁਹਾਲੀ ਦੇ ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਸੀਨੀਅਰ ਮੈਡੀਕਲ ਅਫ਼ਸਰਾਂ ਨੇ ਵੱਖ-ਵੱਖ ਥਾਵਾਂ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ।
Publish Date: Sat, 27 Jun 2026 12:14 PM (IST)
Updated Date: Sat, 27 Jun 2026 12:22 PM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ। ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਮੁਹਾਲੀ ਸਮੇਤ ਸਮੁੱਚੇ ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ ਅਤੇ ਜਾਗਰੂਕਤਾ ਦਾ ਹੋਕਾ ਦਿੱਤਾ ਗਿਆ। ਮੁਹਾਲੀ ਦੇ ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਸੀਨੀਅਰ ਮੈਡੀਕਲ ਅਫ਼ਸਰਾਂ ਨੇ ਵੱਖ-ਵੱਖ ਥਾਵਾਂ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ।
ਡਾ. ਸੰਗੀਤਾ ਜੈਨ ਨੇ ਖ਼ੁਦ ਫੇਜ਼-9 ਵਿਚ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਦਾ ਲਾਰਵਾ ਲੱਭਣ ਲਈ ਕੰਟੇਨਰ ਚੈੱਕ ਕੀਤੇ ਅਤੇ ਮੱਛਰ ਪੈਦਾ ਹੋਣ ਵਾਲੀਆਂ ਹੋਰ ਸੰਭਾਵੀ ਥਾਵਾਂ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਦੇਣ ਦੇ ਨਾਲ-ਨਾਲ ਲੋਕਾਂ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵੀ ਜਾਣਕਾਰੀ ਸਾਂਝੀ ਕਰਦਿਆਂ ਅਪੀਲ ਕੀਤੀ ਕਿ ਕਿਸੇ ਵੀ ਥਾਂ ’ਤੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ।
ਸਿਵਲ ਸਰਜਨ ਨੇ ਕਿਹਾ ਕਿ ਜ਼ਿਲ੍ਹੇ ਨੂੰ ਡੇਂਗੂ-ਮੁਕਤ ਬਣਾਉਣ ਲਈ ਲੋਕਾਂ ਦਾ ਸਹਿਯੋਗ ਅਤਿ-ਲੋੜੀਂਦਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ’ਤੇ ‘ਹਰ ਸ਼ੁੱਕਰਵਾਰ-ਡੇਂਗੂ ’ਤੇ ਵਾਰ’ ਮੁਹਿੰਮ ਸਾਰੇ ਜ਼ਿਲ੍ਹੇ ਵਿਚ ਜ਼ੋਰ-ਸ਼ੋਰ ਨਾਲ ਚੱਲ ਰਹੀ ਹੈ। ਅਧਿਕਾਰੀਆਂ ਸਮੇਤ ਹੋਰ ਸਟਾਫ਼ ਜਿੱਥੇ ਘਰ-ਘਰ ਜਾ ਕੇ ਸਰਵੇਖਣ ਕਰ ਰਹੇ ਹਨ, ਉੱਥੇ ਚਾਲਾਨ ਕੱਟਣ ਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ।
ਸਰਵੇ ਦੌਰਾਨ ਕੰਟੇਨਰ, ਗਮਲੇ, ਕੂਲਰ, ਫ਼ਰਿੱਜ, ਬਕਸੇ ਅਤੇ ਹੋਰ ਸਾਮਾਨ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਡੇਂਗੂ ਤੋਂ ਬਚਣ ਦਾ ਇਕੋ-ਇਕ ਕਾਰਗਰ ਤਰੀਕਾ ਹੈ ਕਿ ਕਿਸੇ ਵੀ ਥਾਂ ’ਤੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ।
ਡਾ. ਜੈਨ ਨੇ ਦੱਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ ਲੈ ਲੈਂਦਾ ਹੈ, ਜਿਹੜਾ ਵਿਅਕਤੀ ਦੀ ਜਾਨ ਵੀ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਬੁਖ਼ਾਰ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਪਰ ਆਮ ਤੌਰ ’ਤੇ ਇਹ ਬੁਖ਼ਾਰ ਜੁਲਾਈ ਤੋਂ ਲੈ ਕੇ ਨਵੰਬਰ ਅਖ਼ੀਰ ਤੱਕ ਜ਼ਿਆਦਾ ਹੁੰਦਾ ਹੈ।
ਡੇਂਗੂ ਬੁਖ਼ਾਰ ਫੈਲਾਉਣ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿਚ ਪੈਦਾ ਹੁੰਦਾ ਹੈ। ਸਰਕਾਰੀ ਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ। ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ, ਸੁਪਰਵਾੀਜਰ ਦਿਨੇਸ਼ ਚੌਧਰੀ, ਗੁਰਪ੍ਰੀਤ ਸਿੰਘ, ਹੈਲਥ ਵਰਕਰ, ਆਸ਼ਾ ਵਰਕਰ ਅਤੇ ਨਰਨਿੰਗ ਵਿਦਿਆਰਥੀ ਵੀ ਮੌਜੂਦ ਸਨ।
ਡੇਂਗੂ ਬੁਖ਼ਾਰ ਦੇ ਆਮ ਲੱਛਣ
ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀਅ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ।