- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਦਿੱਲੀ ਦੇ ਤਿਲਕ ਨਗਰ ਤੋਂ ਵਿਧਾਇਕ ਜਰਨੈਲ ਸਿੰਘ ਕੋਲੋਂ 7 ਕਰੋੜ ਰੁਪਏ ਦੀ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ।

ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ : ਲਾਰੈਂਸ ਬਿਸ਼ਨੋਈ ਗੈਂਗ ਦੇ ਨਾਂ ’ਤੇ ਦਿੱਲੀ ਦੇ ਤਿਲਕ ਨਗਰ ਤੋਂ ਵਿਧਾਇਕ ਜਰਨੈਲ ਸਿੰਘ ਕੋਲੋਂ 7 ਕਰੋੜ ਰੁਪਏ ਦੀ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ’ਚ ਵਿਧਾਇਕ ਵੱਲੋਂ ਐੱਸਏਐੱਸ ਨਗਰ (ਮੁਹਾਲੀ) ਦੇ ਐੱਸਐੱਸਪੀ ਨੂੰ ਸ਼ਿਕਾਇਤ ਦਿੱਤੀ ਗਈ ਹੈ। ਸ਼ਿਕਾਇਤ ਦੇ ਆਧਾਰ ’ਤੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸ਼ਿਕਾਇਤ ਅਨੁਸਾਰ 6 ਨਵੰਬਰ ਨੂੰ ਵਿਧਾਇਕ ਜਰਨੈਲ ਸਿੰਘ ਨੂੰ ਇਕ ਅਣਪਛਾਤੇ ਮੋਬਾਈਲ ਨੰਬਰ ਤੋਂ ਫੋਨ ਆਇਆ। ਫੋਨ ਕਰਨ ਵਾਲੇ ਨੇ ਖ਼ੁਦ ਨੂੰ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਦੱਸਦਿਆਂ 7 ਕਰੋੜ ਰੁਪਏ ਦੀ ਮੰਗ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਦੇ ਨਿੱਜੀ ਵਟਸਐੱਪ ਨੰਬਰ ’ਤੇ ਵੀ ਧਮਕੀ ਭਰਿਆ ਸੁਨੇਹਾ ਭੇਜਿਆ ਗਿਆ। ਸੁਨੇਹੇ ’ਚ ਪੈਸੇ ਨਾ ਦੇਣ ਦੀ ਸੂਰਤ ’ਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਬੱਚੇ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ।
ਵਿਧਾਇਕ ਨੇ ਆਪਣੀ ਸ਼ਿਕਾਇਤ ’ਚ ਦੋਸ਼ ਲਾਇਆ ਕਿ ਫੋਨ ਕਰਨ ਵਾਲੇ ਨੇ ਲਾਰੈਂਸ ਬਿਸ਼ਨੋਈ ਗੈਂਗ ਦਾ ਨਾਂ ਲੈ ਕੇ ਉਨ੍ਹਾਂ ਰਾਹੀਂ ਅਰਵਿੰਦ ਕੇਜਰੀਵਾਲ ਤੱਕ ਫਿਰੌਤੀ ਦੀ ਮੰਗ ਅਤੇ ਧਮਕੀਆਂ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਇਸ ਨੂੰ ਗੰਭੀਰ ਅਪਰਾਧ ਅਤੇ ਜਨਤਕ ਸੁਰੱਖਿਆ ਨਾਲ ਜੁੜਿਆ ਮਾਮਲਾ ਦੱਸਦਿਆਂ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਸੀਡੀਆਰ ਅਤੇ ਆਈਪੀ ਲਾਗ ਦੀ ਜਾਂਚ ਦੀ ਮੰਗ
ਸ਼ਿਕਾਇਤਕਰਤਾ ਨੇ ਪੁਲਿਸ ਤੋਂ ਮੰਗ ਕੀਤੀ ਹੈ ਕਿ ਧਮਕੀ ਦੇਣ ਲਈ ਵਰਤੇ ਗਏ ਮੋਬਾਈਲ ਨੰਬਰ ਦੀ ਕਾਲ ਡਿਟੇਲ ਰਿਕਾਰਡ (ਸੀਡੀਆਰ), ਆਈਪੀ ਲਾਗ ਅਤੇ ਮੋਬਾਈਲ ਦੀ ਲੋਕੇਸ਼ਨ ਦੀ ਜਾਂਚ ਕਰਕੇ ਮੁਲਜ਼ਮਾਂ ਦੀ ਪਛਾਣ ਕੀਤੀ ਜਾਵੇ। ਉਨ੍ਹਾਂ ਵਟਸਐੱਪ ’ਤੇ ਮਿਲੇ ਧਮਕੀ ਭਰੇ ਸੁਨੇਹੇ ਦੇ ਸਕ੍ਰੀਨਸ਼ਾਟ ਵੀ ਪੁਲਿਸ ਨੂੰ ਸੌਂਪੇ ਹਨ।
ਸਾਈਬਰ ਕ੍ਰਾਇਮ ਪੁਲਿਸ ਮੁਹਾਲੀ ਨੇ ਇਸ ਮਾਮਲੇ ’ਚ ਭਾਰਤੀ ਨਿਆਂ ਸੰਹਿਤਾ ਦੀਆਂ ਵੱਖ ਵੱਖ ਧਾਰਾਵਾਂ ਅਤੇ 111(2) ਸਮੇਤ ਸੂਚਨਾ ਤਕਨਾਲੋਜੀ ਐਕਟ ਦੀ ਧਾਰਾ 66 ਤਹਿਤ ਕਾਰਵਾਈ ਕੀਤੀ ਗਈ ਹੈ। ਮਾਮਲੇ ਦੀ ਜਾਂਚ ਇੰਸਪੈਕਟਰ ਸੁਨੀਲ ਕੁਮਾਰ ਨੂੰ ਸੌਂਪੀ ਗਈ ਹੈ। ਪੁਲਿਸ ਵੱਲੋਂ ਫੋਨ ਅਤੇ ਸੁਨੇਹੇ ਦੇ ਸਰੋਤ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।