ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਕਿਸਾਨਾਂ ਦਾ ਜ਼ਬਰਦਸਤ ਰੋਸ: ਅਜ਼ੀਜ਼ਪੁਰ ਟੋਲ ਪਲਾਜ਼ਾ 3 ਘੰਟੇ ਲਈ ਕਰਵਾਇਆ ਮੁਫ਼ਤ ਭਾਰਤ ਅਤੇ ਅਮਰੀਕਾ ਵਿਚਕਾਰ ਪ੍ਰਸਤਾਵਿਤ ਟੈਕਸ-ਮੁਕਤ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਵੱਖ-ਵੱਖ ਟੋਲ ਪਲਾਜ਼ਿਆਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਟੋਲ-ਫ੍ਰੀ ਕਰਕੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸੇ ਤਹਿਤ ਜ਼ੀਰਕਪੁਰ-ਪਟਿਆਲਾ ਸੜਕ ‘ਤੇ ਸਥਿਤ ਅਜ਼ੀਜ਼ਪੁਰ ਟੋਲ ਪਲਾਜ਼ਾ ਵੀ ਤਿੰਨ ਘੰਟਿਆਂ ਲਈ ਮੁਫ਼ਤ ਰੱਖਿਆ ਗਿਆ, ਜਿੱਥੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਧਰਨਾ ਦਿੱਤਾ।
Publish Date: Wed, 22 Jul 2026 02:00 PM (IST)
Updated Date: Wed, 22 Jul 2026 02:01 PM (IST)
ਜੇ.ਐੱਸ.ਕਲੇਰ, ਪੰਜਾਬੀ ਜਾਗਰਣ, ਜ਼ੀਰਕਪੁਰ - ਭਾਰਤ ਅਤੇ ਅਮਰੀਕਾ ਵਿਚਕਾਰ ਪ੍ਰਸਤਾਵਿਤ ਟੈਕਸ-ਮੁਕਤ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਵੱਖ-ਵੱਖ ਟੋਲ ਪਲਾਜ਼ਿਆਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਟੋਲ-ਫ੍ਰੀ ਕਰਕੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸੇ ਤਹਿਤ ਜ਼ੀਰਕਪੁਰ-ਪਟਿਆਲਾ ਸੜਕ ‘ਤੇ ਸਥਿਤ ਅਜ਼ੀਜ਼ਪੁਰ ਟੋਲ ਪਲਾਜ਼ਾ ਵੀ ਤਿੰਨ ਘੰਟਿਆਂ ਲਈ ਮੁਫ਼ਤ ਰੱਖਿਆ ਗਿਆ, ਜਿੱਥੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਧਰਨਾ ਦਿੱਤਾ।
ਕਿਸਾਨ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤਾ ਦੇਸ਼ ਦੇ ਕਿਸਾਨਾਂ, ਮਜ਼ਦੂਰਾਂ ਅਤੇ ਛੋਟੇ ਵਪਾਰੀਆਂ ਦੇ ਹਿੱਤਾਂ ਲਈ ਘਾਤਕ ਸਾਬਤ ਹੋ ਸਕਦਾ ਹੈ। ਉਨ੍ਹਾਂ ਦਾ ਦੋਸ਼ ਸੀ ਕਿ ਅਜਿਹੇ ਸਮਝੌਤਿਆਂ ਨਾਲ ਬਹੁ-ਰਾਸ਼ਟਰੀ ਕੰਪਨੀਆਂ ਨੂੰ ਫਾਇਦਾ ਹੋਵੇਗਾ, ਜਦਕਿ ਭਾਰਤੀ ਖੇਤੀਬਾੜੀ ਅਤੇ ਪੇਂਡੂ ਅਰਥਚਾਰੇ ਨੂੰ ਨੁਕਸਾਨ ਪਹੁੰਚੇਗਾ। ਆਗੂਆਂ ਨੇ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ ਦੇ ਘਰਾਂ ਅਤੇ ਦਫ਼ਤਰਾਂ ਦੇ ਬਾਹਰ ਵੀ ਰੋਸ ਪ੍ਰਦਰਸ਼ਨ ਕੀਤੇ ਜਾਣਗੇ ਅਤੇ ਲੋਕਾਂ ਨੂੰ ਸਰਕਾਰ ਦੀਆਂ ਨੀਤੀਆਂ ਦੇ ਸੰਭਾਵੀ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ।
ਇਸ ਮੌਕੇ ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਮੋਹਾਲੀ ਜਨਰਲ ਸਕੱਤਰ ਲਖਵਿੰਦਰ ਸਿੰਘ ਕਰਾਲਾ, ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਆਗੂ ਗੁਰਦਰਸ਼ਨ ਸਿੰਘ ਖਾਸਪੁਰ, ਬੀਕੇਯੂ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਰਜਿੰਦਰ ਸਿੰਘ, ਬੀਕੇਯੂ ਲੱਖੋਵਾਲ ਦੇ ਬਲਾਕ ਪ੍ਰਧਾਨ ਦਰਸ਼ਨ ਸਿੰਘ, ਬੀਕੇਯੂ ਡਕੌਂਦਾ ਦੇ ਪ੍ਰੈਸ ਸਕੱਤਰ ਅੰਗਰੇਜ਼ ਸਿੰਘ, ਗੁਰਪ੍ਰੀਤ ਸਿੰਘ ਅਤੇ ਕੈਪਟਨ ਜਤਿੰਦਰ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਆਪਣਾ ਸੰਘਰਸ਼ ਜਾਰੀ ਰੱਖਣਗੇ ਅਤੇ ਕੇਂਦਰ ਸਰਕਾਰ ‘ਤੇ ਖੇਤੀਬਾੜੀ ਅਤੇ ਕਿਸਾਨ ਭਾਈਚਾਰੇ ਦੇ ਹਿੱਤਾਂ ਨੂੰ ਪਹਿਲ ਦੇਣ ਵਾਲੇ ਫ਼ੈਸਲੇ ਲੈਣ ਲਈ ਦਬਾਅ ਬਣਾਉਂਦੇ ਰਹਿਣਗੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ‘ਤੇ ਗੌਰ ਨਾ ਕੀਤਾ ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ।