ਜੇਐੱਸ ਕਲੇਰ, ਜ਼ੀਰਕਪੁਰ : ਭਾਰਤੀ ਕਿਸਾਨ ਯੂਨੀਅਨ ਪੁਆਧ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਲੋਕ ਸਭਾ ਵਿੱਚ ਪੇਸ਼ ਕੀਤੇ ਗਏ ਅਤੇ ਸਟੈਂਡਿੰਗ ਕਮੇਟੀ ਨੂੰ ਭੇਜੇ ਗਏ ਬਿਜਲੀ ਸੋਧ ਬਿਲ-2022 ਦਾ ਐਤਵਾਰ ਨੂੰ ਪਟਿਆਲਾ ਚੌਂਕ ਵਿੱਖੇ ਕਿਸਾਨ ਜਥੇਬੰਦੀਆਂ ਨੇ ਕਾਪੀਆਂ ਸਾੜ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਉਨ੍ਹਾਂ ਬਿੱਲ ਨੂੰ ਤੁਰੰਤ ਵਾਪਿਸ ਲਏ ਜਾਣ ਦੀ ਮੰਗ ਕਰਦਿਆਂ ਅਜਿਹਾ ਨਾ ਹੋਣ ਦੀ ਸੂਰਤ ਵਿੱਚ ਤਿੱਖਾ ਸੰਘਰਸ਼ ਵਿੱਢਣ ਦੀ ਚਿਤਾਵਨੀ ਵੀ ਦਿੱਤੀ।

ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਜੇਕਰ ਬਿਜਲੀ ਬਿੱਲ 2022 ਲਾਗੂ ਹੁੰਦਾ ਹੈ ਤਾਂ ਕਿਸਾਨ ਜਥੇਬੰਦੀਆਂ ਵੱਲੋਂ ਰੇਲਵੇ ਟਰੈਕ ਜਾਮ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਵੀ ਕੀਤੇ ਜਾਣਗੇ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਅਹੁਦੇਦਾਰ ਵੀ ਸ਼ਾਮਲ ਹੋਏ। ਇਸ ਬਾਰੇ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਪੁਆਧ ਦੇ ਸੂਬਾ ਪ੍ਰਧਾਨ ਤਰਲੋਚਨ ਸਿੰਘ ਅਤੇ ਜਰਨਲ ਸੱਕਤਰ ਹਰਵਿੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੋਦੀ ਹਕੂਮਤ ਵੱਲੋਂ ਆਪਣੇ ਫਾਸ਼ੀਵਾਦੀ ਰਵੱਈਏ ਤਹਿਤ ਖੇਤੀ ਕਾਨੂੰਨਾਂ ਵਾਂਗ ਇਹ ਬਿਜਲੀ ਬਿਲ ਐਕਟ 2022 ਪਾਸ ਕੀਤਾ ਗਿਆ ਹੈ।

ਇਸ ਬਿਜਲੀ ਬਿਲ ਐਕਟ ਤਹਿਤ ਪੂਰੀ ਬਿਜਲੀ ਦਾ ਨਿੱਜੀਕਰਨ ਕਰਕੇ ਸਾਰਾ ਪ੍ਰਬੰਧ ਵੱਡੀਆਂ ਸਾਮਰਾਜੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦੇ ਹੱਥਾਂ 'ਚ ਚਲਾ ਜਾਣਾ ਹੈ। ਬਿਜਲੀ ਬਿੱਲ ਐਕਟ 2022 ਦੇ ਲਾਗੂ ਹੋਣ ਨਾਲ ਕਿਸਾਨਾਂ ਨੂੰ ਟਿਊਬਵੈਲਾਂ ਤੇ ਸਬਸਿਡੀ ਤਹਿਤ ਮਿਲਦੀ ਬਿਜਲੀ ਸਪਲਾਈ ਵੀ ਬੰਦ ਹੋ ਜਾਣੀ ਹੈ, ਫਿਰ ਪੂੰਜੀਪਤੀ ਘਰਾਣੇ ਮਨਮਰਜ਼ੀ ਦੇ ਰੇਟਾਂ ’ਤੇ ਕਿਸਾਨਾਂ-ਮਜ਼ਦੂਰਾਂ ਨੂੰ ਬਿਜਲੀ ਵੇਚਣਗੇ। ਕਿਸਾਨ ਆਗੂਆਂ ਨੇ ਅਰਥੀ ਫੂਕਣ ਸਮੇਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕੇਂਦਰ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਵਾਂਗ ਕੇਂਦਰ ਸਰਕਾਰ ਨੂੰ ਬਿਜਲੀ ਬਿੱਲ ਐਕਟ 2022 ਵੀ ਵਾਪਸ ਲੈਣਾ ਪਵੇਗਾ। ਉਨ੍ਹਾਂ ਕਿਹਾ ਇਹ ਰਾਜਾਂ ਦੇ ਅਧਿਕਾਰਾਂ ਵਿੱਚ ਸਿੱਧੀ ਦਖਲਅੰਦਾਜ਼ੀ ਹੈ, ਜਿਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਬਿਜਲੀ ਸੋਧ ਬਿੱਲ ਲੋਕ ਸਭਾ ਵਿਚ ਪੇਸ਼ ਕਰਨਾ ਕਿਸਾਨਾਂ ਨਾਲ ਵਾਅਦਾ-ਖਿਲਾਫੀ ਹੈ। ਇਸ ਮੌਕੇ ਕਿਸਾਨ ਆਗੂਆਂ ਨੇ ਦੱਸਿਆ ਕਿ 16 ਅਗਸਤ ਨੂੰ ਅਗਨੀਪੱਥ ਦੇ ਵਿਰੋਧ ਵਿਚ ਰਾਸ਼ਟਰਪਤੀ ਦੇ ਨਾਮ ਮੰਗ-ਪੱਤਰ ਸਮੂਹ ਰੂਪ ਵਿਚ ਮਿਲ ਕੇ ਸੰਯੁਕਤ ਮੋਰਚੇ ਵਲੋਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਜਾਣਗੇ ਅਤੇ 18, 19 ਤੇ 20 ਅਗਸਤ ਨੂੰ ਲਖੀਮਪੁਰ ਖੀਰੀ ਦੇ ਮੁਲਜ਼ਮਾਂ ਨੂੰ ਸਜ਼ਾਵਾਂ ਦੁਆਉਣ ਲਈ ਧਰਨੇ ਲਾਏ ਜਾਣਗੇ ਤੇ ਕਿਸਾਨਾਂ ਦੇ ਉੱਤੇ ਦਰਜ ਕੀਤੇ ਪਰਚੇ ਵਾਪਸ ਲੈਣ ਦੀ ਮੰਗ ਕੀਤੀ ਜਾਵੇਗੀ ਅਤੇ 21 ਅਗਸਤ ਨੂੰ ਛੱਤ ਲਾਈਟ ਪੁਆਇੰਟ ਤੋਂ ਲਖੀਮਪੁਰ ਖੀਰੀ ਵਲ ਨੂੰ ਕੂਚ ਕੀਤਾ ਜਾਵੇਗਾ।

ਇਸ ਮੌਕੇ ਬੀ.ਕੇ.ਯੂ ਸਿੱਧੂਪੁਰ ਜ਼ੀਰਕਪੁਰ ਦੇ ਪ੍ਰਧਾਨ ਹਰਦੀਪ ਸਿੰਘ ਬਲਟਾਣਾ, ਗੁਰਪ੍ਰੀਤ ਸਿੰਘ , ਅਮਰ ਸਿੰਘ ਛੱਤ, ਜਸਵਿੰਦਰ ਸਿੰਘ, ਦੀਦਾਰ ਸਿੰਘ, ਹਰਬੰਸ ਸਿੰਘ, ਰਾਮ ਸਿੰਘ, ਤਿਲਕ ਰਾਜ ਯੋਗੀ ਭਬਾਤ, ਪੇ੍ਮ ਸਿੰਘ, ਜਸਬੀਰ ਸਿੰਘ, ਹਰਨੀਤ ਸਿੰਘ, ਬਲਬੀਰ ਸਿੰਘ, ਨਰਿੰਦਰ ਸਿੰਘ, ਪ੍ਰਰੀਤਮ ਸਿੰਘ, ਤਰਲੋਚਨ ਸਿੰਘ, ਅਵਤਾਰ ਸਿੰਘ, ਗੁਰਮੀਤ ਸਿੰਘ, ਜਸਵੰਤ ਸਿੰਘ ਸਮੇਤ ਸੈਕੜਿਆ ਦੀ ਗਿਣਤੀ ਵਿੱਚ ਕਿਸਾਨ ਆਗੂ ਮੌਜੂਦ ਸਨ।

Posted By: Ramanjit Kaur