- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਸਾਨ ਆਗੂਆਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਦੇਸ਼ ਭਰ ਵਿਚ ਮੁਕਤ ਵਪਾਰ ਸਮਝੌਤੇ ਦੇ ਖ਼ਿਲਾਫ਼ ਸੰਘਰਸ਼ ਪ੍ਰੋਗਰਾਮ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਮਰੀਕਾ ਅਤੇ ਹੋਰ ਦੇਸ਼ਾਂ ਨਾਲ ਕੀਤੇ ਜਾ ਰਹੇ ਦੁਵੱਲੇ ਅਤੇ ਮੁਕਤ ਵਪਾਰ ਸਮਝੌਤੇ ਭਾਰਤ ਦੇ ਖੇਤੀ ਸੈਕਟਰ ਨੂੰ ਤਬਾਹ ਕਰ ਦੇਣਗੇ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਸੰਯੁਕਤ ਕਿਸਾਨ ਮੋਰਚਾ ਦੀ ਅਪੀਲ ’ਤੇ 22 ਜੁਲਾਈ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਤਿੰਨ ਘੰਟੇ (ਦੁਪਹਿਰ 12 ਵਜੇ ਤੋਂ 3 ਵਜੇ) ਤੱਕ ਫਰੀ ਕੀਤੇ ਜਾਣਗੇ। ਜਿਨ੍ਹਾਂ ਇਲਾਕਿਆਂ ਵਿਚ ਟੋਲ ਪਲਾਜ਼ੇ ਨਹੀਂ ਹਨ, ਉਨ੍ਹਾਂ ਥਾਵਾਂ ’ਤੇ ਉਸੇ ਦਿਨ ਭਾਜਪਾ ਦੇ ਸੀਨੀਅਰ ਆਗੂਆਂ ਦੇ ਘਰਾਂ ਦੇ ਬਾਹਰ ਰੋਸ ਮੁਜ਼ਾਹਰੇ ਕੀਤੇ ਜਾਣਗੇ। ਅੱਜ ਇੱਥੇ ਇਹ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਡਕੌਂਦਾ) ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ, ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ ਅਤੇ ਪ੍ਰੈੱਸ ਸਕੱਤਰ ਅੰਗਰੇਜ਼ ਸਿੰਘ ਭਦੌੜ ਨੇ ਦਿੱਤੀ।
ਕਿਸਾਨ ਆਗੂਆਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਦੇਸ਼ ਭਰ ਵਿਚ ਮੁਕਤ ਵਪਾਰ ਸਮਝੌਤੇ ਦੇ ਖ਼ਿਲਾਫ਼ ਸੰਘਰਸ਼ ਪ੍ਰੋਗਰਾਮ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਮਰੀਕਾ ਅਤੇ ਹੋਰ ਦੇਸ਼ਾਂ ਨਾਲ ਕੀਤੇ ਜਾ ਰਹੇ ਦੁਵੱਲੇ ਅਤੇ ਮੁਕਤ ਵਪਾਰ ਸਮਝੌਤੇ ਭਾਰਤ ਦੇ ਖੇਤੀ ਸੈਕਟਰ ਨੂੰ ਤਬਾਹ ਕਰ ਦੇਣਗੇ। ਇਹ ਭਾਰਤੀ ਖੇਤੀ ਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਕਰਵਾਉਣ ਦੀ ਸੋਚੀ ਸਮਝੀ ਸਾਜਿਸ਼ ਦਾ ਹਿੱਸਾ ਹੈ ਪ੍ਰੰਤੂ ਐੱਸਕੇਐੱਮ ਕਦਾਚਿੱਤ ਵੀ ਇਸ ਦੀ ਇਜਾਜ਼ਤ ਨਹੀਂ ਦੇਵੇਗਾ। ਜੇਕਰ ਸਰਕਾਰ ਨੇ ਕਿਸੇ ਕਿਸਮ ਦੀ ਧੱਕੇਸ਼ਾਹੀ ਕਰਨ ਦੀ ਕੋਸ਼ਿਸ਼ ਕੀਤੀ ਤਾਂ ਇਸ ਵਿਰੁੱਧ ਵੱਡੇ ਪੱਧਰ ’ਤੇ ਸੰਘਰਸ਼ ਵਿੱਢਿਆ ਜਾਵੇਗਾ ਅਤੇ ਪੈਦਾ ਹੋਏ ਹਾਲਾਤ ਲਈ ਹੁਕਮਰਾਨ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਣਗੇ।
ਇਸ ਤੋਂ ਇਲਾਵਾ ਭਾਰਤੀ ਕਿਸਾਨ ਯੂਨੀਅਨ (ਏਕਤਾ-ਡਕੌਂਦਾ) ਅਤੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ 10 ਜੁਲਾਈ ਨੂੰ ਚੰਡੀਗੜ੍ਹ ਵਿਚ ਸੂਬਾ ਪੱਧਰੀ ਧਰਨਾ ਦੇਣ ਉਪਰੰਤ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੰਗ ਪੱਤਰ ਦੇਣ ਲਈ ਸੀਐੱਮ ਮਾਨ ਦੀ ਸਰਕਾਰੀ ਰਿਹਾਇਸ਼ ਵੱਲ ਮਾਰਚ ਕੀਤਾ ਜਾਵੇਗਾ। ਦੋਵੇਂ ਜਥੇਬੰਦੀਆਂ ਨੇ ਇਸ ਰੋਸ ਮੁਜ਼ਾਹਰੇ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਅਤੇ ਪਿੰਡਾਂ ਵਿਚ ਕਿਸਾਨਾਂ ਦੀ ਲਾਮਬੰਦੀ ਕੀਤੀ ਜਾ ਰਹੀ ਹੈ। ਇਸ ਧਰਨਾ ਪ੍ਰਦਰਸ਼ਨ ਦੌਰਾਨ ਮੁਕਤ ਵਪਾਰ ਸਮਝੌਤੇ ਦੇ ਖ਼ਿਲਾਫ਼, ਜੰਗ ਦੇ ਬਹਾਨੇ ਨਾਲ ਡੀਜ਼ਲ ਤੇ ਪੈਟਰੋਲ ਅਤੇ ਰਸੋਈ ਗੈਸ ਦੀਆਂ ਵਧਾਈਆਂ ਗਈਆਂ ਕੀਮਤਾਂ ਦੇ ਖ਼ਿਲਾਫ਼ ਅਤੇ ਹੋਰ ਕਿਸਾਨੀ ਮੰਗਾਂ ਲਈ ਆਵਾਜ਼ ਬੁਲੰਦ ਜਾਵੇਗੀ।
ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਪਹਿਲਾਂ ਵੀ ਕਿਸਾਨਾਂ ਦੇ ਰੋਹ ਅੱਗੇ ਝੁੱਕਦਿਆਂ ਲੈਂਡ-ਪੂਲਿੰਗ 2025 ਨੀਤੀ ਵਾਪਸ ਲੈਣੀ ਪਈ ਸੀ ਪ੍ਰੰਤੂ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਲਈ ਉਹੀ ਨੀਤੀ ਹੁਣ ਮੁੜ ਨਵੇਂ ਰੂਪ ਵਿਚ ਸ਼ਿੰਗਾਰ ਕੇ ਪੇਸ਼ ਕੀਤੀ ਗਈ ਹੈ। ਪੰਜਾਬ ਦੀਆਂ ਕਿਸਾਨ ਜਥੇਬੰਦੀਆਂ, ਕਿਸਾਨਾਂ ਦੀ ਜ਼ਮੀਨ ਜਬਰਦਸਤੀ ਖੋਹਣ ਨੂੰ ਬਰਦਾਸ਼ਤ ਨਹੀਂ ਕਰਨਗੀਆਂ ਅਤੇ ਇਸ ਦੇ ਖ਼ਿਲਾਫ਼ ਪੂਰੀ ਤਾਕਤ ਨਾਲ ਲੜੀਵਾਰ ਸੰਘਰਸ਼ ਕੀਤਾ ਜਾਵੇਗਾ।
---
13 ਨੂੰ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਹੋਵੇਗੀ ਕਨਵੈਨਸ਼ਨ
ਭਾਰਤੀ ਕਿਸਾਨ ਯੂਨੀਅਨ (ਏਕਤਾ-ਡਕੌਂਦਾ) ਦੇ ਸੂਬਾ ਪ੍ਰੈੱਸ ਸਕੱਤਰ ਅੰਗਰੇਜ਼ ਸਿੰਘ ਭਦੌੜ ਨੇ ਦੱਸਿਆ ਕਿ ਜਥੇਬੰਦੀ ਦੇ ਬਾਨੀ ਪ੍ਰਧਾਨ ਮਰਹੂਮ ਬਲਕਾਰ ਸਿੰਘ ਡਕੌਂਦਾ ਦੀ 16ਵੀਂ ਬਰਸੀ ਸੰਗਰਾਮੀ ਜੋਸ਼ ਨਾਲ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ 13 ਜੁਲਾਈ ਨੂੰ ਬਰਨਾਲਾ ਦੇ ਤਰਕਸ਼ੀਲ ਭਵਨ ਵਿਖੇ ਪੰਜਾਬ ਪੱਧਰੀ ਕਨਵੈਨਸ਼ਨ ਕੀਤੀ ਜਾਵੇਗੀ। ਜਿਸ ਵਿਚ ਸੂਬੇ ਭਰ ’ਚੋਂ ਕਿਸਾਨ ਸ਼ਮੂਲੀਅਤ ਕਰਨਗੇ। ਇਸ ਮੌਕੇ ਕਿਸਾਨਾਂ ਦੀਆਂ ਹੱਕੀ ਮੰਗਾਂ ਅਤੇ ਸੰਘਰਸ਼ਾਂ ਨੂੰ ਸਫ਼ਲ ਬਣਾਉਣ ਲਈ ਕਿਸਾਨਾਂ ਦਾ ਮਾਰਗਦਰਸ਼ਨ ਕੀਤਾ ਜਾਵੇਗਾ।