- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਵੱਲੋਂ ਗੈਂਗਸਟਰਾਂ ਖ਼ਿਲਾਫ਼ ਇੱਕ ਵੱਡੀ ਕਾਰਵਾਈ ਨੂੰ ਅੰਜਾਮ ਦਿੰਦਿਆਂ ASI ਇਕਬਾਲ ਸਿੰਘ ਦੇ ਕਤਲ ਕਾਂਡ ਵਿੱਚ ਲੋੜੀਂਦੇ ਦੋ ਸ਼ੂਟਰਾਂ ਦਾ ਐਨਕਾਊਂਟਰ ਕੀਤਾ ਗਿਆ ਹੈ।

ਅਮਰਜੀਤ ਸਿੰਘ, ਪੰਜਾਬੀ ਜਾਗਰਣ, ਮੁਹਾਲੀ : ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਵੱਲੋਂ ਗੈਂਗਸਟਰਾਂ ਖ਼ਿਲਾਫ਼ ਇੱਕ ਵੱਡੀ ਕਾਰਵਾਈ ਨੂੰ ਅੰਜਾਮ ਦਿੰਦਿਆਂ ASI ਇਕਬਾਲ ਸਿੰਘ ਦੇ ਕਤਲ ਕਾਂਡ ਵਿੱਚ ਲੋੜੀਂਦੇ ਦੋ ਸ਼ੂਟਰਾਂ ਦਾ ਐਨਕਾਊਂਟਰ ਕੀਤਾ ਗਿਆ ਹੈ।
ਗੁਪਤ ਸੂਚਨਾ ਮਗਰੋਂ ਹੋਟਲ ਦੀ ਘੇਰਾਬੰਦੀ;
ਸੂਤਰਾਂ ਮੁਤਾਬਕ ਐਂਟੀ ਨਾਰਕੋਟਿਕਸ ਟਾਸਕ ਫੋਰਸ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ASI ਇਕਬਾਲ ਸਿੰਘ ਦੇ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜ਼ੀਰਕਪੁਰ ਦੇ KMG ਹੋਟਲ ਵਿੱਚ ਲੁਕੇ ਹੋਏ ਹਨ। ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਹੋਟਲ ਦੀ ਘੇਰਾਬੰਦੀ ਕਰ ਲਈ।
ਪਹਿਲਾਂ ਹਵਾਈ ਫਾਇਰ, ਫਿਰ ਜਵਾਬੀ ਕਾਰਵਾਈ;
ਜਦੋਂ ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਪੁਲਿਸ ਪਾਰਟੀ 'ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ। ਪੁਲਿਸ ਨੇ ਪਹਿਲਾਂ ਉਨ੍ਹਾਂ ਨੂੰ ਚੇਤਾਵਨੀ ਦਿੰਦਿਆਂ ਹਵਾਈ ਫਾਇਰ ਕੀਤੇ, ਪਰ ਜਦੋਂ ਮੁਲਜ਼ਮਾਂ ਨੇ ਆਤਮ-ਸਮਰਪਣ ਨਹੀਂ ਕੀਤਾ ਅਤੇ ਲਗਾਤਾਰ ਗੋਲੀਬਾਰੀ ਜਾਰੀ ਰੱਖੀ ਤਾਂ ਪੁਲਿਸ ਨੂੰ ਜਵਾਬੀ ਕਾਰਵਾਈ ਕਰਨੀ ਪਈ। ਕਾਫ਼ੀ ਸਮੇਂ ਤੱਕ ਚੱਲੀ ਇਸ ਗੋਲੀਬਾਰੀ ਦੌਰਾਨ ਪੁਲਿਸ ਦੀਆਂ ਗੋਲੀਆਂ ਲੱਗਣ ਕਾਰਨ ਦੋਵੇਂ ਸ਼ੂਟਰ ਜ਼ਖ਼ਮੀ ਹੋ ਗਏ।
ਗੰਭੀਰ ਹਾਲਤ ਵਿੱਚ ਹਸਪਤਾਲ ਦਾਖ਼ਲ ;
ਮੁਠਭੇੜ ਵਿੱਚ ਜ਼ਖ਼ਮੀ ਹੋਏ ਮੁਲਜ਼ਮਾਂ ਦੀ ਪਛਾਣ ਬਾਮਨ ਅਤੇ ਭਿੰਦਾ ਵਜੋਂ ਹੋਈ ਹੈ, ਜੋ ਕਿ ਦੋਵੇਂ ਸ਼ੂਟਰ ਦੱਸੇ ਜਾ ਰਹੇ ਹਨ। ਸੂਤਰਾਂ ਅਨੁਸਾਰ ਗੋਲੀਆਂ ਲੱਗਣ ਕਾਰਨ ਦੋਵਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੁਲਿਸ ਅਧਿਕਾਰੀਆਂ ਦੇ ਅਧਿਕਾਰਤ ਬਿਆਨ ਤੋਂ ਬਾਅਦ ਹੀ ਅਗਲੀ ਕਾਰਵਾਈ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਆ ਸਕੇਗੀ।
ਕੀ ਸੀ ਪੂਰਾ ਮਾਮਲਾ?
ਜ਼ਿਕਰਯੋਗ ਹੈ ਕਿ ਬੀਤੀ 11 ਅਕਤੂਬਰ ਨੂੰ ਤਰਨਤਾਰਨ ਦੇ ਨੌਸ਼ਹਿਰਾ ਪੰਨੂਆਂ ਵਿਖੇ ASI ਇਕਬਾਲ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਕਤਲ ਕਾਂਡ ਦੀ ਜ਼ਿੰਮੇਵਾਰੀ ਗੈਂਗਸਟਰ ਡੌਨੀ ਬੱਲ ਗਰੁੱਪ ਵੱਲੋਂ ਲਈ ਗਈ ਸੀ, ਜਿਸ ਤੋਂ ਬਾਅਦ ਪੁਲਿਸ ਦੀਆਂ ਵੱਖ-ਵੱਖ ਟੀਮਾਂ ਲਗਾਤਾਰ ਮੁਲਜ਼ਮਾਂ ਦੀ ਭਾਲ ਕਰ ਰਹੀਆਂ ਸਨ।