ਸਰਕਾਰ ਖ਼ਿਲਾਫ਼ ਮੋਰਚਾ: PSEB ਤੇ DC ਦਫ਼ਤਰਾਂ ਦੇ ਮੁਲਾਜ਼ਮ ਹੜਤਾਲ 'ਤੇ, 'ਕੰਪਿਊਟਰ ਸ਼ਟਡਾਊਨ' ਨਾਲ ਦਫ਼ਤਰੀ ਕੰਮ ਠੱਪ
ਉਧਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡੀਸੀ ਦਫ਼ਤਰ ਸਮੇਤ ਬਾਕੀ ਸਾਰੇ ਦਫ਼ਤਰਾਂ ਦੇ ਮੁਲਾਜ਼ਮ ਵੀ ਹੜਤਾਲ ’ਤੇ ਹਨ। ਹਾਲਾਂਕਿ ਕਰਮਚਾਰੀ ਦਫਤਰਾਂ ’ਚ ਮੌਜੂਦ ਤਾਂ ਹਨ ਪਰ ਉਹ ਦਫ਼ਤਰੀ ਕੰਮ ਨਹੀਂ ਕਰ ਰਹੇ।
Publish Date: Tue, 08 Sep 2026 11:12 AM (IST)
Updated Date: Tue, 08 Sep 2026 11:15 AM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ। ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਜਾਇਜ਼ ਅਤੇ ਹੱਕੀ ਮੰਗਾਂ ਵੱਲ ਧਿਆਨ ਨਾ ਦੇਣ ਅਤੇ ਅੜੀਅਲ ਰਵੱਈਆ ਅਪਨਾਉਣ ਦੇ ਰੋਸ ਵਜੋਂ ਅੱਜ ‘ਸਾਂਝਾ ਮੁਲਾਜ਼ਮ ਮੰਚ ਪੰਜਾਬ’ ਦੇ ਸੱਦੇ ’ਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੁਲਾਜ਼ਮਾਂ ਵੱਲੋਂ ਦਫ਼ਤਰੀ ਕੰਮ ਮੁਕੰਮਲ ਬੰਦ ਅਤੇ ‘ਕੰਪਿਊਟਰ ਸ਼ਟਡਾਊਨ’ ਹੜਤਾਲ ਕੀਤੀ ਗਈ।
ਉਧਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡੀਸੀ ਦਫ਼ਤਰ ਸਮੇਤ ਬਾਕੀ ਸਾਰੇ ਦਫ਼ਤਰਾਂ ਦੇ ਮੁਲਾਜ਼ਮ ਵੀ ਹੜਤਾਲ ’ਤੇ ਹਨ। ਹਾਲਾਂਕਿ ਕਰਮਚਾਰੀ ਦਫਤਰਾਂ ’ਚ ਮੌਜੂਦ ਤਾਂ ਹਨ ਪਰ ਉਹ ਦਫ਼ਤਰੀ ਕੰਮ ਨਹੀਂ ਕਰ ਰਹੇ।
ਇਸ ਰੋਸ ਪ੍ਰਦਰਸ਼ਨ ਦਾ ਮੁੱਖ ਮਕਸਦ ਸਰਕਾਰ ’ਤੇ ਮੁਲਾਜ਼ਮਾਂ ਦੀਆਂ ਅਹਿਮ ਮੰਗਾਂ ਨੂੰ ਤੁਰੰਤ ਮੰਨਣ ਲਈ ਦਬਾਅ ਬਣਾਉਣਾ ਹੈ। ਮੁਲਾਜ਼ਮ ਆਗੂਆਂ ਵੱਲੋਂ ਮੌਕੇ ’ਤੇ ਹੀ ਸੰਕੇਤਕ ਭੁੱਖ ਹੜਤਾਲ ਵੀ ਸ਼ੁਰੂ ਕੀਤੀ ਜਾਵੇਗੀ।
ਮੁੱਖ ਮੰਗਾਂ ਅਤੇ ਵਿਰੋਧ ਦੇ ਕਾਰਨ
18 ਫੀਸਦੀ ਡੀਏ ਦਾ ਬਕਾਇਆ: ਮਹਿੰਗਾਈ ਭੱਤੇ ਦੇ 18 ਫ਼ੀਸਦੀ ਰੁਕੇ ਹੋਏ ਬਕਾਏ ਦੀ ਤੁਰੰਤ ਅਦਾਇਗੀ ਕੀਤੀ ਜਾਵੇ।
ਪੁਰਾਣੀ ਪੈਨਸ਼ਨ ਸਕੀਮ (ਓਪੀਐਸ) ਦੀ ਬਹਾਲੀ
ਨਵੀਂ ਪੈਨਸ਼ਨ ਪ੍ਰਣਾਲੀ ਨੂੰ ਰੱਦ ਕਰਕੇ ਪੁਰਾਣੀ ਪੈਨਸ਼ਨ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇ।
ਪੁਲਿਸ ਧੱਕੇਸ਼ਾਹੀ ਵਿਰੁੱਧ ਰੋਸ
ਪਿੰਡ ਸ਼ੇਰੋਂ ਦੇ ਰਹਿਣ ਵਾਲੇ ਮੋਹਨਜੀਤ ਸਿੰਘ ਨਾਲ ਹੋਈ ਕਥਿਤ ਬੇਇਨਸਾਫ਼ੀ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੀ ਗਈ ਬੇਵਜ੍ਹਾ ਕੁੱਟਮਾਰ ਦੇ ਵਿਰੋਧ ਵਿੱਚ ਜਥੇਬੰਦੀ ਦੇ ਨੁਮਾਇੰਦਿਆਂ ਵੱਲੋਂ ਭੁੱਖ ਹੜਤਾਲ ਕੀਤੀ ਜਾ ਰਹੀ ਹੈ।
ਲੰਬਿਤ ਮੰਗਾਂ ਦਾ ਨਿਪਟਾਰਾ
ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਹੋਰ ਬਕਾਇਆ ਹੱਕੀ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਪੂਰਾ ਕੀਤਾ ਜਾਵੇ। ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਬੈਨੀਪਾਲ ਨੇ ਦੱਸਿਆ ਕਿ ਸਰਕਾਰ ਦੇ ਉਦਾਸੀਨ ਰਵੱਈਏ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਹੈ।
ਉਨ੍ਹਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਜਲਦ ਹੀ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕੀਤਾ, ਤਾਂ ਇਸ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।