
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸੂਬਾ ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਖੱਟੜਾ ਨੇ ਕਿਹਾ ਕਿ 21 ਅਗਸਤ ਤੱਕ ਸਰਕਾਰੀ ਅਦਾਰਿਆਂ ਵਿੱਚ ਕੰਮ ਦਾ ਮੁਕੰਮਲ ਬਾਈਕਾਟ ਕਰਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। 22 ਅਗਸਤ ਨੂੰ ਸੂਬਾ ਪੱਧਰੀ ਮੀਟਿੰਗ ਕਰਕੇ ਅਗਲੇ ਸੰਘਰਸ਼ ਦੀ ਰਣਨੀਤੀ ਤੈਅ ਕੀਤੀ ਜਾਵੇਗੀ।

ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਅਪੀਲ ’ਤੇ ਪੰਜਾਬ ਭਰ ਦੇ ਸਰਕਾਰੀ ਦਫ਼ਤਰਾਂ ਦੇ ਮੁਲਾਜ਼ਮਾਂ ਦੀ ਕਲਮਛੋੜ ਤੇ ਕੰਪਿਊਟਰ ਬੰਦ ਹੜਤਾਲ ਬੁੱਧਵਾਰ ਨੂੰ ਤੀਜੇ ਦਿਨ ਵੀ ਜਾਰੀ ਰਹੀ। ਹੜਤਾਲ ਕਾਰਨ ਵੱਖ-ਵੱਖ ਸਰਕਾਰੀ ਵਿਭਾਗਾਂ ਦਾ ਦਫ਼ਤਰੀ ਕੰਮਕਾਜ ਠੱਪ ਰਿਹਾ ਅਤੇ ਆਪਣੇ ਕੰਮਾਂ ਲਈ ਆਉਣ ਵਾਲੇ ਲੋਕਾਂ ਨੂੰ ਖੱਜਲ-ਖੁਆਰ ਹੋਣਾ ਪਿਆ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਜਾਇਜ਼ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰਹੇਗਾ।
ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਅਤੇ ਜਨਰਲ ਸਕੱਤਰ ਤਰਸੇਮ ਸਿੰਘ ਭੱਠਲ ਨੇ ਕਿਹਾ ਕਿ ਵੀਰਵਾਰ ਤੇ ਸ਼ੁੱਕਰਵਾਰ ਨੂੰ ਵੀ ਕਲਮਛੋੜ ਅਤੇ ਕੰਪਿਊਟਰ ਬੰਦ ਹੜਤਾਲ ਜਾਰੀ ਰਹੇਗੀ। ਸੂਬਾ ਪ੍ਰੈੱਸ ਸਕੱਤਰ ਗੁਰਪ੍ਰੀਤ ਸਿੰਘ ਖੱਟੜਾ ਨੇ ਕਿਹਾ ਕਿ 21 ਅਗਸਤ ਤੱਕ ਸਰਕਾਰੀ ਅਦਾਰਿਆਂ ਵਿੱਚ ਕੰਮ ਦਾ ਮੁਕੰਮਲ ਬਾਈਕਾਟ ਕਰਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। 22 ਅਗਸਤ ਨੂੰ ਸੂਬਾ ਪੱਧਰੀ ਮੀਟਿੰਗ ਕਰਕੇ ਅਗਲੇ ਸੰਘਰਸ਼ ਦੀ ਰਣਨੀਤੀ ਤੈਅ ਕੀਤੀ ਜਾਵੇਗੀ।
ਮੁਲਾਜ਼ਮ ਆਗੂਆਂ ਨੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, 17 ਜੁਲਾਈ 2020 ਦਾ ਪੱਤਰ ਰੱਦ ਕਰਕੇ ਛੇਵਾਂ ਤਨਖ਼ਾਹ ਕਮਿਸ਼ਨ ਲਾਗੂ ਕਰਨ, ਡੀਏ ਅਤੇ ਹੋਰ ਬਕਾਏ ਜਾਰੀ ਕਰਨ, ਏਸੀਪੀ ਸਕੀਮ ਤਹਿਤ 4-9-14 ਸਾਲ ਦੀ ਸੇਵਾ ਦਾ ਲਾਭ ਦੇਣ ਅਤੇ ਪ੍ਰੋਬੇਸ਼ਨ ਸਮਾਂ ਇਕ ਸਾਲ ਕਰਨ ਦੀ ਮੰਗ ਕੀਤੀ। ਇਸ ਤੋਂ ਇਲਾਵਾ ਆਊਟਸੋਰਸ ਤੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਤਰਸ ਦੇ ਆਧਾਰ ’ਤੇ ਭਰਤੀ ਮੁਲਾਜ਼ਮਾਂ ਤੋਂ ਟਾਈਪ ਟੈਸਟ ਦੀ ਸ਼ਰਤ ਹਟਾਉਣ ਦੀ ਮੰਗ ਵੀ ਕੀਤੀ।
ਕਰ ਤੇ ਆਬਕਾਰੀ ਵਿਭਾਗ ਦੇ ਮੁਲਾਜ਼ਮਾਂ ਨੇ 17 ਜੁਲਾਈ 2020 ਦਾ ਪੱਤਰ ਸਾੜ ਕੇ ਰੋਸ ਜਤਾਇਆ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਮੰਗਾਂ ਸਬੰਧੀ ਜਲਦ ਠੋਸ ਫੈਸਲਾ ਨਾ ਲਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।