ਸਰਕਾਰੀ ਸਕੂਲ ਦੀ ਅਧਿਆਪਕ ਵੱਲੋਂ ਸਹਿਕਰਮੀ 'ਤੇ ਬਦਸਲੂਕੀ ਦੇ ਦੋਸ਼, ਸ਼ਿਕਾਇਤ ਦੇ ਬਾਵਜੂਦ ਪੁਲਿਸ ਨਹੀਂ ਕਰ ਰਹੀ ਕੋਈ ਠੋਸ ਕਾਰਵਾਈ ਨੇੜਲੇ ਪਿੰਡ ਪੰਡਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਇਕ ਮਹਿਲਾ ਅਧਿਆਪਕਾ ਨੇ ਆਪਣੇ ਸਹਿਕਰਮੀ ਲੈਕਚਰਾਰ ਉੱਤੇ ਬਦਸਲੂਕੀ, ਕੁੱਟਮਾਰ ਦੀ ਕੋਸ਼ਿਸ਼ ਅਤੇ ਧਮਕੀਆਂ ਦੇਣ ਦੇ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਸ਼ਿਕਾਇਤ ਕੀਤੇ ਇਕ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਪੁਲਿਸ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।
Publish Date: Thu, 06 Aug 2026 01:51 PM (IST)
Updated Date: Thu, 06 Aug 2026 01:52 PM (IST)
ਸੁਨੀਲ ਕੁਮਾਰ ਭੱਟੀ, ਪੰਜਾਬੀ ਜਾਗਰਣ, ਡੇਰਾਬਸੀ : ਨੇੜਲੇ ਪਿੰਡ ਪੰਡਵਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਇਕ ਮਹਿਲਾ ਅਧਿਆਪਕਾ ਨੇ ਆਪਣੇ ਸਹਿਕਰਮੀ ਲੈਕਚਰਾਰ ਉੱਤੇ ਬਦਸਲੂਕੀ, ਕੁੱਟਮਾਰ ਦੀ ਕੋਸ਼ਿਸ਼ ਅਤੇ ਧਮਕੀਆਂ ਦੇਣ ਦੇ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਸ਼ਿਕਾਇਤ ਕੀਤੇ ਇਕ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਪੁਲਿਸ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।
ਅੰਗਰੇਜ਼ੀ ਵਿਸ਼ੇ ਦੀ ਅਧਿਆਪਕਾ ਅੰਮ੍ਰਿਤਪਾਲ ਕੌਰ ਨੇ ਦੋਸ਼ ਲਾਇਆ ਕਿ ਅਰਥ ਸ਼ਾਸਤਰ ਦੇ ਲੈਕਚਰਾਰ ਚਰਨਇੰਦਰਜੀਤ ਸਿੰਘ ਨੇ ਸਕੂਲ ਦੇ ਕਲਰਕ ਰੂਮ ਵਿਚ ਕਥਿਤ ਤੌਰ 'ਤੇ ਉਨ੍ਹਾਂ ਦੀ ਬਾਂਹ ਮਰੋੜੀ, ਮੋਬਾਈਲ ਫੋਨ ਖੋਹ ਕੇ ਸੁੱਟ ਦਿੱਤਾ ਅਤੇ ਜਾਨੋਂ ਮਾਰਨ ਸਮੇਤ ਅਸ਼ਲੀਲ ਅਤੇ ਮਾਨਸਿਕ ਤੌਰ 'ਤੇ ਪਰੇਸ਼ਾਨ ਕਰਨ ਵਾਲੀਆਂ ਧਮਕੀਆਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮੁਬਾਰਕਪੁਰ ਪੁਲਿਸ ਚੌਕੀ ਅਤੇ ਐੱਸਐੱਸਪੀ ਮੁਹਾਲੀ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਡੇਰਾਬੱਸੀ ਥਾਣੇ ਵਿਚ ਕਈ ਵਾਰ ਯਾਦ-ਪੱਤਰ ਦੇਣ ਦੇ ਬਾਵਜੂਦ ਵੀ ਕੋਈ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਹੋਈ।
ਅਧਿਆਪਕਾ ਨੇ ਇਹ ਵੀ ਦੋਸ਼ ਲਾਇਆ ਕਿ ਉਨ੍ਹਾਂ ਉੱਤੇ ਯੂਨੀਅਨ ਰਾਹੀਂ ਸਮਝੌਤਾ ਕਰਨ ਲਈ ਦਬਾਅ ਬਣਾਇਆ ਜਾ ਰਿਹਾ ਹੈ। ਉਨ੍ਹਾਂ ਮੁਲਜ਼ਮ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ। ਡਿਪਟੀ ਜ਼ਿਲ੍ਹਾ ਸਿੱਖਿਆ ਅਧਿਕਾਰੀ ਰੀਤੂ ਨੇ ਦੱਸਿਆ ਕਿ ਵਿਭਾਗ ਵੱਲੋਂ ਜਾਂਚ ਕਮੇਟੀ ਬਣਾਈ ਗਈ ਹੈ ਅਤੇ ਪੁਲਿਸ ਰਿਪੋਰਟ ਮਿਲਣ ਮਗਰੋਂ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਕਤ ਐਕਟ ਤਹਿਤ ਕਾਰਵਾਈ ਡੀਪੀਆਈ ਦਫ਼ਤਰ ਦੇ ਅਧਿਕਾਰ ਖੇਤਰ ਵਿਚ ਆਉਂਦੀ ਹੈ।
ਦੂਜੇ ਪਾਸੇ ਚਰਨਇੰਦਰਜੀਤ ਸਿੰਘ ਨੇ ਸਾਰੇ ਦੋਸ਼ਾਂ ਨੂੰ ਨਿਰਾਧਾਰ ਕਰਾਰ ਦਿੰਦਿਆਂ ਕਿਹਾ ਕਿ ਉਹ ਪਿਛਲੇ 10 ਸਾਲਾ ਤੋਂ ਸਕੂਲ ਵਿਚ ਸੇਵਾ ਨਿਭਾ ਰਹੇ ਹਨ ਅਤੇ ਹਮੇਸ਼ਾ ਸਹਿਕਰਮੀਆਂ ਨਾਲ ਸਨਮਾਨਜਨਕ ਵਿਵਹਾਰ ਕੀਤਾ ਹੈ। ਥਾਣਾ ਮੁਖੀ ਸੁਮਿਤ ਮੋਰ ਨੇ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਾਂਚ ਰਿਪੋਰਟ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਇਹ ਮਾਮਲਾ ਪੰਜਾਬ ਸਰਕਾਰ ਦੇ ਸਿੱਖਿਆ ਸਕੱਤਰ ਦੇ ਧਿਆਨ ਵਿਚ ਵੀ ਲਿਆਂਦਾ ਗਿਆ ਹੈ।