ਡੇਂਗੂ ਖ਼ਿਲਾਫ਼ ਸਿਹਤ ਵਿਭਾਗ ਦੀ ਵੱਡੀ ਕਾਰਵਾਈ: ਪੁਲਿਸ ਸਟੇਸ਼ਨਾਂ 'ਚ ਲਾਰਵੇ ਦੀ ਜਾਂਚ, ਸਿਵਲ ਸਰਜਨ ਖ਼ੁਦ ਟੀਮ ਨਾਲ ਪਹੁੰਚੇ
"ਹਰ ਸ਼ੁੱਕਰਵਾਰ-ਡੇਂਗੂ 'ਤੇ ਵਾਰ" ਮੁਹਿੰਮ ਤਹਿਤ ਅੱਜ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਨੇ ਪੁਲਿਸ ਸਟੇਸ਼ਨਾਂ ਅਤੇ ਧਾਰਮਿਕ ਸਥਾਨਾਂ ’ਚ ਚੈਕਿੰਗ ਕੀਤੀ ਅਤੇ ਕਿਸੇ ਵੀ ਥਾਂ ਪਾਣੀ ਇਕੱਠਾ ਨਾ ਹੋਣ ਦੇਣ ਲਈ ਅਪੀਲ ਕੀਤੀ।
Publish Date: Fri, 24 Jul 2026 03:17 PM (IST)
Updated Date: Fri, 24 Jul 2026 03:22 PM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ। "ਹਰ ਸ਼ੁੱਕਰਵਾਰ-ਡੇਂਗੂ 'ਤੇ ਵਾਰ" ਮੁਹਿੰਮ ਤਹਿਤ ਅੱਜ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਨੇ ਪੁਲਿਸ ਸਟੇਸ਼ਨਾਂ ਅਤੇ ਧਾਰਮਿਕ ਸਥਾਨਾਂ ’ਚ ਚੈਕਿੰਗ ਕੀਤੀ ਅਤੇ ਕਿਸੇ ਵੀ ਥਾਂ ਪਾਣੀ ਇਕੱਠਾ ਨਾ ਹੋਣ ਦੇਣ ਲਈ ਅਪੀਲ ਕੀਤੀ।
ਮੁਹਾਲੀ ਦੀ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਖੁਦ ਫ਼ੇਜ਼-6 ਪੁਲਿਸ ਚੌਕੀ ਦਾ ਦੌਰਾ ਕੀਤਾ ਅਤੇ ਡੇਂਗੂ ਲਾਰਵੇ ਦੀ ਜਾਂਚ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੁਲਿਸ ਚੌਕੀ ’ਚ ਪਾਣੀ ਇਕੱਠਾ ਹੋਣ ਦੀ ਸੰਭਾਵਨਾ ਵਾਲੀਆਂ ਥਾਵਾਂ ਦਾ ਨਿਰੀਖਣ ਕੀਤਾ। ਇਸ ਮੌਕੇ ਐੱਸ.ਐੱਮ.ਓ. ਡਾ. ਪਰਮਿੰਦਰਜੀਤ ਸਿੰਘ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਅਨਾਮਿਕਾ ਸੋਨੀ ਵੀ ਸਨ। ਉਨ੍ਹਾਂ ਨੇ ਪੂਰੀ ਟੀਮ ਨਾਲ ਚੌਂਕੀ ਦੇ ਅੰਦਰ ਅਤੇ ਬਾਹਰ ਆਲੇ-ਦੁਆਲੇ ਬਰੀਕੀ ਨਾਲ ਜਾਂਚ ਕੀਤੀ। ਡੇਂਗੂ ਬੁਖ਼ਾਰ ਦੀ ਰੋਕਥਾਮ ਲਈ ਪੁਲਿਸ ਮੁਲਾਜ਼ਮਾਂ ਨੂੰ ਲੋੜੀਂਦੀਆਂ ਹਦਾਇਤਾਂ ਵੀ ਦਿੱਤੀਆਂ।
ਡਾ. ਸੰਗੀਤਾ ਜੈਨ ਨੇ ਕਿਹਾ ਕਿ ਡੇਂਗੂ ਤੋਂ ਬਚਾਅ ਲਈ ਸਾਫ਼-ਸਫ਼ਾਈ ਬਣਾਈ ਰੱਖਣਾ ਅਤੇ ਪਾਣੀ ਨੂੰ ਖੜ੍ਹਾ ਨਾ ਹੋਣ ਦੇਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੇ ਆਲੇ-ਦੁਆਲੇ ਸਫ਼ਾਈ ਰੱਖਣ ਅਤੇ ਹਫ਼ਤੇ ’ਚ ਘੱਟੋ-ਘੱਟ ਇੱਕ ਵਾਰ ਡੇਂਗੂ ਲਾਰਵੇ ਦੀ ਜਾਂਚ ਕਰਨ ਲਈ ਪ੍ਰੇਰਿਤ ਕੀਤਾ ਹੈ।
ਪੁਲਿਸ ਚੌਂਕੀ ਦੀ ਖਾਲ੍ਹੀ ਜਗ੍ਹਾ ’ਚ ਖੜੇ ਵਾਹਨਾਂ ਨੇੜੇ ਮੱਛਰਾਂ ਦੀ ਰੋਕਥਾਮ ਲਈ ਦਵਾਈ ਦਾ ਛਿੜਕਾਅ ਵੀ ਕਰਵਾਇਆ ਗਿਆ ਤਾਂ ਦੋ ਬਿਮਾਰੀਆਂ ਪੈਦਾ ਨਾ ਹੋ ਸਕਣ।
ਇਸੇ ਦੌਰਾਨ ਜ਼ਿਲ੍ਹੇ ’ਚ ਵੱਖ-ਵੱਖ ਥਾਈਂ ਸੀਨੀਅਰ ਮੈਡੀਕਲ ਅਫ਼ਸਰਾਂ ਦੀ ਅਗਵਾਈ ਹੇਠ ਸਿਹਤ ਟੀਮਾਂ ਵਲੋਂ ਨਿਰੀਖਣ ਕੀਤਾ ਗਿਆ।