ਅਕਾਲੀ-ਭਾਜਪਾ ਗੱਠਜੋੜ ਨਾਲ ਵਰਕਰਾਂ 'ਚ ਭਾਰੀ ਉਤਸ਼ਾਹ, ਵੰਡੇ ਗਏ ਲੱਡੂ; ਆਗੂਆਂ ਨੇ ਕਿਹਾ- 'ਡਬਲ ਇੰਜਣ' ਸਰਕਾਰ ਲਿਆਵੇਗੀ ਸੂਬੇ ਦੀ ਤਰੱਕੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਗੱਠਜੋੜ ਨੂੰ ਲੈ ਕੇ ਦੋਵੇਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਮੁਹਾਲੀ ਵਿੱਚ ਅਕਾਲੀ ਅਤੇ ਭਾਜਪਾ ਵਰਕਰਾਂ ਨੇ ਇੱਕ ਦੂਜੇ ਨਾਲ ਖੁਸ਼ੀ ਸਾਂਝੀ ਕਰਦਿਆਂ ਲੱਡੂ ਵੰਡੇ ਅਤੇ ਢੋਲ ਦੀ ਥਾਪ 'ਤੇ ਭੰਗੜੇ ਪਾਏ।
Publish Date: Tue, 24 Nov 2026 03:23 PM (IST)
Updated Date: Tue, 24 Nov 2026 03:25 PM (IST)
ਦਰਸ਼ਨ ਸਿੰਘ ਸੋਢੀ, ਪੰਜਾਬੀ ਜਾਗਰਣ, ਮੁਹਾਲੀ : ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਗੱਠਜੋੜ ਨੂੰ ਲੈ ਕੇ ਦੋਵੇਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ। ਮੁਹਾਲੀ ਵਿੱਚ ਅਕਾਲੀ ਅਤੇ ਭਾਜਪਾ ਵਰਕਰਾਂ ਨੇ ਇੱਕ ਦੂਜੇ ਨਾਲ ਖੁਸ਼ੀ ਸਾਂਝੀ ਕਰਦਿਆਂ ਲੱਡੂ ਵੰਡੇ ਅਤੇ ਢੋਲ ਦੀ ਥਾਪ 'ਤੇ ਭੰਗੜੇ ਪਾਏ। ਇਸ ਮੌਕੇ ਭਾਜਪਾ ਸੂਬਾ ਆਗੂ ਹਰਦੇਵ ਸਿੰਘ ਉੱਭਾ, ਸੁੰਦਰ ਲਾਲ ਅਗਰਵਾਲ ਅਤੇ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਸਾਬਕਾ ਚੇਅਰਮੈਨ ਜਸਵੀਰ ਸਿੰਘ ਜੱਸਾ, ਯੂਥ ਆਗੂ ਕੈਪਟਨ ਰਮਨਦੀਪ ਸਿੰਘ ਬਾਵਾ, ਨੰਬਰਦਾਰ ਹਰਵਿੰਦਰ ਸਿੰਘ ਸੋਹਾਣਾ ਅਤੇ ਨਰਿੰਦਰ ਸਿੰਘ ਲਾਂਬਾ ਨੇ ਗੱਠਜੋੜ ਨੂੰ ਸਮੇਂ ਦੀ ਮੁੱਖ ਲੋੜ ਦੱਸਦਿਆਂ ਕਿਹਾ ਕਿ ਇਸ ਫ਼ੈਸਲੇ ਨਾਲ ਪੰਜਾਬ ਦੇ ਲੋਕਾਂ 'ਚ ਖੁਸ਼ੀ ਦੀ ਲਹਿਰ ਅਤੇ ਨਵੀਂ ਉਮੀਦ ਜਾਗੀ ਹੈ।
ਆਗੂਆਂ ਨੇ ਸਾਂਝੇ ਤੌਰ 'ਤੇ ਦਾਅਵਾ ਕੀਤਾ ਕਿ ਕੇਂਦਰ ਅਤੇ ਪੰਜਾਬ ਵਿੱਚ 'ਡਬਲ ਇੰਜਣ' ਦੀ ਸਰਕਾਰ ਬਣਨ ਨਾਲ ਸੂਬੇ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਪੰਜਾਬ ਨਸ਼ਿਆਂ, ਬੇਰੁਜ਼ਗਾਰੀ, ਕਿਸਾਨੀ ਸੰਕਟ, ਉਦਯੋਗਾਂ ਦੀ ਕਮੀ ਅਤੇ ਬੁਨਿਆਦੀ ਸਹੂਲਤਾਂ ਦੀ ਘਾਟ ਵਰਗੀਆਂ ਗੰਭੀਰ ਚੁਣੌਤੀਆਂ ਨਾਲ ਜੂਝ ਰਿਹਾ ਹੈ। ਉਨ੍ਹਾਂ ਅਨੁਸਾਰ, ਸੂਬੇ ਨੂੰ ਇਨ੍ਹਾਂ ਮੁਸ਼ਕਲਾਂ 'ਚੋਂ ਬਾਹਰ ਕੱਢਣ ਲਈ ਇੱਕ ਮਜ਼ਬੂਤ ਅਤੇ ਸਥਿਰ ਸਰਕਾਰ ਦੀ ਲੋੜ ਹੈ, ਜੋ ਕੇਂਦਰ ਸਰਕਾਰ ਦੀਆਂ ਵਿਕਾਸਮੁਖੀ ਯੋਜਨਾਵਾਂ ਦੇ ਸਹਿਯੋਗ ਨਾਲ ਸੜਕਾਂ, ਪੁਲਾਂ, ਸਿਹਤ ਸੇਵਾਵਾਂ, ਸਿੱਖਿਆ ਅਤੇ ਉਦਯੋਗਿਕ ਖੇਤਰ ਵਿੱਚ ਵੱਡੇ ਪੱਧਰ 'ਤੇ ਕੰਮ ਕਰ ਸਕੇ। ਉਨ੍ਹਾਂ ਜ਼ੋਰ ਦਿੱਤਾ ਕਿ ਕਿਸਾਨਾਂ, ਵਪਾਰੀਆਂ, ਉਦਯੋਗਪਤੀਆਂ ਅਤੇ ਨੌਜਵਾਨਾਂ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਨਾ ਗਠਜੋੜ ਦੀ ਪਹਿਲ ਹੋਵੇਗੀ।
2027 ਚੋਣਾਂ ਦਾ ਟੀਚਾ ਅਤੇ ਆਪਸੀ ਏਕਤਾ ਦਾ ਸੱਦਾ ਆਗਾਮੀ ਸਿਆਸੀ ਰਣਨੀਤੀ ਬਾਰੇ ਗੱਲ ਕਰਦਿਆਂ ਆਗੂਆਂ ਨੇ ਭਰੋਸਾ ਜਤਾਇਆ ਕਿ ਦੋਵਾਂ ਪਾਰਟੀਆਂ ਦੇ ਵਰਕਰਾਂ ਦੀ ਮਿਹਨਤ ਅਤੇ ਲੋਕਾਂ ਦੇ ਸਹਿਯੋਗ ਨਾਲ ਅਕਾਲੀ-ਭਾਜਪਾ ਗੱਠਜੋੜ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ 100 ਤੋਂ ਵੱਧ ਸੀਟਾਂ ਜਿੱਤ ਕੇ ਸਰਕਾਰ ਬਣਾਏਗਾ। ਉਨ੍ਹਾਂ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਹਿੱਤਾਂ ਨੂੰ ਸਰਬਉੱਚ ਰੱਖਦਿਆਂ ਇਕਜੁੱਟ ਹੋ ਕੇ ਲੋਕ ਸੇਵਾ ਵਿੱਚ ਜੁਟ ਜਾਣ। ਭਾਜਪਾ ਆਗੂ ਹਰਦੇਵ ਸਿੰਘ ਉੱਭਾ ਨੇ ਸਪੱਸ਼ਟ ਕੀਤਾ ਕਿ ਗੱਠਜੋੜ ਦਾ ਮੁੱਖ ਮਕਸਦ ਸਿਰਫ਼ ਸੱਤਾ ਹਾਸਲ ਕਰਨਾ ਨਹੀਂ, ਸਗੋਂ ਪੰਜਾਬ ਨੂੰ ਨਸ਼ਾ ਮੁਕਤ, ਭ੍ਰਿਸ਼ਟਾਚਾਰ ਮੁਕਤ ਅਤੇ ਰੁਜ਼ਗਾਰ ਯੁਕਤ ਬਣਾ ਕੇ ਅਮਨ-ਸ਼ਾਂਤੀ ਤੇ ਖੁਸ਼ਹਾਲੀ ਦੀ ਨਵੀਂ ਦਿਸ਼ਾ ਦੇਣਾ ਹੈ।